- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਪਿੰਡਾਂ ’ਚ ਦਿਖਾਈ ਵਿਸ਼ੇਸ਼ ਡਾਕੂਮੈਂਟਰੀ ਫਿਲਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਰੜ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਖਰੜ ਬਲਾਕ ਦੇ ਪਿੰਡ ਘੋਗਾ, ਘੋਗਾ ਖੇੜੀ ਅਤੇ ਮਾਛੀਪੁਰ ਦੇ ਵਸਨੀਕਾਂ ਨੂੰ ਐੱਲਈਡੀ ਸਕਰੀਨ ਰਾਹੀਂ ਵਿਸ਼ੇਸ਼ ਡਾਕੂਮੈਂਟਰੀ ਫਿਲਮ ਦਿਖਾਈ ਗਈ। ਇਸ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੇ ਹਮੇਸ਼ਾ ਸਮਾਨਤਾ, ਆਪਸੀ ਸਤਿਕਾਰ, ਮਿਹਨਤ, ਪ੍ਰੇਮ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਹੱਤਵ ਦਿੱਤਾ। ਉਨ੍ਹਾਂ ਦੀ ਵਿਚਾਰਧਾਰਾ ਸਾਨੂੰ ਜਾਤ-ਪਾਤ ਅਤੇ ਸਮਾਜਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਰੇ ਮਨੁੱਖਾਂ ਨਾਲ ਬਰਾਬਰੀ ਅਤੇ ਸਤਿਕਾਰ ਵਾਲਾ ਵਿਹਾਰ ਕਰਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਹ ਡਾਕੂਮੈਂਟਰੀ ਫਿਲਮ ਪਿੰਡਾਂ ਵਿਚ ਦਿਖਾਉਣ ਦਾ ਉਪਰਾਲਾ ਸ਼ਲਾਘਾਯੋਗ ਹੈ। ਇਸ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਅਧਿਆਤਮਕ ਤੇ ਸਮਾਜਿਕ ਸੰਦੇਸ਼ ਬਾਰੇ ਜਾਣਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਅਤੇ ਇਨ੍ਹਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਆਪਸੀ ਸਾਂਝ, ਸਦਭਾਵਨਾ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।