ਗਰਭਵਤੀਆਂ ਲਈ ਵਿਸ਼ੇਸ਼ ਜਾਂਚ ਕੈਂਪ ਲਾਇਆ
ਜ਼ਿਲ੍ਹੇ ’ਚ ਗਰਭਵਤੀ ਔਰਤਾਂ ਲਈ ਲਗਾਏ ਵਿਸ਼ੇਸ਼ ਜਾਂਚ ਕੈਂਪ,
Publish Date: Tue, 09 Dec 2025 05:58 PM (IST)
Updated Date: Tue, 09 Dec 2025 06:00 PM (IST)

ਸਿਵਲ ਸਰਜਨ ਵੱਲੋਂ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐੱਮ.ਐੱਸ.ਐੱਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿੱਤੀ ਗਈ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦਸਿਆ ਕਿ ਇਸ ਪ੍ਰੋਗਰਾਮ ਤਹਿਤ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਗਰਭਵਤੀ ਔਰਤਾਂ ਖ਼ਾਸਕਰ ਉੱਚ ਜੋਖ਼ਮ ਵਾਲੀਆਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਜਾਂਚ ਕਰਨਾ ਅਤੇ ਉੱਚ-ਜੋਖ਼ਮ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਹੀ ਇਲਾਜ ਪ੍ਰਦਾਨ ਕਰਨਾ ਹੈ। ਸਿਹਤ ਅਧਿਕਾਰੀਆਂ ਨੇ ਆਮ ਲੋਕਾਂ ਖ਼ਾਸਕਰ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਲਾਮਤੀ ਲਈ ਕਦੇ ਵੀ ਗ਼ੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਬੱਚੇ ਦੋਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਹਰ ਗਰਭਵਤੀ ਔਰਤ ਦੇ ਚਾਰ ਏਐੱਨਸੀ ਚੈਕਅੱਪ ਜ਼ਰੂਰੀ ਹਨ, ਜਿਹੜੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਸਿਹਤ ਅਧਿਕਾਰੀਆਂ ਨੇ ਆਖਿਆ ਕਿ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਸੂਬਾਈ ਅਤੇ ਕੇਂਦਰੀ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।