ਮੁਹਾਲੀ ਨੂੰ ਪੰਜਾਬ ਦੇ ਵਿਕਾਸ ਦੇ ਮਾਡਲ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ : ਡੀਸੀ ਮੁਹਾਲੀ ਨੂੰ ਵਿਕਸਿਤ ਕਰਨ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ : ਡੀਸੀ ਅਦਿੱਤਿਆ ਡਚਲਵਾਲ,
Publish Date: Thu, 12 Nov 2026 06:50 PM (IST)
Updated Date: Fri, 13 Nov 2026 04:00 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਕਿਹਾ ਕਿ ਮੁਹਾਲੀ ਪੰਜਾਬ ਦਾ ਗੇਟਵੇਅ ਹੈ ਅਤੇ ਸੂਬੇ ਦੇ ਵਿਕਾਸ ਦੇ ਨਵੇਂ ਮਾਡਲ ਵਜੋਂ ਇਸ ਜ਼ਿਲ੍ਹੇ ਨੂੰ ਵਿਕਸਿਤ ਕਰਨ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਸਕੱਤਰ ਕੇਏਪੀ ਸਿਨਹਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਐੱਸਏਐੱਸ ਨਗਰ ਵਰਗੇ ਮੋਹਰੀ ਜ਼ਿਲ੍ਹੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਆਈਟੀ ਇੰਡਸਟਰੀ, ਸਿੱਖਿਆ ਅਤੇ ਸਿਹਤ ਸਮੇਤ ਵੱਖ-ਵੱਖ ਖੇਤਰਾਂ ’ਚ ਤੇਜ਼ੀ ਨਾਲ ਉੱਭਰ ਰਿਹਾ ਹੈ। ਇੱਥੇ ਲਾਗੂ ਕੀਤੀਆਂ ਜਾਣ ਵਾਲੀਆਂ ਚੰਗੀਆਂ ਪਹਿਲਕਦਮੀਆਂ ਦਾ ਪ੍ਰਭਾਵ ਪੂਰੇ ਪੰਜਾਬ ਲਈ ਰਾਹ ਦਸੇਰਾ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ’ਚ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ’ਚ ਜਨਗਣਨਾ (ਸੈਂਸਸ) ਦਾ ਕੰਮ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ 16 ਤੋਂ 30 ਨਵੰਬਰ ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਤੋਂ ਬਾਅਦ ਪਹਿਲੀ ਦਸੰਬਰ ਤੋਂ ਟੀਮਾਂ ਵੱਲੋਂ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ, ਸੁਸਾਇਟੀਆਂ ਤੇ ਮੁਹੱਲਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਕਾਰਜ ’ਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐੱਸਐੱਸਆਰ) ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ ਅਤੇ 11 ਦਸੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਖਾਸ ਤੌਰ ਤੇ ਪਹਿਲੀ ਵਾਰ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ ਅਤੇ ਪਹਿਲੀ ਜਨਵਰੀ 2027 ਦੀ ਯੋਗਤਾ ਮਿਤੀ ਦੇ ਆਧਾਰ ਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਆਪਣੇ ਨਾਮ ਵੋਟਰ ਸੂਚੀ ’ਚ ਚੈੱਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਮਤਦਾਤਾ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਬਾਅਦ 11 ਦਸੰਬਰ ਤੱਕ ਦਾਅਵੇ ਅਤੇ ਇਤਰਾਜ਼ ਦਿੱਤੇ ਜਾ ਸਕਦੇ ਹਨ, ਜਿਨ੍ਹਾਂ ਦੇ ਨਿਪਟਾਰੇ ਬਾਅਦ 4 ਜਨਵਰੀ 2027 ਨੂੰ ਅੰਤਿਮ (ਫਾਈਨਲ) ਮਤਦਾਤਾ ਸੂਚੀ ਦੀ ਪ੍ਰਕਾਸ਼ਨਾ ਹੋਵੇਗੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ’ਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ-6 ਰਾਹੀਂ ਆਨਲਾਈਨ ਵੀ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਲੋਕ ਆਪਣੇ ਨਾਮ, ਵੇਰਵਿਆਂ ਦੀ ਸ਼ੁੱਧਤਾ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਜਾਂ ਡੁਪਲੀਕੇਟ ਐਂਟਰੀ ਦੀ ਵੀ ਜਾਂਚ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਜ਼ਿਲ੍ਹੇ ’ਚ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਸਰਗਰਮੀ ਅਤੇ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ ਅਤੇ ਇਸ ਮੁਹਿੰਮ ’ਚ ਲੋਕਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਮੁਹਾਲੀ ’ਚ ਬਿਲਡਰਾਂ ਵੱਲੋਂ ਫਲੈਟਾਂ ਦੀ ਅਦਾਇਗੀ ਲੈਣ ਦੇ ਬਾਵਜੂਦ ਸਮੇਂ ਸਿਰ ਕਬਜ਼ਾ ਨਾ ਦੇਣ ਸਬੰਧੀ ਮਸਲਿਆਂ ਬਾਰੇ ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਨਾਲ ਜੁੜਿਆ ਇਕ ਅਹਿਮ ਮੁੱਦਾ ਹੈ। ਉਹ ਪਹਿਲਾਂ ਇਸ ਸਮੱਸਿਆ ਦੇ ਸਾਰੇ ਪਹਿਲੂਆਂ ਨੂੰ ਸਮਝਣਗੇ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰਨਗੇ ਕਿ ਫਲੈਟਾਂ ਦਾ ਕਬਜ਼ਾ ਦੇਣ ’ਚ ਦੇਰੀ ਦੇ ਕੀ ਕਾਰਨ ਹਨ ਅਤੇ ਬਿਲਡਰਾਂ ਵੱਲੋਂ ਵਾਅਦੇ ਅਨੁਸਾਰ ਡਿਲੀਵਰੀ ਕਿਉਂ ਨਹੀਂ ਕੀਤੀ ਜਾ ਰਹੀ। ਇਸ ਤੋਂ ਬਾਅਦ ਇਸ ਮੁੱਦੇ ਦੇ ਹੱਲ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ। ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਡਚਲਵਾਲ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਦਫ਼ਤਰ ਸਾਰੇ ਕੰਮਕਾਜੀ ਦਿਨਾਂ ਦੌਰਾਨ ਲੋਕਾਂ ਲਈ ਖੁੱਲ੍ਹਾ ਰਹੇਗਾ ਅਤੇ ਉਨ੍ਹਾਂ ਨੂੰ ਮਿਲਣ ਲਈ ਪਹਿਲਾਂ ਸਮਾਂ ਲੈਣ ਜਾਂ ਕਿਸੇ ਵਿਚੋਲੇ ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ਤੇ ਉਪਲਬਧ ਆਪਣੇ ਅਧਿਕਾਰਤ ਸੰਪਰਕ ਨੰਬਰਾਂ ਰਾਹੀਂ ਵੀ ਸਿੱਧਾ ਸੰਪਰਕ ਕਰਨ ਦੀ ਅਪੀਲ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁਹਾਲੀ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਸੁਚੱਜਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਰਗਰਮ ਭਾਈਵਾਲੀ ਨਿਭਾਉਣ। ਡੀਸੀ ਨੇ ਪੱਤਰਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਡੀਆ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗਾ।