ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ
Publish Date: Tue, 10 Feb 2026 07:26 PM (IST)
Updated Date: Wed, 11 Feb 2026 04:12 AM (IST)

ਫੋਟੋ ਕੈਪਸ਼ਨ : ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕੀਰਤਨ ਕਰਦਾ ਜਥਾ। 11ਪੀ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ’ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਇਸ ਸਮਾਗਮ ’ਚ ਸ਼ੇਰੇ-ਏ ਪੰਜਾਬ ਕਵੀਸ਼ਰੀ ਜਥੇ ਨੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤ ਨੂੰ ਕਵੀਸ਼ਰੀ ਵਾਰਾਂ ’ਚ ਸੁਣਾਇਆ। ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਬਾਬਾ ਦੀਪ ਸਿੰਘ ਜੀ ਵੱਲੋਂ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਮੁਗਲਾਂ ਖ਼ਿਲਾਫ਼ ਲੜੀ ਜੰਗ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਮਨਦੀਪ ਸਿੰਘ ਦਮਦਮੀ ਟਕਸਾਲ, ਭਾਈ ਹਰਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਇਕਬਾਲ ਸਿੰਘ, ਭਾਈ ਜਗਮੀਤ ਸਿੰਘ, ਭਾਈ ਸੰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਗੁਰਸੇਵਕ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ’ਚ ਦਰਬਾਰ ਸਾਹਿਬ ਜੀ ਦੀ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਦਰਬਾਰ ਸਾਹਿਬ ਜੀ ਨੂੰ ਬਾਹਰੋਂ ਤੇ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ। ਇਸ ਦਿਹਾੜੇ ’ਤੇ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।