ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਪ੍ਰਦਰਸ਼ਿਤ, ਸੰਗਤਾਂ ’ਚ ਭਾਰੀ ਉਤਸਾਹ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਮਹਾਨ ਗੁਰੂ ਜੀ ਦੇ ਜੀਵਨ, ਸੰਘਰਸ਼, ਸਮਾਜਿਕ ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਤੋਂ ਜਾਣੂ ਕਰਵਾਉਣ ਲਈ ਪਿੰਡ-ਪਿੰਡ ਚਲਾਈ ਜਾ ਰਹੀ ਹੈ। ਡੇਰਾਬੱਸੀ ਦੇ ਐੱਸਡੀਐੱਮ ਅਮਿਤ ਗੁਪਤਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਮਨੁੱਖਤਾ, ਸਮਾਨਤਾ, ਭਾਈਚਾਰਕ ਸਾਂਝ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ।
Publish Date: Sun, 23 Aug 2026 05:12 PM (IST)
Updated Date: Mon, 24 Aug 2026 01:02 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਸਮਾਗਮਾਂ ਦੀ ਲੜੀ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਪਰਾਗਪੁਰ, ਬਾਕਰਪੁਰ ਤੇ ਭਾਂਖਰਪੁਰ ਵਿਖੇ ਐੱਲਈਡੀ ਸਕਰੀਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਤੇ ਮਹਾਨ ਉਪਦੇਸ਼ਾਂ ’ਤੇ ਆਧਾਰਤ ਕਰੀਬ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਮਹਾਨ ਗੁਰੂ ਜੀ ਦੇ ਜੀਵਨ, ਸੰਘਰਸ਼, ਸਮਾਜਿਕ ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਤੋਂ ਜਾਣੂ ਕਰਵਾਉਣ ਲਈ ਪਿੰਡ-ਪਿੰਡ ਚਲਾਈ ਜਾ ਰਹੀ ਹੈ। ਡੇਰਾਬੱਸੀ ਦੇ ਐੱਸਡੀਐੱਮ ਅਮਿਤ ਗੁਪਤਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਮਨੁੱਖਤਾ, ਸਮਾਨਤਾ, ਭਾਈਚਾਰਕ ਸਾਂਝ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ।
ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਦੇ ਨਾਲ-ਨਾਲ ਆਪਸੀ ਪਿਆਰ, ਸਦਭਾਵਨਾ ਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਇਸੇ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਕੀਰਤਨ ਦਰਬਾਰ, ਯੂਨੀਵਰਸਿਟੀਆਂ ਵਿਚ ਸੈਮੀਨਾਰ ਕਰਵਾਏ ਜਾਣ ਦੇ ਨਾਲ-ਨਾਲ ਇਹ ਦਸਤਾਵੇਜ਼ੀ ਫ਼ਿਲਮ ਵੀ ਵਿਸ਼ੇਸ਼ ਤੌਰ ’ਤੇ ਦਿਖਾਉਣ ਦਾ ਪ੍ਰਬੰਧ ਕੀਤਾ ਗਿਆ ਹੈ।
ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸੂਬੇ ਭਰ ’ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਤੇ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ।
ਪਿੰਡਾਂ ’ਚ ਦਸਤਾਵੇਜ਼ੀ ਫਿਲਮ ਦੇਖਣ ਲਈ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ ਤੇ ਗੁਰੂਆਂ ਦੇ ਜੀਵਨ, ਵਿਚਾਰਧਾਰਾ ਤੇ ਸਮਾਜ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ।