ਸੀਵਰੇਜ ਦਾ ਗੰਦਾ ਪਾਣੀ ਸੜਕਾਂ 'ਤੇ ਫੈਲਿਆ; ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਵਾਰਡ ਵਾਸੀ
ਸੀਵਰੇਜ ਦਾ ਗੰਦਾ ਪਾਣੀ ਸੜਕਾਂ 'ਤੇ ਫੈਲਿਆ; ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਵਾਰਡ ਵਾਸੀ
Publish Date: Mon, 16 Feb 2026 08:36 PM (IST)
Updated Date: Mon, 16 Feb 2026 08:39 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਦੇ ਵਾਰਡ ਨੰ. 19 ਵਿਚ ਸਥਿਤ ਜਾਮਾ ਮਸਜਿਦ ਦੇ ਆਲੇ-ਦੁਆਲੇ ਸੀਵਰੇਜ ਸਿਸਟਮ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਦੂਸ਼ਿਤ ਪਾਣੀ ਮੁੱਖ ਸੜਕਾਂ ਅਤੇ ਗਲੀਆਂ ਵਿਚ ਜਮ੍ਹਾਂ ਹੋ ਰਿਹਾ ਹੈ, ਜਿਸ ਕਾਰਨ ਪੂਰੇ ਇਲਾਕੇ ਵਿਚ ਭਿਆਨਕ ਬਦਬੂ ਫੈਲ ਚੁੱਕੀ ਹੈ। ਵਾਰਡ ਵਾਸੀਆਂ ਨੇ ਦੱਸਿਆ ਕਿ ਜਾਮਾ ਮਸਜਿਦ ਦੇ ਨੇੜੇ ਸੜਕ ਕਿਨਾਰੇ ਵਾਰਡ ਨੰ. 19 ਵਿਚ ਸੜਕਾਂ ਤੇ ਖੜ੍ਹੇ ਗੰਦੇ ਪਾਣੀ ਕਾਰਨ ਮੱਛਰਾਂ ਦੀ ਭਰਮਾਰ ਹੋ ਗਈ ਹੈ, ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਭਿਆਨਕ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਸੜਕ ਤੇ ਪਾਣੀ ਭਰਿਆ ਹੋਣ ਕਾਰਨ ਵਾਹਨ ਚਾਲਕਾਂ, ਖ਼ਾਸ ਕਰਕੇ ਦੁਪਹੀਆ ਵਾਹਨ ਸਵਾਰਾਂ ਨੂੰ ਲੰਘਣ ਵੇਲੇ ਕਾਫ਼ੀ ਦਿੱਕਤ ਆ ਰਹੀ ਹੈ। ਕਈ ਵਾਰ ਪਾਣੀ ਵਿਚ ਪਤਾ ਨਾ ਲੱਗਣ ਕਾਰਨ ਹਾਦਸੇ ਵੀ ਵਾਪਰ ਚੁੱਕੇ ਹਨ। ਮਸਜਿਦ ਦੇ ਨੇੜੇ ਗੰਦਗੀ ਫੈਲੀ ਹੋਣ ਕਾਰਨ ਨਮਾਜ਼ ਅਦਾ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਬੇਹੱਦ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਾਰਡ ਵਾਸੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਇਸ ਸਬੰਧੀ ਕਈ ਵਾਰ ਨਗਰ ਕੌਂਸਲ ਨੂੰ ਸ਼ਿਕਾਇਤ ਕੀਤੀ ਜਾ ਚੁੱਕੀ ਹੈ, ਪਰ ਅਜੇ ਤੱਕ ਕੋਈ ਪੁਖ਼ਤਾ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਸੀਵਰੇਜ ਦੀ ਸਫ਼ਾਈ ਨਾ ਕਰਵਾਈ ਗਈ ਤਾਂ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਵਾਰਡ ਵਾਸੀਆਂ ਨੇ ਦੱਸਿਆ ਕਿ ਸੜਕਾਂ ਤੇ ਫੈਲੀ ਗੰਦਗੀ ਕਾਰਨ ਉਨ੍ਹਾਂ ਦਾ ਘਰਾਂ ਤੋਂ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਇਸ ਪਾਸੇ ਧਿਆਨ ਦੇਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।