ਐੱਸਡੀਐੱਮ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ ਐੱਸਡੀਐੱਮ ਵੱਲੋਂ ਮੰਡੀਆਂ ਦਾ ਦੌਰਾ
Publish Date: Wed, 07 Oct 2026 09:07 PM (IST)
Updated Date: Wed, 07 Oct 2026 09:08 PM (IST)
ਮੰਡੀਆਂ ਦਾ ਦੌਰਾ ਕਰ ਕੇ ਕਿਸਾਨਾਂ, ਆੜ੍ਹਤੀਆਂ ਤੇ ਖ਼ਰੀਦ ਏਜੰਸੀਆਂ ਨਾਲ ਕੀਤੀ ਗੱਲਬਾਤ ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ ਖਰੜ : ਐੱਸਡੀਐੱਮ ਖਰੜ ਗੁਰਮੀਤ ਸਿੰਘ ਵੱਲੋਂ ਖਰੜ ਸਬ-ਡਵੀਜ਼ਨ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਮੰਡੀਆਂ ਵਿਚ ਕੰਡਿਆਂ ਦੀ ਚੈਕਿੰਗ ਕੀਤੀ ਗਈ ਅਤੇ ਲਿਫਟਿੰਗ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ, ਆੜ੍ਹਤੀਆਂ ਤੇ ਖ਼ਰੀਦ ਏਜੰਸੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਵੱਲੋਂ ਦਾਊਂ ਮਾਜਰਾ ਅਤੇ ਕੁਰਾਲੀ ਮੰਡੀਆਂ ਦਾ ਵੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕੀ ਫ਼ਸਲ ਹੀ ਲਿਆਂਦੀ ਜਾਵੇ। ਇਸ ਤੋਂ ਇਲਾਵਾ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਵਾਢੀ ਨਾ ਕੀਤੀ ਜਾਵੇ। ਐੱਸਡੀਐੱਮ ਖਰੜ ਵੱਲੋਂ ਦੌਰੇ ਤੋਂ ਬਾਅਦ ਖਰੜ ਹਲਕੇ ਦੇ ਕਲੱਸਟਰ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਪਿੰਡਾਂ ਵਿਚ ਸਰਗਰਮ ਰਹਿਣ ਅਤੇ ਕਿਸਾਨਾਂ, ਸਰਪੰਚਾਂ, ਪੰਚਾਂ ਅਤੇ ਨੰਬਰਦਾਰਾਂ ਨਾਲ ਲਗਾਤਾਰ ਤਾਲਮੇਲ ਬਣਾ ਕੇ ਰੱਖਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਪਰਾਲੀ ਦੇ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਲੱਗਣ ਦੀ ਕਿਸੇ ਵੀ ਘਟਨਾ ਦੀ ਤੁਰੰਤ ਰਿਪੋਰਟ ਕੀਤੀ ਜਾਵੇ ਅਤੇ ਲੋੜ ਅਨੁਸਾਰ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ’ਤੇ ਤੁਰੰਤ ਕਾਬੂ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਗ ਲਗਾਕੇ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ (ਸੁਪਰ ਸੀਡਰ, ਹੈਪੀ ਸੀਡਰ, ਬੇਲਰ ਅਤੇ ਹੋਰ ਸੰਦ) ਛੋਟੇ ਅਤੇ ਸੀਮਤ ਕਿਸਾਨਾਂ ਸਮੇਤ ਸਾਰੇ ਕਿਸਾਨਾਂ ਤੱਕ ਪਹਿਲ ਦੇ ਆਧਾਰ ’ਤੇ ਪਹੁੰਚਾਈ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ-ਮੁਕਤ ਰੱਖਣ ’ਚ ਪ੍ਰਸ਼ਾਸਨ ਦਾ ਸਹਿਯੋਗ ਕਰਨ।