- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਨ੍ਹਾਂ ਖਪਤਕਾਰ ਦੀ ਮਰਜ਼ੀ ਦੇ ਬਿਜਲੀ ਦੇ ਸਮਾਰਟ ਮੀਟਰ ਨਾ ਲਗਾਏ ਜਾਣ : ਐੱਸਕੇਐੱਮ

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ,
ਐੱਸਏਐੱਸ ਨਗਰ : ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੁਹਾਲੀ ਦੇ ਇਕ ਵਫ਼ਦ ਨੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ ਦੀ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ, ਹਲਕਾ ਮੁਹਾਲੀ ਦੇ ਨਿਗਰਾਨ ਇੰਜੀਨੀਅਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਖਪਤਕਾਰਾਂ ਦੀ ਸਹਿਮਤੀ ਤੋਂ ਬਿਨਾਂ ਸਮਾਰਟ ਮੀਟਰ ਨਾ ਲਗਾਏ ਜਾਣ ਸਬੰਧੀ ਇਕ ਮੰਗ ਪੱਤਰ ਸੌਪਿਆ ਪੱਤਰ ਵਿਚ ਕਿਹਾ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿਚ ਸ਼ਾਮਲ ਜ਼ਿਲ੍ਹਾ ਮੁਹਾਲੀ ਦੀਆਂ ਸਮੂਹ ਜਥੇਬੰਦੀਆਂ ਦੇ ਧਿਆਨ ਵਿਚ ਆਇਆ ਹੈ ਕਿ ਨਿਗਰਾਨ ਇੰਜੀਨੀਅਰ ਦੇ ਹੁਕਮਾਂ ਅਨੁਸਾਰ ਬਿਜਲੀ ਮੁਲਾਜ਼ਮਾਂ ਵੱਲੋਂ ਠੀਕ ਹਾਲਤ ਵਿਚ ਚੱਲ ਰਹੇ ਐਨਰਜੀ ਮੀਟਰਾਂ ਨੂੰ ਬਦਲ ਕੇ ਨਵੇਂ ਸਮਾਰਟ ਮੀਟਰ ਲਗਾਏ ਜਾ ਰਹੇ ਹਨ।
ਇਸ ਤੋਂ ਇਲਾਵਾ ਨਵਾਂ ਕੁਨੈਕਸ਼ਨ ਜਾਰੀ ਕਰਨ ਸਮੇਂ ਲੱਗਣ ਵਾਲੇ ਅਤੇ ਮੀਟਰ ਸੜ ਜਾਣ ਉਪਰੰਤ ਬਦਲੀ ਕੀਤੇ ਜਾਣ ਵਾਲੇ ਮੀਟਰਾਂ ਦੀ ਥਾਂ ਵੀ ਸਮਾਰਟ ਮੀਟਰ ਲਗਾਏ ਜਾ ਰਹੇ ਹਨ। ਪੱਤਰ ਵਿਚ ਕਿਹਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ ਬੈਠਕ (ਜਿਸ ਵਿਚ ਪਾਵਰਕਾਮ ਦੇ ਤਤਕਾਲੀ ਸੀਐੱਮਡੀ ਇੰਜੀਨੀਅਰ ਬਲਦੇਵ ਸਿੰਘ ਸਰਾਂ ਵੀ ਹਾਜ਼ਰ ਸਨ) ਵਿਚ ਸੰਯੁਕਤ ਕਿਸਾਨ ਮੋਰਚਾ ਨਾਲ ਵਾਅਦਾ ਕੀਤਾ ਗਿਆ ਸੀ ਕਿ ਜਿਹੜੇ ਪੁਰਾਣੇ ਮੀਟਰ ਠੀਕ ਹਾਲਤ ਵਿਚ ਚੱਲ ਰਹੇ ਹਨ, ਉਨ੍ਹਾਂ ਨੂੰ ਉਤਾਰ ਕੇ ਸਮਾਰਟ ਮੀਟਰ ਨਹੀਂ ਲਗਾਏ ਜਾਣਗੇ। ਇਸ ਬੈਠਕ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਨਵੇਂ ਲਗਾਏ ਜਾਣ ਵਾਲੇ ਅਤੇ ਸੜੇ ਹੋਏ ਮੀਟਰਾਂ ਦੀ ਥਾਂ ਲਗਾਏ ਜਾਣ ਵਾਲੇ ਸਮਾਰਟ ਮੀਟਰਾਂ ਦਾ ਵੀ ਵਿਰੋਧ ਦਰਜ ਕਰਵਾਇਆ ਸੀ, ਪਰੰਤੂ ਇਸਦੇ ਬਾਵਜੂਦ ਨਿਗਰਾਨ ਇੰਜੀਨੀਅਰ ਵੱਲੋਂ ਮੁਲਾਜ਼ਮਾਂ ਅਤੇ ਠੇਕੇਦਾਰਾਂ ਦੇ ਵਰਕਰਾਂ ਨੂੰ ਸਮਾਰਟ ਮੀਟਰ ਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਮੰਗ ਪੱਤਰ ਵਿਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਨਿਗਰਾਨ ਇੰਜੀਨੀਅਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਮਾਰਟ ਮੀਟਰ ਲਗਾਉਣੇ ਬੰਦ ਨਾ ਕੀਤੇ ਗਏ ਤਾਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਨਿਗਰਾਨ ਇੰਜੀਨੀਅਰ ਨੂੰ ਨਿੱਜੀ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ਦੇ ਦਫ਼ਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਾਵਰਕਾਮ ਦੀ ਕਿਸੇ ਆਪਣੀ ਸਮੱਸਿਆ ਕਾਰਨ ਖਪਤਕਾਰਾਂ ਨੂੰ ਐਵਰੇਜ ਦੇ ਹਿਸਾਬ ਨਾਲ ਬਿੱਲ ਭੇਜੇ ਜਾ ਰਹੇ ਹਨ ਅਤੇ ਜੇਕਰ ਪਾਵਰਕਾਮ ਦੀ ਕੋਈ ਸਮੱਸਿਆ ਹੈ ਤਾਂ ਉਸ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਖਪਤਕਾਰਾਂ ਨੂੰ ਔਸਤ ਦੇ ਆਧਾਰ ’ਤੇ ਬਿੱਲ ਭੇਜਣੇ ਬੰਦ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਇਸ ਦਾ ਜ਼ਬਰਦਸਤ ਵਿਰੋਧ ਕਰੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਮੀਤ ਪ੍ਰਧਾਨ ਅਮਰਜੀਤ ਸਿੰਘ, ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸਕੱਤਰ ਅੰਗਰੇਜ਼ ਸਿੰਘ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਮੁਹਾਲੀ ਦਰਸ਼ਨ ਸਿੰਘ ਦੁਰਾਲੀ, ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਮੁਹਾਲੀ ਪ੍ਰਧਾਨ ਅਵਤਾਰ ਸਿੰਘ, ਲੱਖਾ ਸਿੰਘ, ਗੁਰਬਖਸ਼ ਸਿੰਘ, ਕਮਲਜੀਤ ਸਿੰਘ ਲਾਂਡਰਾਂ ਵੀ ਹਾਜ਼ਰ ਸਨ।