- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਆਈਆਰ-2026 ਤਹਿਤ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਸ਼ੇਸ਼ ਮੁਹਿੰਮ ਅਤੇ ਵਿਸ਼ੇਸ਼ ਸਰਸਰੀ ਸੁਧਾਈ (ਐੱਸਐੱਸਆਰ) ਤਹਿਤ ਵਿਸ਼ੇਸ਼ ਕੈਂਪ 24 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਸਬੰਧਤ ਸਬ-ਡਵੀਜ਼ਨਲ ਅਧਿਕਾਰੀਆਂ (ਈਆਰਓਜ਼) ਨੂੰ ਕੈਂਪਾਂ ਦੀ ਨਿਰਧਾਰਤ ਮਿਤੀ ਅਤੇ ਸਮੇਂ ਮੁਤਾਬਕ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਨਾਲ ਹੀ ਸਾਰੇ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼) ਨੂੰ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਵੋਟਰਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਕੈਂਪਾਂ ਦੌਰਾਨ ਬੀਐਲਓਜ਼ ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਐਸਆਈਆਰ-2026 ਦੀ ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ, ਤਾਂ ਜੋ ਆਮ ਲੋਕ ਆਸਾਨੀ ਨਾਲ ਵੋਟਰ ਸੂਚੀ ’ਚ ਆਪਣੇ ਨਾਮ ਦੀ ਜਾਂਚ ਕਰ ਸਕਣ। ਇਸ ਤੋਂ ਇਲਾਵਾ, ਜਿਹੜੇ ਯੋਗ ਨਾਗਰਿਕਾਂ ਦੇ ਨਾਮ ਵੋਟਰ ਸੂਚੀ ’ਚ ਦਰਜ ਨਹੀਂ ਹਨ, ਉਨ੍ਹਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਅਤੇ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ। ਪਹਿਲੀ ਵਾਰ ਵੋਟ ਬਣਾਉਣ ਦੇ ਯੋਗ ਨੌਜਵਾਨਾਂ ਨੂੰ ਵੀ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਉਹ ਲੋਕਤੰਤਰੀ ਪ੍ਰਕਿਰਿਆ ’ਚ ਆਪਣੀ ਭਾਗੀਦਾਰੀ ਯਕੀਨੀ ਬਣਾ ਸਕਣ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ ਨੰ. 6, ਵਿਦੇਸ਼ਾਂ ’ਚ ਰਹਿੰਦੇ ਭਾਰਤੀ ਨਾਗਰਿਕਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਫਾਰਮ ਨੰ. 6ਏ ਅਤੇ ਵੋਟਰ ਸੂਚੀ ’ਚ ਪਹਿਲਾਂ ਤੋਂ ਦਰਜ ਵੇਰਵਿਆਂ ਵਿਚ ਸੋਧ, ਪਤੇ ਦੀ ਤਬਦੀਲੀ ਜਾਂ ਵੋਟਰ ਸ਼ਨਾਖ਼ਤੀ ਕਾਰਡ ਨਾਲ ਸਬੰਧਤ ਲੋੜੀਂਦੀਆਂ ਸੇਵਾਵਾਂ ਲਈ ਫਾਰਮ ਨੰ. 8 ਭਰਨ ਸਬੰਧੀ ਯੋਗ ਵੋਟਰਾਂ ਦੀ ਸਹਾਇਤਾ ਕੀਤੀ ਜਾਵੇਗੀ।