ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਸੁਰੱਖਿਆ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & Haryana High Court) ਨੇ ਪੰਜਾਬ ਸਰਕਾਰ (Punjab Govt) ਨੂੰ ਝਟਕਾ ਦਿੰਦਿਆਂ ਪਿੰਕੀ ਦੀ ਸੁਰੱਖਿਆ ਬਹਾਲ ਕਰਨ ਲਈ ਆਖਿਆ ਹੈ। ਅੱਜ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਪਿੰਕੀ ਦੀ ਸੁਰੱਖਿਆ 'ਚ ਦੋ ਹੋਰ ਸੁਰੱਖਿਆ ਮੁਲਾਜ਼ਮ ਤਾਇਨਾਤ ਕਰਨ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸੁਰੱਖਿਆ ਕੋਈ ਸਟੇਟਸ ਸਿੰਬਲ ਨਹੀਂ। ਸੱਤਾ 'ਚ ਆਉਂਦਿਆਂ ਹੀ ਸਿਆਸਤਦਾਨਾਂ ਦੀ ਸੁਰੱਖਿਆ 'ਚ ਕਟੌਤੀ ਕਰਨ ਵਾਲੀ 'ਆਪ' ਸਰਕਾਰ ਤੋਂ ਵੀ ਹਾਈ ਕੋਰਟ ਨੇ ਜਵਾਬ ਮੰਗਿਆ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋਣ ਦਾ ਹਵਾਲਾ ਦੇ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਪਿੰਕੀ ਦੇ ਵਕੀਲ ਨੇ ਹਾਈ ਕੋਰਟ ਨੂੰ y ਸ਼੍ਰੇਣੀ ਸੁਰੱਖਿਆ ਵਾਪਸ ਦੇਣ ਦੀ ਅਪੀਲ ਕੀਤੀ ਸੀ।

ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਪਿੰਕੀ ਨੂੰ ਕਾਂਗਰਸ ਸਰਕਾਰ ਵੱਲੋਂ ਮਿਲੀ ਹੋਈ ਜ਼ੈੱਡ ਪਲੱਸ ਸਕਿਉਰਿਟੀ ਤਹਿਤ ਪਹਿਲੋਂ 28 ਸੁਰੱਖਿਆ ਕਰਮੀ ਤੇ ਇਕ ਪਾਇਲਟ ਮਿਲੀ ਹੋਈ ਸੀ। ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਸਮੀਖਿਆ ਮਗਰੋਂ ਪਰਮਿੰਦਰ ਸਿੰਘ ਪਿੰਕੀ ਦੇ 26 ਮੁਲਾਜ਼ਮ ਵਾਪਸ ਬੁਲਾ ਲਏ ਗਏ ਸਨ।

Posted By: Seema Anand