ਸੀਨੀਅਰ ਰਿਪੋਰਟਰ, ਐੱਸਏਐੱਸ ਨਗਰ : ਐੱਸਏਐੱਸ ਨਗਰ ਸ਼ਹਿਰ ਪੰਜਾਬ ਦਾ ਪ੍ਰਵੇਸ਼ ਦੁਆਰ ਹੈ ਅਤੇ ਇਸ ਦੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਖੜੋਤ ਅਤੇ ਨਾ ਹੀ ਧੰਨ ਦੀ ਕਮੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਪਿੰਡ ਮਦਨਪੁਰਾ ਵਿਖੇ ਕੌਂਸਲਰ ਰਜਿੰਦਰ ਸਿੰਘ ਰਾਣਾ ਦੇ ਵਾਰਡ ਵਿਚ 15 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਪੇਵਰ ਬਲਾਕ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਨ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਨੇ ਅੰਤਰ ਰਾਸ਼ਟਰੀ ਪੱਧਰ 'ਤੇ ਵੀ ਆਪਣੀ ਵੱਖਰੀ ਪਹਿਚਾਣ ਬਣਾਈ ਹੈ ਅਤੇ ਇਹ ਸ਼ਹਿਰ ਲਗਾਤਾਰ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਇਸ ਸ਼ਹਿਰ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ। ਸ਼ਹਿਰ ਦੇ ਦਾਖਲਾ ਪੁਆਇੰਟਾ ਦੇ ਸੁੰਦਰੀਕਰਨ ਦਾ ਕੰਮ ਵੀ ਜਲਦੀ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਉਹ ਐਸ.ਏ.ਐਸ.ਨਗਰ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਨੂੰ ਵੀ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਨਿਵਾਸੀਆਂ ਨੁੰ ਵੀ ਅਪੀਲ ਕੀਤੀ ਕਿ ਉਹ ਐਸ.ਏ.ਐਸ.ਨਗਰ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਨਗਰ ਨਿਗਮ ਵੱਲੋਂ ਚਲਾਏ ਜਾ ਰਹੇ ਸਫਾਈ ਕਾਰਜਾਂ ਵਿਚ ਆਪਣਾ ਹਰ ਤਰ੍ਹਾਂ ਦਾ ਸਹਿਯੋਗ ਦੇਣ। ਉਨ੍ਹਾਂ ਹੋਰ ਕਿਹਾ ਕਿ ਪਿਛਲੀ ਸਰਕਾਰ ਸਮੇਂ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਲੋਕ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝੇ ਰਹੇ। ਉਨ੍ਹਾਂ ਯਕੀਨ ਦਿਵਾਇਆ ਕਿ ਹੁਣ ਇਨ੍ਹਾਂ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਸਿੱਧੂ ਨੇ ਕਿਰਤ ਵਿਭਾਗ ਵਲੋਂ ਲਗਾਏ ਗਏ ਜਾਗਰੂਕਤਾ ਕੈਂਪ ਦਾ ਜਾਇਜ਼ਾ ਵੀ ਲਿਆ ਅਤੇ ਕਿਰਤੀ ਕਾਮਿਆਂ ਨੂੰ ਕਿਰਤ ਵਿਭਾਗ ਵਲੋਂ ਸ਼ੁਰੂ ਕੀਤੀਆਂ ਗਈਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਆਖਿਆ। ਇਸ ਮੌਕੇ ਸਿੱਧੂ ਦੇ ਸਿਆਸੀ ਸਕੱਤਰ ਸ੫ੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕੌਂਸਲਰ ਰਜਿੰਦਰ ਸਿੰਘ ਰਾਣਾ, ਏ.ਸੀ.ਏ.ਗਮਾਡਾ ਸ੫ੀ ਰਜੇਸ਼ ਧੀਮਾਨ , ਐਸ.ਸੀ. ਮੁਕੇਸ਼ ਗਰਗ, ਐਕਸੀਅਨ ਨਰਿੰਦਰ ਸਿੰਘ ਦਾਲਮ, ਐਸ.ਡੀ.ਓ. ਅਵਨੀਤ ਕੌਰ ਤੇ ਕਮਲਦੀਪ, ਗੁਰਪਾਲ ਸਿੰਘ ਮਦਨਪੁਰ, ਬੁੱਧਰਾਮ, ਸੁਰਜੀਤ ਸਿੰਘ , ਲਖਵੀਰ ਸਿੰਘ , ਕਮਲਦੀਪ ਸਿੰਘ , ਸੁਖਵਿੰਦਰ ਸਿੰਘ, ਅਮਰੀਕ ਸਿੰਘ, ਜਗਰੂਪ ਸਿੰਘ ਭੰਗੂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।