ਸੀਵਰੇਜ ਜਾਮ ਹੋਣ ਕਾਰਨ ਲੋਕ ਡਾਹਢੇ ਪਰੇਸ਼ਾਨ
ਮੁਹੱਲੇ 'ਚ ਸੀਵਰੇਜ ਦੇ ਗੰਦੇ ਪਾਣੀ ਨੇ ਮਚਾਈ ਤਰਾਹੀ-ਤਰਾਹੀ, ਪ੍ਰਸ਼ਾਸਨ ਦੀ ਚੁੱਪ ਤੋਂ ਲੋਕਾਂ 'ਚ ਭਾਰੀ ਰੋਸ
Publish Date: Sat, 07 Mar 2026 06:55 PM (IST)
Updated Date: Sun, 08 Mar 2026 04:13 AM (IST)
ਪ੍ਰਸ਼ਾਸਨ ਦੀ ਚੁੱਪ ਤੋਂ ਲੋਕਾਂ 'ਚ ਭਾਰੀ ਰੋਸ
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਤਹਿਸੀਲ ਕੰਪਲੈਕਸ ਦੇ ਨੇੜੇ ਸਥਿਤ ਲੁਹਾਰਾ ਵਾਲੇ ਮੁਹੱਲੇ ਵਿਚ ਸੀਵਰੇਜ ਪ੍ਰਣਾਲੀ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਇਲਾਕਾ ਨਿਵਾਸੀ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ। ਪਿਛਲੇ ਕਈ ਦਿਨਾਂ ਤੋਂ ਗਲੀ ਵਿਚ ਖੜ੍ਹੇ ਸੀਵਰੇਜ ਦੇ ਬਦਬੂਦਾਰ ਪਾਣੀ ਕਾਰਨ ਮੁਹੱਲਾ ਵਾਸੀਆਂ ਦਾ ਘਰਾਂ ਵਿਚ ਰਹਿਣਾ ਮੁਸ਼ਕਲ ਹੋ ਗਿਆ ਹੈ, ਪਰ ਨਗਰ ਕੌਂਸਲ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ।
ਸਥਾਨਕ ਲੋਕਾਂ ਨੇ ਦੱਸਿਆ ਕਿ ਗਲੀਆਂ ਵਿਚ ਜਮ੍ਹਾਂ ਹੋਏ ਗੰਦੇ ਪਾਣੀ ਕਾਰਨ ਭਿਆਨਕ ਬਦਬੂ ਫੈਲ ਰਹੀ ਹੈ। ਇਸ ਗੰਦਗੀ ਉਪਰ ਮੱਛਰਾਂ ਅਤੇ ਮੱਖੀਆਂ ਦੀ ਭਰਮਾਰ ਹੋ ਗਈ ਹੈ, ਜਿਸ ਕਾਰਨ ਇਲਾਕੇ ਵਿਚ ਡੇਂਗੂ, ਮਲੇਰੀਆ ਤੇ ਹੈਜ਼ਾ ਵਰਗੀਆਂ ਖ਼ਤਰਨਾਕ ਬਿਮਾਰੀਆਂ ਫ਼ੈਲਣ ਦਾ ਡਰ ਸਤਾ ਰਿਹਾ ਹੈ। ਸਕੂਲ ਜਾਣ ਵਾਲੇ ਬੱਚਿਆਂ ਤੇ ਬਜ਼ੁਰਗਾਂ ਨੂੰ ਇਸੇ ਗੰਦੇ ਪਾਣੀ ਵਿਚੋਂ ਲੰਘ ਕੇ ਜਾਣਾ ਪੈਂਦਾ ਹੈ, ਜਿਸ ਨਾਲ ਹਾਦਸਿਆਂ ਅਤੇ ਇਨਫੈਕਸ਼ਨ ਦਾ ਖ਼ਤਰਾ ਲਗਾਤਾਰ ਬਣਿਆ ਹੋਇਆ ਹੈ।
ਮੁਹੱਲਾ ਨਿਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕਈ ਵਾਰ ਨਗਰ ਕੌਂਸਲ ਦੇ ਦਫ਼ਤਰ ਵਿਚ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਮੌਕੇ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ ਹੈ ਪਰ ਹੁਣ ਤੱਕ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਸਾਰ ਲੈਣ ਨਹੀਂ ਪਹੁੰਚਿਆ। ਮੁਹੱਲਾ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਨਗਰ ਕੌਂਸਲ ਨੇ ਜਲਦੀ ਹੀ ਸੀਵਰੇਜ ਦੀ ਸਫ਼ਾਈ ਕਰਵਾ ਕੇ ਪਾਣੀ ਦੀ ਨਿਕਾਸੀ ਨਾ ਕੀਤੀ, ਤਾਂ ਉਹ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ।
ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਾ ਬੰਦ ਕੀਤਾ ਜਾਵੇ ਅਤੇ ਤੁਰੰਤ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇ। ਜਦੋਂ ਇਸ ਬਾਰੇ ਜੇਈ ਸਿਵਲ ਵਰਕਸ ਕੰਵਲਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਕੈਬੀ ਵੈਨਾਂ ਦੋ ਵਾਰ ਭੇਜੀਆਂ ਗਈਆਂ ਪਰ ਕਿਸੇ ਨੇ ਉਸਾਰੀ ਦੌਰਾਨ ਪਾਈਪ ਲਾਈਨ ਚੈਂਬਰ ਵਿਚ ਮਲਬਾ ਸੁੱਟ ਦਿੱਤਾ, ਜਿਸ ਕਾਰਨ ਲਾਈਨ ਬੰਦ ਹੋ ਗਈ ਹੈ। ਜਿਸ ਨੂੰ ਜਲਦੀ ਹੀ ਦੁਬਾਰਾ ਖੋਲਕੇ ਗਲੀ ਵਿਚ ਖੜ੍ਹੇ ਸੀਵਰੇਜ ਦੇ ਦੂਸ਼ਿਤ ਪਾਣੀ ਦੀ ਨਿਕਾਸੀ ਕਰਵਾ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਮੁਹੱਲਾ ਵਾਸੀਆਂ ਨੂੰ ਰਾਹਤ ਮਿਲੇਗੀ।