ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਖ਼ਿਲਾਫ਼ ਸਿੱਖ ਜਥੇਬੰਦੀਆਂ ਵੱਲੋਂ ਖਰੜ ’ਚ ਪ੍ਰਦਰਸ਼ਨ
ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫੈਸਲੇ ਖਿਲਾਫ ਸਿੱਖ ਜਥੇਬੰਦੀਆਂ ਵੱਲੋਂ ਖਰੜ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ
Publish Date: Sat, 24 Jan 2026 07:33 PM (IST)
Updated Date: Sun, 25 Jan 2026 04:19 AM (IST)

ਫੋਟੋ ਕੈਪਸ਼ਨ: ਖਰੜ ਵਿਖੇ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ 1984 ਕਤਲੇਆਮ ਪੀੜਤ ਸੁਸਾਇਟੀ ਦੇ ਅਹੁਦੇਦਾਰ, ਮੈਂਬਰ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂ। ਮਹਿਰਾ, ਖਰੜ : 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਅੱਜ ਖਰੜ ਬੱਸ ਸਟੈਂਡ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ’ਚ 1984 ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਹੋਰ ਜਥੇਬੰਦੀਆਂ ਸ਼ਾਮਲ ਹੋਈਆਂ। ਪ੍ਰਦਰਸ਼ਨਕਾਰੀਆਂ ਵੱਲੋਂ ਸੱਜਣ ਕੁਮਾਰ ਤੇ ਕੇਂਦਰ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਅਦਾਲਤ ਦਾ ਇਹ ਫੈਸਲਾ ਸਿੱਖ ਕੌਮ ਨਾਲ ਵੱਡੀ ਬੇਇਨਸਾਫੀ ਹੈ ਤੇ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ 1984 ਦਾ ਕਤਲੇਆਮ ਇਕ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਸੀ, ਜਿਸ ਦੇ ਕਈ ਚਸ਼ਮਦੀਦ ਗਵਾਹ ਤੇ ਸਬੂਤ ਹੋਣ ਦੇ ਬਾਵਜੂਦ ਦੋਸ਼ੀਆਂ ਦਾ ਬਰੀ ਹੋਣਾ ਭਾਰਤੀ ਨਿਆਂ ਪ੍ਰਣਾਲੀ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪ੍ਰਧਾਨ ਭਾਟੀਆ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਬੇਗੁਨਾਹ ਮਰਦਾਂ, ਔਰਤਾਂ ਤੇ ਬਜ਼ੁਰਗਾਂ ਦੇ ਕਤਲ ਦਾ ਇਨਸਾਫ ਲੈਣ ਲਈ ਦਹਾਕਿਆਂ ਤੋਂ ਸੰਘਰਸ਼ ਜਾਰੀ ਹੈ, ਪਰ ਅੱਜ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਵਿੱਚ ਆਮ ਇਨਸਾਨ ਦੀ ਕੋਈ ਕਦਰ ਨਹੀਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਮਿਲਦੀਆਂ, ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਤੇ ਸਿੱਖ ਸੰਗਤ ਹਾਜ਼ਰ ਸਨ।