- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਧਾਨ ਸਭਾ ਦੀ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਸੂਬੇ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਦੇ ਕੰਮਕਾਜ ਦੀ ਸਮੀਖਿਆ ਕਰਨ ਤੇ ਉਨ੍ਹਾਂ ਦੀ ਜਵਾਬਦੇਹੀ ਯਕੀਨੀ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ।

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪੰਜਾਬ ਵਿਧਾਨ ਸਭਾ ਵਿਖੇ ਅੱਜ ਹੋਈ ਮੀਟਿੰਗ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਪੰਜਾਬ ਵਿਧਾਨ ਸਭਾ ਦੀ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੇ ਮੈਂਬਰ ਵਜੋਂ ਨਿਭਾਈਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਤੇ ਐੱਮਐੱਲਏ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਤੇ ਹੋਰ ਕਮੇਟੀ ਮੈਂਬਰ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਸੂਬੇ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਦੇ ਕੰਮਕਾਜ ਦੀ ਸਮੀਖਿਆ ਕਰਨ ਤੇ ਉਨ੍ਹਾਂ ਦੀ ਜਵਾਬਦੇਹੀ ਯਕੀਨੀ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਕਮੇਟੀ ਦੇ ਦਾਇਰੇ ’ਚ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੇ ਕੰਮਕਾਜ, ਵਿੱਤੀ ਰਿਕਾਰਡ, ਆਡਿਟ ਰਿਪੋਰਟਾਂ ਤੇ ਪੇਂਡੂ ਵਿਕਾਸ ਨਾਲ ਸਬੰਧਤ ਵੱਖ-ਵੱਖ ਪਹਿਲੂ ਸ਼ਾਮਲ ਹਨ। ਕਮੇਟੀ ਦੇ ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਦੇ ਪੇਂਡੂ ਖੇਤਰਾਂ ਨਾਲ ਸਬੰਧਤ ਅਨੇਕਾਂ ਅਹਿਮ ਮੁੱਦਿਆਂ ’ਤੇ ਆਪਣੀ ਆਵਾਜ਼ ਬੁਲੰਦ ਕੀਤੀ।
ਉਨ੍ਹਾਂ ਵੱਲੋਂ ਵਿਧਾਨ ਸਭਾ ਦੀਆਂ ਕਮੇਟੀ ਮੀਟਿੰਗਾਂ ਦੌਰਾਨ ਪਿੰਡਾਂ ਦੇ ਵਿਕਾਸ, ਬੁਨਿਆਦੀ ਸਹੂਲਤਾਂ, ਪੰਚਾਇਤੀ ਸੰਸਥਾਵਾਂ ਦੇ ਕੰਮਕਾਜ ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਵਿਧਾਇਕ ਰੰਧਾਵਾ ਨੇ ਹਲਕਾ ਡੇਰਾਬੱਸੀ ਦੇ ਪੇਂਡੂ ਖੇਤਰਾਂ ਨਾਲ ਸਬੰਧਤ ਮੁੱਦਿਆਂ ਨੂੰ ਵੀ ਕਮੇਟੀ ਤੇ ਸਬੰਧਤ ਮੰਚਾਂ ’ਤੇ ਉਠਾਇਆ ਤੇ ਇਨ੍ਹਾਂ ਦੇ ਹੱਲ ਲਈ ਆਪਣੇ ਸੁਝਾਅ ਪੇਸ਼ ਕੀਤੇ, ਤਾਂ ਜੋ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਹੋਰ ਬਿਹਤਰ ਢੰਗ ਨਾਲ ਅੱਗੇ ਵਧਾਇਆ ਜਾ ਸਕੇ ਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮਿਲ ਸਕਣ।
ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੀ ਇਸ ਮਹੱਤਵਪੂਰਨ ਕਮੇਟੀ ’ਚ ਕੰਮ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਮੁੱਦਿਆਂ ਨੂੰ ਵਿਧਾਨ ਸਭਾ ਤੱਕ ਪਹੁੰਚਾਉਣਾ ਤੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਸੁਝਾਅ ਦੇਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਹ ਭਵਿੱਖ ’ਚ ਵੀ ਹਲਕੇ ਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪੂਰੀ ਗੰਭੀਰਤਾ ਨਾਲ ਉਠਾਉਂਦੇ ਰਹਿਣਗੇ।