ਡਾਇਰੈਕਟਰ ਪੰਚਾਇਤ ਵੱਲੋਂ ਪ੍ਰਿੰਸੀਪਲ ਬੁੱਧ ਰਾਮ ਦਾ ਵਿਸ਼ੇਸ਼ ਸਨਮਾਨ ਡਾਇਰੈਕਟਰ ਪੰਚਾਇਤ ਵੱਲੋਂ ਪ੍ਰਿੰਸੀਪਲ ਬੁੱਧ ਰਾਮ ਦਾ ਵਿਸ਼ੇਸ਼ ਸਨਮਾਨ
Publish Date: Fri, 13 Nov 2026 06:28 PM (IST)
Updated Date: Fri, 13 Nov 2026 06:30 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਵਿਧਾਨ ਸਭਾ ਦੀ ਕਮੇਟੀ ਰੂਮ ’ਚ ਪੰਚਾਇਤੀ ਰਾਜ ਇਕਾਈਆਂ ਕਮੇਟੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਕਮੇਟੀ ਦੇ ਸਭਾਪਤੀ ਪ੍ਰਿੰਸੀਪਲ ਬੁੱਧ ਰਾਮ ਸਮੇਤ ਸਮੂਹ ਕਮੇਟੀ ਮੈਂਬਰਾਂ ਦਾ ਡਾਇਰੈਕਟਰੇਟ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਡਾਇਰੈਕਟਰ ਉਮਾ ਸ਼ੰਕਰ ਗੁਪਤਾ ਨੇ ਸਹਿਯੋਗ ਦੇਣ ਲਈ ਕਮੇਟੀ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਵਿਧਾਨ ਸਭਾ ਦੇ ਡਿਪਟੀ ਸੈਕਟਰੀ ਜਸਵਿੰਦਰ ਸਿੰਘ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ, ਪੰਜਾਬ ਸਰਕਾਰ ਦਾ ਇਕ ਅਜਿਹਾ ਨਿਵੇਕਲਾ ਅਤੇ ਅਹਿਮ ਅੰਗ ਹੈ ਜੋ ਪਿੰਡਾਂ ’ਚ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ, ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦਾ ਜੀਵਨ-ਪੱਧਰ ਉੱਚਾ ਚੁੱਕਣ ਲਈ ਹਮੇਸ਼ਾ ਤਤਪਰ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਪੇਂਡੂ ਵਿਕਾਸ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਬਹੁਤ ਉਦਮ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੱਧਰ ’ਤੇ ਵੀ ਸਕੀਮਾਂ ਦੀ ਹਰ ਪੱਖ ਤੋਂ ਸਮੀਖਿਆ ਕੀਤੀ ਗਈ ਹੈ। ਜਿੱਥੇ ਵੀ ਕੋਈ ਕਮੀ ਪੇਸ਼ੀ ਦਿਖਾਈ ਦਿੱਤੀ, ਉੱਥੇ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦੇ ਕੇ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਵਾਇਆ। ਇੱਥੇ ਹੀ ਬੱਸ ਨਹੀਂ ਕਮੇਟੀ ਵੱਲੋਂ ਪੰਚਾਇਤੀ ਸੰਸਥਾਵਾਂ ਦੀ ਵੱਡੀ ਪੱਧਰ ’ਤੇ ਪੈਂਡੈਂਸੀ ਨੂੰ ਖ਼ਤਮ ਕਰਦਿਆਂ ਇਕ ਨਵਾਂ ਇਤਿਹਾਸ ਸਿਰਜਿਆ। ਪਿਛਲੇ ਸਾਲ ਕਮੇਟੀ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਏਡੀਸੀ (ਵਿਕਾਸ), ਸਾਰੇ ਬੀਡੀਪੀਓਜ਼, ਸਾਰੇ ਡੀਡੀਪੀਓਜ਼ ਦੀ ਸਾਂਝੀ ਮੀਟਿੰਗ ਕਰਕੇ ਉਨ੍ਹਾਂ ਨੂੰ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਸੇਧਾਂ ਦਿੱਤੀਆਂ ਗਈਆਂ। ਪੰਚਾਇਤ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਡਿਪਟੀ ਡਾਇਰੈਕਟਰ ਅਰੁਣ ਸ਼ਰਮਾ ਅਤੇ ਮਹਾਂ ਲੇਖਾਕਾਰ (ਆਡਿਟ), ਪੰਜਾਬ ਅਤੇ ਲੋਕਲ ਫੰਡਜ਼ ਅਕਾਊਂਟਸ ਵਿਭਾਗ, ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨੇ ਪ੍ਰਿੰਸੀਪਲ ਬੁੱਧ ਰਾਮ ਦਾ ਉਨ੍ਹਾਂ ਦੀ ਅਗਵਾਈ ’ਚ ਲੰਬਾ ਸਮਾਂ ਕੰਮ ਕਰਨ ’ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਗੁਪਤਾ ਨੇ ਕਿਹਾ ਕਿ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ’ਚ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਤੋਂ ਉਨ੍ਹਾਂ ਨੂੰ ਬਹੁਤ ਵਧੀਆ ਸੇਧਾਂ ਪ੍ਰਾਪਤ ਹੋਈਆਂ ਹਨ, ਜਿਸ ਕਰਕੇ ਪਿੰਡਾਂ ’ਚ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ’ਚ ਬਹੁਤ ਮਦਦ ਮਿਲੀ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਸਾਰੇ ਅਧਿਕਾਰੀਆਂ ਦਾ ਸਨਮਾਨ ਕਰਦਿਆਂ, ਉਨ੍ਹਾਂ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਪ੍ਰਸੰਸਾ ਪੱਤਰ ਅਤੇ ਸਨਮਾਨ-ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਮੇਟੀ ਮੈਂਬਰ ਕੁਲਜੀਤ ਸਿੰਘ ਰੰਧਾਵਾ ਦਾ ਵੀ ਸਨਮਾਨ ਕੀਤਾ।