ਚੰਡੀਗੜ੍ਹ ਵੱਲੋਂ ਆ ਰਹੇ ਸੀਵਰੇਜ ਦੇ ਪਾਣੀ ਨੂੰ ਤੁਰੰਤ ਰੋਕਿਆ ਜਾਵੇ : ਮੇਅਰ
ਚੰਡੀਗੜ੍ਹ ਵੱਲੋਂ ਆ ਰਹੇ ਸੀਵਰੇਜ ਪਾਣੀ ਨੂੰ ਤੁਰੰਤ ਰੋਕਿਆ ਜਾਵੇ : ਮੇਅਰ ਅਮਰਜੀਤ ਸਿੰਘ ਸਿੱਧੂ,
Publish Date: Mon, 16 Mar 2026 08:25 PM (IST)
Updated Date: Mon, 16 Mar 2026 08:28 PM (IST)

- ਮੁਹਾਲੀ ਮੇਅਰ ਨੇ ਲਿਖਿਆ ਗਵਰਨਰ ਪੰਜਾਬ ਨੂੰ ਪੱਤਰ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਮਾਣਯੋਗ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਐੱਨ-ਚੋਅ ਵਿਚ ਆ ਰਹੇ ਸੀਵਰੇਜ ਦੇ ਪਾਣੀ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ ਹੈ। ਮੇਅਰ ਨੇ ਆਪਣੇ ਪੱਤਰ ਵਿਚ ਕਿਹਾ ਕਿ ਐੱਨ-ਚੋਅ ਚੰਡੀਗੜ੍ਹ ਤੋਂ ਹੁੰਦਾ ਹੋਇਆ ਮੁਹਾਲੀ ਸ਼ਹਿਰ ਦੇ ਕਈ ਇਲਾਕਿਆਂ ਵਿਚੋਂ ਲੰਘਦਾ ਹੈ। ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਸੀਵਰੇਜ ਅਤੇ ਸਟਾਰਮ ਵਾਟਰ ਐੱਸਏਐੱਸ ਨਗਰ ਦੀ ਹੱਦ ਅੰਦਰ ਪੈਂਦੇ ਐੱਨ-ਚੋਅ ਵਿਚ ਛੱਡਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਵੀ 28 ਅਗਸਤ 2023 ਨੂੰ ਅਰਧ-ਸਰਕਾਰੀ ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਸੀ। ਐੱਨ-ਚੋਅ ਅਸਲ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਿਆ ਇਕ ਸੀਜ਼ਨਲ ਡਰੇਨ ਹੈ ਅਤੇ ਇਸ ਦਾ ਇਸਤੇਮਾਲ ਸੀਵਰੇਜ ਪਾਣੀ ਲਈ ਨਹੀਂ ਕੀਤਾ ਜਾ ਸਕਦਾ ਅਤੇ ਕਿਸੇ ਵੀ ਹਾਲਤ ਵਿਚ ਨਹੀਂ ਕਰਨਾ ਚਾਹੀਦਾ। ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸੀਵਰੇਜ ਪਾਣੀ ਆਉਣ ਕਾਰਨ ਸ਼ਹਿਰ ਦੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰ ਕੇ ਇਹ ਗੰਦਾ ਪਾਣੀ ਮੁਹਾਲੀ ਦੇ ਨੇਚਰ ਪਾਰਕ ਵਿਚ ਦਾਖ਼ਲ ਹੋ ਜਾਂਦਾ ਹੈ, ਜਿਸ ਕਾਰਨ ਉੱਥੇ ਬਹੁਤ ਜ਼ਿਆਦਾ ਬਦਬੂ ਫੈਲਦੀ ਹੈ। ਇਹ ਪਾਰਕ ਸਵੇਰੇ ਅਤੇ ਸ਼ਾਮ ਨੂੰ ਸੈਰ ਕਰਨ ਆਉਣ ਵਾਲੇ ਲੋਕਾਂ ਲਈ ਮਸ਼ਹੂਰ ਹੈ, ਪਰ ਮੌਜੂਦਾ ਹਾਲਾਤ ਕਾਰਨ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਦੋਵਾਂ ’ਤੇ ਮਾੜਾ ਅਸਰ ਪੈ ਰਿਹਾ ਹੈ। ਪੱਤਰ ਵਿਚ ਮੇਅਰ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਵੀ ਅਪੀਲ ਕੀਤੀ ਹੈ ਕਿ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਐੱਨ-ਚੋਅ ਵਿਚ ਆ ਰਹੇ ਸੀਵਰੇਜ ਪਾਣੀ ਨੂੰ ਫੌਰੀ ਤੌਰ ’ਤੇ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਜਾਣ, ਤਾਂ ਜੋ ਮੁਹਾਲੀ ਦੇ ਵਾਸੀਆਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ।