- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਡੀਜੀਪੀ ਨੂੰ ਦਿੱਤੀ ਮੁੱਖ ਮੰਤਰੀ ਖਿਲਾਫ਼ ਸ਼ਿਕਾਇਤ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਸ਼ੁੱਕਰਵਾਰ ਨੂੰ ਡੀਜੀਪੀ ਪੰਜਾਬ ਨੂੰ ਮੁੱਖ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਲਈ ਸ਼ਿਕਾਇਤ ਦਰਜ ਕਰਵਾਈ ਹੈ। ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਅਮਰਬੀਰ ਸਿੰਘ ਰਾਏ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਸ਼ਿਕਾਇਤ ਦੀ ਕਾਪੀ ਸੌਂਪੀ। ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੰਗਵਿੰਦਰ ਸਿੰਘ ਖਾਪੜਖੇੜੀ, ਵਧੀਕ ਸਕੱਤਰ ਲਖਬੀਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਇਸ ਵਿਵਾਦਤ ਵੀਡੀਓ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਸ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਫੋਟੋ ਨਾਲ ਘਿਨਾਉਣੀ ਹਰਕਤ ਕੀਤੀ ਗਈ ਹੈ, ਜਿਸ ਨਾਲ ਦੁਨੀਆ ਭਰ ਵਿਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਸ਼੍ਰੋਮਣੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਗੰਭੀਰ ਮਾਮਲੇ ਨੂੰ ਦਬਾਉਣ ਲਈ ਮੁੱਖ ਮੰਤਰੀ ਨੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਕਥਿਤ ਤੌਰ ’ਤੇ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੀ ਵੀ ਸਾਜ਼ਿਸ਼ ਰਚੀ, ਜਿਸ ਸਬੰਧੀ ਹਰਿਆਣਾ ’ਚ ਗੁਰੂਗ੍ਰਾਮ ਦੇ ਡੀਐੱਲਐੱਫ ਥਾਣੇ ਵਿਚ ਸਬੰਧਿਤ ਵਿਅਕਤੀਆਂ ਵਿਰੁੱਧ ਐੱਫਆਈਆਰ ਵੀ ਦਰਜ ਹੋ ਚੁੱਕੀ ਹੈ। ਇਹ ਬੇਹੱਦ ਸੰਜੀਦਾ ਤੇ ਗੰਭੀਰ ਮਾਮਲਾ ਹੈ, ਜਿਸ ਲਈ ਭਾਰਤੀ ਕਾਨੂੰਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਤੁਰੰਤ ਐੱਫਆਈਆਰ ਦਰਜ ਕਰ ਕੇ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਦੋਸ਼ ਸਾਬਤ ਹੋਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ, ਤਾਂ ਜੋ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਅਤੇ ਕਾਨੂੰਨ ਦੀ ਮਰਿਆਦਾ ਬਰਕਰਾਰ ਰਹੇ। ਡੀਜੀਪੀ ਦਫ਼ਤਰ ’ਚ ਸ਼ਿਕਾਇਤ ਦੇਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ 27 ਜੂਨ ਨੂੰ ਹੋਈ ਜਨਰਲ ਇਕੱਤਰਤਾ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਅੰਤ੍ਰਿੰਗ ਕਮੇਟੀ ਨੂੰ ਇਸ ਮਾਮਲੇ ਵਿਚ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਉਸੇ ਮਤੇ ਦੀ ਰੌਸ਼ਨੀ ਅੱਜ ਡੀਜੀਪੀ ਪੰਜਾਬ ਦੇ ਨਾਂ ਇਹ ਸ਼ਿਕਾਇਤ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਇਨ੍ਹਾਂ ਦੀ ਸਰਕਾਰ ਵੱਲੋਂ ਜਾਅਲੀ ਰਿਪੋਰਟ ਤਿਆਰ ਕਰਵਾ ਕੇ ਇਸ ਮਾਮਲੇ ਨੂੰ ਪ੍ਰਭਾਵਿਤ ਕਰਨ ਦੀ ਘਿਨਾਉਣੀ ਹਰਕਤ ਕੀਤੀ ਗਈ, ਜਿਸ ਸਬੰਧੀ ਹਰਿਆਣਾ ਪੁਲਿਸ ਵੱਲੋਂ ਪਰਚਾ ਵੀ ਦਰਜ ਹੋ ਚੁੱਕਾ ਹੈ। ਮੁੱਖ ਸਕੱਤਰ ਨੇ ਕਿਹਾ ਕਿ ਇਹ ਸੰਸਾਰ ਭਰ ਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਮਾਮਲਾ ਹੈ ਅਤੇ ਇਸ ਸਬੰਧੀ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ।