ਗੁਰਦੁਆਰਾ ਸਿੰਘ ਸ਼ਹੀਦਾਂ ’ਚ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ
Publish Date: Mon, 09 Mar 2026 05:37 PM (IST)
Updated Date: Mon, 09 Mar 2026 05:39 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਰੰਭੇ ਗਏ ਹੋਲੇ ਮਹੱਲੇ ਦੀ ਖੁਸ਼ੀ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਭਾਈ ਮਨਜੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ 1699 ਈ. ਵਿਚ ਖ਼ਾਲਸਾ ਪੰਥ ਦੀ ਸਿਰਜਣਾ ਕਰਨ ਅਤੇ 1700 ਈ. ਵਿਚ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲੇ ਮਹੱਲੇ ਦੀ ਸ਼ੁਰੂਆਤ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿਸਥਾਰ ਸਹਿਤ ਸਰਵਣ ਕਰਵਾਇਆ। ਇਸ ਮੌਕੇ ਬੀਬੀ ਉਤੱਮਜੀਤ ਕੌਰ ਖ਼ਾਲਸਾ ਦੇ ਰਾਗੀ ਜਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਮਾਤਾ ਸੁੰਦਰ ਕੌਰ ਜੀ ਸਰਬ ਸਾਂਝੀ ਸੁਸਾਇਟੀ, ਬੀਬੀ ਕਮਲਜੀਤ ਕੌਰ, ਭਾਈ ਹਰਕੰਵਲ ਸਿੰਘ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਭਾਈ ਨਿਰਮੇਲ ਸਿੰਘ, ਭਾਈ ਗੁਰਦੀਪ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਨੀਤਿਨ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਦਿਹਾੜੇ ’ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 14 ਮਾਰਚ ਨੂੰ 558ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜੱਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਜਾਵੇਗਾ।