'ਮਿਸ਼ਨ ਕਲੀਨ ਪੰਜਾਬ' ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ 'ਮਿਸ਼ਨ ਕਲੀਨ ਪੰਜਾਬ' ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ,
Publish Date: Sat, 19 Sep 2026 07:07 PM (IST)
Updated Date: Sun, 20 Sep 2026 04:06 AM (IST)
ਫੋਟੋ ਕੈਪਸ਼ਨ : ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਦਾ ਆਗ਼ਾਜ਼ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਹੋਰ। 28ਪੀ * ਵਿਧਾਇਕ ਰੰਧਾਵਾ ਨੇ ਕੌਂਸਲ ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਨਿਰਦੇਸ਼ ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਤੇ ਕੂੜਾ-ਮੁਕਤ ਬਣਾਉਣ ਦੇ ਮੰਤਵ ਨਾਲ ਵਿੱਢੀ ਗਈ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਸ਼ਨਿਚਰਵਾਰ ਨੂੰ ਜ਼ੀਰਕਪੁਰ ਦੇ ਪ੍ਰਮੁੱਖ ਇਲਾਕੇ ਵੀਆਈਪੀ ਰੋਡ ਤੋਂ ਇਕ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੁਹਿੰਮ ਦਾ ਆਗ਼ਾਜ਼ ਕੀਤਾ। ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੇ ਸੰਘਣੀ ਵਸੋਂ ਵਾਲੇ ਖੇਤਰਾਂ ’ਚ ਸਫ਼ਾਈ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਚਲਾਉਣ ਲਈ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਜ਼ੀਰਕਪੁਰ ਨੂੰ ਇਕ ਨਮੂਨੇ ਦਾ ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਉਣਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਇਸ ਲਈ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਕਲੀਨ ਪੰਜਾਬ ਤਹਿਤ ਜ਼ੀਰਕਪੁਰ ਦੇ ਹਰ ਕੋਨੇ ਦੀ ਸਫ਼ਾਈ, ਕੂੜੇ ਦੀ ਸੁਚੱਜੀ ਚੁਕਾਈ ਤੇ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਇਹ ਵਿਸ਼ੇਸ਼ ਸਫ਼ਾਈ ਅਭਿਆਨ ਆਗਾਮੀ 17 ਅਕਤੂਬਰ ਤੱਕ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਿਰਧਾਰਤ ਥਾਵਾਂ ਤੇ ਹੀ ਪਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਵਿਚ ਯੋਗਦਾਨ ਪਾਉਣ। ਇਸ ਸਮਾਗਮ ਦੌਰਾਨ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਵੱਖ-ਵੱਖ ਵਾਰਡਾਂ ਦੇ ਕੌਂਸਲਰ, ਵਾਰਡ ਇੰਚਾਰਜ, ਨਗਰ ਕੌਂਸਲ ਦੇ ਉੱਚ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਹਾਜ਼ਰ ਸਨ।