- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੌਦਾਗਰ ਖ਼ਾਨ ਮੁਸਲਿਮ ਵੈੱਲਫੇਅਰ ਬੋਰਡ ਮੁਹਾਲੀ ਦੇ ਚੇਅਰਮੈਨ ਨਿਯੁਕਤ,

-ਧੰਨਵਾਦੀ ਸਮਾਗਮ ’ਚ ਵਿਧਾਇਕ ਕੁਲਵੰਤ ਸਿੰਘ ਤੇ ਹੋਰ ਆਗੂਆਂ ਨੇ ਕੀਤੀ ਸ਼ਿਰਕਤ
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਹਲਕੇ ਦੇ ਪ੍ਰਮੁੱਖ ਮੁਸਲਿਮ ਆਗੂ ਸੌਦਾਗਰ ਖ਼ਾਨ ਨੂੰ ਪੰਜਾਬ ਸਰਕਾਰ ਵੱਲੋਂ ਮੁਸਲਿਮ ਵੈੱਲਫੇਅਰ ਬੋਰਡ' ਜ਼ਿਲ੍ਹਾ ਮੁਹਾਲੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਖ਼ਾਨ ਦੀ ਨਿਯੁਕਤੀ ਨੂੰ ਲੈ ਕੇ ਇਲਾਕੇ ਦੇ ਮੁਸਲਿਮ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ। ਇਸ ਨਿਯੁਕਤੀ ਦੀ ਖ਼ੁਸ਼ੀ ਵਿਚ ਸੌਦਾਗਰ ਖ਼ਾਨ ਅਤੇ ਸਮਰਥਕਾਂ ਵੱਲੋਂ ਧੰਨਵਾਦੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਧਾਇਕ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜ. ਪ੍ਰਭਜੋਤ ਕੌਰ ਸਮੇਤ ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ, ਰਾਜਸੀ ਆਗੂਆਂ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ।
ਇਸ ਮੌਕੇ ਬੋਲਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਉਮੀਦ ਜਤਾਈ ਕਿ ਸੌਦਾਗਰ ਖ਼ਾਨ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਹ ਮੁਸਲਿਮ ਭਾਈਚਾਰੇ ਦੀ ਸਲਾਮਤੀ, ਭਲਾਈ, ਵਿਕਾਸ ਅਤੇ ਚੜ੍ਹਦੀ ਕਲਾ ਲਈ ਅਹਿਮ ਕਾਰਜ ਕਰਨਗੇ ਅਤੇ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦਾ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਇਕ ਬਹੁਤ ਹੀ ਇਮਾਨਦਾਰ ਅਤੇ ਯੋਗ ਆਗੂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨਾਲ ਹੇਠਲੇ ਪੱਧਰ 'ਤੇ ਕੰਮ ਕਰਨ ਵਾਲੇ ਵਰਕਰਾਂ ਦਾ ਮਾਣ-ਸਤਿਕਾਰ ਵਧਿਆ ਹੈ। ਸਮਾਗਮ ਦੌਰਾਨ ਮੁੱਖ ਮਹਿਮਾਨਾਂ ਅਤੇ ਹੋਰਨਾਂ ਆਗੂਆਂ ਨੇ ਨਵ-ਨਿਯੁਕਤ ਚੇਅਰਮੈਨ ਸੌਦਾਗਰ ਖ਼ਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ ਨੇ ਕਿਹਾ ਕਿ ਸੌਦਾਗਰ ਖ਼ਾਨ ਇਕ ਬਹੁਤ ਹੀ ਕਾਬਿਲ, ਮਿਹਨਤੀ ਅਤੇ ਸਮਝਦਾਰ ਸ਼ਖ਼ਸੀਅਤ ਹਨ, ਜੋ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਤਤਪਰ ਰਹਿੰਦੇ ਹਨ।
ਇਸ ਤੋਂ ਪਹਿਲਾਂ ਨਵ-ਨਿਯੁਕਤ ਚੇਅਰਮੈਨ ਸੌਦਾਗਰ ਖ਼ਾਨ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਉਸ 'ਤੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਉਹ ਬਿਨਾਂ ਕਿਸੇ ਭੇਦਭਾਵ ਤੋਂ ਆਪਣਾ ਕੰਮ ਕਰਨਗੇ ਅਤੇ ਬੋਰਡ ਦੀਆਂ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਗੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਕੌਂਸਲਰ ਗੁਰਪ੍ਰੀਤ ਕੌਰ ਤੇ ਕੁਲਵਿੰਦਰ ਕੌਰ, ਦਰਸ਼ਨ ਸਿੰਘ ਮਟੌਰ, ਰਣਦੀਪ ਸਿੰਘ ਬੈਦਵਾਨ, ਐਸਸੀ ਵਿੰਗ ਦੇ ਪ੍ਰਧਾਨ ਮਨਦੀਪ ਸਿੰਘ, ਨੰਬਰਦਾਰ ਕਰਨਜੀਤ ਸਿੰਘ, ਜਸਪਾਲ ਸਿੰਘ ਬਿੱਲਾ, ਸੁਰਿੰਦਰ ਮਟੌਰ, ਸਿਤਾਰ ਖਾਨ ਅਤੇ ਸਲੀਮ ਖਾਨ ਵੀ ਮੌਜੂਦ ਸਨ।