ਸ਼ੀਤਲ ਅੰਗੂਰਾਲ ਬਣੇ ਭਾਜਪਾ ਐੱਸਸੀ ਮੋਰਚੇ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ
Publish Date: Fri, 04 Sep 2026 07:44 PM (IST)
Updated Date: Sat, 05 Sep 2026 04:04 AM (IST)
* ਕੇਵਲ ਸਿੰਘ ਢਿੱਲੋਂ ਨੇ ਵਧਾਈ ਦਿੰਦਿਆਂ ਕਿਹਾ; ਅੰਗੂਰਾਲ ਦੀ ਅਗਵਾਈ ਹੇਠ ਮੋਰਚਾ ਪੰਜਾਬ ’ਚ ਹੋਰ ਮਜ਼ਬੂਤ ਹੋਵੇਗਾ ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਐੱਸਸੀ ਮੋਰਚਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਨੇ ਪੰਜਾਬ ਭਾਜਪਾ ਦਫ਼ਤਰ ਵਿਖੇ ਸਮਾਗਮ ਦੌਰਾਨ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ। ਸਮਾਗਮ ’ਚ ਐੱਸਸੀ ਮੋਰਚਾ ਦੇ ਕੌਮੀ ਜਨਰਲ ਸਕੱਤਰ ਸੰਜੇ ਨਿਰਮਲ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਸੂਬਾ ਪ੍ਰਧਾਨ ਐੱਸਆਰ ਲੱਧੜ, ਕੌਮੀ ਸਕੱਤਰ ਸੰਤੋਖ ਸਿੰਘ ਗੁਮਟਾਲਾ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਸਮੇਤ ਮੋਰਚੇ ਦੇ ਅਹੁਦੇਦਾਰ, ਜ਼ਿਲ੍ਹਾ ਆਗੂ ਤੇ ਵੱਡੀ ਗਿਣਤੀ ’ਚ ਵਰਕਰ ਮੌਜੂਦ ਸਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ਼ੀਤਲ ਅੰਗੂਰਾਲ ਮਿਹਨਤੀ, ਸਰਗਰਮ ਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂ ਹਨ। ਉਨ੍ਹਾਂ ਕਿਹਾ ਕਿ ਅੰਗੂਰਾਲ ਦੀ ਅਗਵਾਈ ਹੇਠ ਐੱਸਸੀ ਮੋਰਚਾ ਸੂਬੇ ਭਰ ’ਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਨਵੇਂ ਪ੍ਰਧਾਨ ਨੂੰ ਸੀਨੀਅਰ ਆਗੂਆਂ ਦੇ ਤਜਰਬੇ ਤੇ ਸਹਿਯੋਗ ਦਾ ਲਾਭ ਲੈਣ ਦੀ ਅਪੀਲ ਕੀਤੀ। ‘ਆਪ’ ਸਰਕਾਰ ਹਰ ਮੋਰਚੇ ’ਤੇ ਨਾਕਾਮ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਮੌਕੇ ਦੇਸ਼ ਭਰ ’ਚ ‘ਸਮਰਸਤਾ ਸੰਕਲਪ ਮੁਹਿੰਮ’ ਚਲਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਹਰ ਪੱਖੋਂ ਪਿੱਛੇ ਧੱਕ ਦਿੱਤਾ ਹੈ ਅਤੇ ਨਸ਼ਿਆਂ, ਕਾਨੂੰਨ-ਵਿਵਸਥਾ ਤੇ ਗੈਂਗਸਟਰਵਾਦ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਤੋਂ ਬਦਲਾਅ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਵਰਕਰਾਂ ਨੂੰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਰੱਖਣ ਦੇ ਨਾਲ ਕੇਂਦਰ ਦੀਆਂ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਤੇ ਆਉਣ ਵਾਲੇ ਪਾਰਟੀ ਪ੍ਰੋਗਰਾਮਾਂ ’ਚ ਐੱਸਸੀ ਮੋਰਚੇ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣ ਦੀ ਅਪੀਲ ਕੀਤੀ।