ਜੈ ਸਿੰਘ ਛਿੱਬਰ, ਚੰਡੀਗੜ੍ਹ : ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਲਈ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਨਵੀਂ ਐੱਸਆਈਟੀ ਨੇ ਸੋਮਵਾਰ ਨੂੰ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਅਤੇ ਮੁੱਅਤਲ ਚੱਲ ਰਹੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਕਈ ਅਫਸਰਾਂ ਤੋਂ ਪੁੱਛਗਿੱਛ ਕੀਤੀ।

ਜਿੱਥੇ ਬੇਅਦਬੀ ਦੇ ਮੁੱਦੇ 'ਤੇ ਪੰਜਾਬ ਕਾਂਗਰਸ ਵਿਚ ਪੈਦਾ ਹੋਈ ਬਗ਼ਾਵਤ ਤੋਂ ਬਾਅਦ ਕਾਂਗਰਸ ਹਾਈ ਕਮਾਨ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ ਵੱਲੋਂ ਕਾਂਗਰਸੀ ਮੰਤਰੀਆਂ ਵਿਧਾਇਕਾਂ ਦਾ ਪੱਖ ਸੁਣਿਆ ਜਾ ਰਿਹਾ ਹੈ ਉਥੇ ਸੋਮਵਾਰ ਨੂੰ ਕੋਟਕਪੂਰਾ ਗੋਲ਼ੀ ਕਾਂਡ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਡੀਜੀਪੀ ਸੈਣੀ ਤੋਂ ਪੁੱਛਗਿੱਛ ਕਰਨਾ ਕਾਫ਼ੀ ਮਹੱਤਵਪੂਰਨ ਹੈ।

ਸੂਤਰ ਦੱਸਦੇ ਹਨ ਕਿ ਐੱਸਆਈਟੀ ਦੇ ਮੁਖੀ ਏਡੀਜੀਪੀ ਐੱਲ ਕੇ ਯਾਦਵ, ਆਈਜੀ ਰਾਕੇਸ਼ ਅਗਰਵਾਲ ਅਤੇ ਸਤਿੰਦਰ ਸਿੰਘ 'ਤੇ ਆਧਾਰਿਤ ਟੀਮ ਨੇ ਸਕੱਤਰੇਤ ਦੇ ਨੇੜੇ ਪੁਲਿਸ ਅਫਸਰਾਂ ਲਈ ਬਣੀ ਮੈੱਸ ਵਿਚ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੋ ਲੰਬੀ ਪੁੱਛਗਿੱਛ ਕੀਤੀ । ਦੱਸਿਆ ਜਾਂਦਾ ਹੈ ਸੈਣੀ ਤੋਂ ਇਲਾਵਾ ਜਿਹੜੇ ਪੁਲਿਸ ਅਫਸਰਾਂ ਤੋਂ ਪੁੱਛਗਿੱਛ ਕੀਤੀ ਗਈ ਹੈ ਉਨ੍ਹਾਂ ਵਿਚ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫ਼ਰੀਦਕੋਟ ਦੇ ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, ਚਰਨਜੀਤ ਸ਼ਰਮਾ, ਫਿਰੋਜ਼ਪੁਰ ਰੇਂਜ ਦੇ ਸਾਬਕਾ ਡੀਆਈਜੀ ਅਮਰ ਸਿੰਘ ਚਾਹਲ ਸਮੇਤ ਕਈ ਹੋਰ ਸਾਬਕਾ ਤੇ ਮੌਜੂਦਾ ਅਫਸਰਾਂ ਤੋਂ ਗੋਲ਼ੀ ਕਾਂਡ ਬਾਰੇ ਪੁੱਛਗਿੱਛ ਕੀਤੀ ਗਈ ਹੈ।

ਦੱਸਿਆ ਜਾਂਦਾ ਹੈ ਕਿ ਕੋਟਕਪੂਰਾ ਦੇ ਸਾਬਕਾ ਐੱਸਡੀਐੱਮ ਹਰਜੀਤ ਸਿੰਘ ਵੀ ਐਸਆਈਟੀ ਅੱਗੇ ਪੇਸ਼ ਹੋਏ ਹਨ ਤੇ ਉਨ੍ਹਾਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ ।

ਦੱਸਣਾ ਬਣਦਾ ਹੈ ਕਿ ਕੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਐੱਸਆਈਟੀ ਬਣਾਈ ਹੋਈ ਸੀ ਪਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪੜਤਾਲ ਨੂੰ ਰੱਦ ਕਰ ਦਿੱਤਾ ਸੀ। ਹਾਈ ਕੋਰਟ ਦੇ ਇਸ ਫ਼ਸਲੇ ਨਾਲ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਸੀ। ਇਸ ਤੋਂ ਬਾਅਦ ਜਿੱਥੇ ਕੰਵਰ ਵਿਜੈ ਪ੍ਰਤਾਪ ਸਿੰਘ ਨੌਕਰੀ ਤੋਂ ਸਵੈ ਇੱਛਾ ਸੇਵਾਮੁਕਤ ਹੋ ਗਏ ਉੱਥੇ ਪੰਥਕ ਧਿਰਾਂ ਤੋ ਇਲਾਵਾ ਕਾਂਗਰਸੀ ਆਗੂ ਹੀ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਨ ਲੱਗੇ ਹੋਏ ਹਨ।