- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਸੇਮ ਤੇ ਜਲਭਰਾਅ ਦੀ ਸਮੱਸਿਆ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਵੱਲੋਂ ਛੇ ਮੈਂਬਰੀ ਮਾਹਿਰ ਕਮੇਟੀ ਗਠਿਤ ਕਰਨ ਦਾ ਸਵਾਗਤ ਕੀਤਾ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਸੇਮ ਤੇ ਜਲਭਰਾਅ ਦੀ ਸਮੱਸਿਆ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਵੱਲੋਂ ਛੇ ਮੈਂਬਰੀ ਮਾਹਿਰ ਕਮੇਟੀ ਗਠਿਤ ਕਰਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਪੰਜਾਬ ਦੇ ਕਿਸਾਨਾਂ ਵੱਲੋਂ ਧੰਨਵਾਦ ਕੀਤਾ।
ਢਿੱਲੋਂ ਨੇ ਦੱਸਿਆ ਕਿ ਕੇਂਦਰੀ ਖੇਤੀਬਾੜੀ ਮੰਤਰੀ ਨੇ ਆਈਸੀਏਆਰ-ਸੀਐੱਸਐੱਸਆਰਆਈ, ਕਰਨਾਲ ਦੇ ਡਾਇਰੈਕਟਰ ਦੀ ਅਗਵਾਈ ਹੇਠ ਕਮੇਟੀ ਬਣਾਈ ਹੈ। ਇਹ ਕਮੇਟੀ ਪ੍ਰਭਾਵਿਤ ਖੇਤਰਾਂ ਦਾ ਜ਼ਮੀਨੀ ਪੱਧਰ ’ਤੇ ਮੁਲਾਂਕਣ ਕਰੇਗੀ ਅਤੇ ਸੇਮ ਕਾਰਨ ਪ੍ਰਭਾਵਿਤ ਖੇਤੀਯੋਗ ਜ਼ਮੀਨ ਦੀ ਮੁੜ ਬਹਾਲੀ ਲਈ ਵਿਗਿਆਨਕ ਹੱਲ ਸੁਝਾਏਗੀ।
ਉਨ੍ਹਾਂ ਕਿਹਾ ਕਿ ਫਾਜ਼ਿਲਕਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੇਮ ਕਾਰਨ ਕਿਸਾਨਾਂ ਨੂੰ ਹਰ ਸਾਲ ਭਾਰੀ ਨੁਕਸਾਨ ਝੱਲਣਾ ਪੈਂਦਾ ਹੈ। ਮਾਹਿਰ ਕਮੇਟੀ ਸਮੱਸਿਆ ਦੇ ਮੂਲ ਕਾਰਨਾਂ ਦੀ ਪਛਾਣ ਕਰਕੇ ਇਸ ਦੇ ਪੱਕੇ ਹੱਲ ਤਿਆਰ ਕਰਨ ਵਿੱਚ ਮਦਦ ਕਰੇਗੀ।
ਪੰਜਾਬ ਭਾਜਪਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ, ਖੇਤੀਬਾੜੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹੈ। ਕਮੇਟੀ ਦਾ ਗਠਨ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਵਿਗਿਆਨਕ ਤੇ ਸਥਾਈ ਹੱਲ ਵੱਲ ਅਹਿਮ ਕਦਮ ਹੈ।