ਮੁਬਾਰਕਪੁਰ-ਰਾਮਗੜ੍ਹ ਰੋਡ 'ਤੇ ਬੇਸਹਾਰਾ ਪਸ਼ੂਆਂ ਦਾ ਕਹਿਰ, ਹਾਦਸਿਆਂ ਨੂੰ ਸੱਦਾ ਦੇ ਰਹੀ ਪ੍ਰਸ਼ਾਸਨਿਕ ਲਾਪਰਵਾਹੀ ਮੁਬਾਰਕਪੁਰ-ਰਾਮਗੜ੍ਹ ਮੁੱਖ ਮਾਰਗ 'ਤੇ ਬੇਸਹਾਰਾ ਪਸ਼ੂਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਅਤੇ ਇਨ੍ਹਾਂ ਦੇ ਆਪਸ ’ਚ ਭਿੜਨ ਕਾਰਨ ਵਾਹਨ ਚਾਲਕਾਂ ਲਈ ਜਾਨ ਦਾ ਵੱਡਾ ਖ਼ਤਰਾ ਬਣਿਆ ਰਹਿੰਦਾ ਹੈ।
Publish Date: Sun, 23 Aug 2026 11:18 AM (IST)
Updated Date: Sun, 23 Aug 2026 11:20 AM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਮੁਬਾਰਕਪੁਰ-ਰਾਮਗੜ੍ਹ ਮੁੱਖ ਮਾਰਗ 'ਤੇ ਬੇਸਹਾਰਾ ਪਸ਼ੂਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਅਤੇ ਇਨ੍ਹਾਂ ਦੇ ਆਪਸ ’ਚ ਭਿੜਨ ਕਾਰਨ ਵਾਹਨ ਚਾਲਕਾਂ ਲਈ ਜਾਨ ਦਾ ਵੱਡਾ ਖ਼ਤਰਾ ਬਣਿਆ ਰਹਿੰਦਾ ਹੈ।
ਸੜਕ ਵਿਚਾਲੇ ਆਪਸ ’ਚ ਲੜਦੇ ਇਹ ਬੇਸਹਾਰਾ ਪਸ਼ੂ ਆਏ ਦਿਨ ਭਿਆਨਕ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਜਿਸ ਕਾਰਨ ਲੰਘਣ ਵਾਲੇ ਰਾਹਗੀਰਾਂ ਤੇ ਵਾਹਨ ਚਾਲਕਾਂ ’ਚ ਦਹਿਸ਼ਤ ਦਾ ਮਾਹੌਲ ਹੈ। ਸਥਾਨਕ ਲੋਕਾਂ ਤੇ ਰਾਹਗੀਰਾਂ ਅਨੁਸਾਰ ਇਸ ਰੋਡ 'ਤੇ ਪਸ਼ੂਆਂ ਦੇ ਭਿੜਨ ਕਾਰਨ ਹੁਣ ਤੱਕ ਅਨੇਕਾਂ ਵਾਹਨ ਚਾਲਕ ਇਨ੍ਹਾਂ ਦੀ ਲਪੇਟ ’ਚ ਆ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਚੁੱਕੇ ਹਨ, ਜਦਕਿ ਕਈ ਬਦਕਿਸਮਤ ਲੋਕ ਆਪਣੀ ਜਾਨ ਵੀ ਗਵਾ ਚੁੱਕੇ ਹਨ। ਇਸ ਤੋਂ ਇਲਾਵਾ ਹਾਦਸਿਆਂ ਦੌਰਾਨ ਅਨੇਕਾਂ ਗੱਡੀਆਂ ਤੇ ਦੁਪਹੀਆ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਜਾ ਚੁੱਕੇ ਹਨ, ਜਿਸ ਨਾਲ ਲੋਕਾਂ ਦਾ ਭਾਰੀ ਵਿੱਤੀ ਨੁਕਸਾਨ ਵੀ ਹੋ ਰਿਹਾ ਹੈ। ਇਸ ਗੰਭੀਰ ਸਮੱਸਿਆ ਦੇ ਬਾਵਜੂਦ ਨਗਰ ਕੌਂਸਲ ਦੇ ਅਧਿਕਾਰੀ ਕੋਈ ਧਿਆਨ ਨਹੀਂ ਦੇ ਰਹੇ। ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਪ੍ਰਸ਼ਾਸਨ ਨੇ ਇਨ੍ਹਾਂ ਪਸ਼ੂਆਂ ਨੂੰ ਫੜ ਕੇ ਗਊਸ਼ਾਲਾਵਾਂ ’ਚ ਭੇਜਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ। ਰਾਤ ਦੇ ਸਮੇਂ ਸੜਕਾਂ 'ਤੇ ਹਨੇਰਾ ਹੋਣ ਕਾਰਨ ਇਹ ਪਸ਼ੂ ਹੋਰ ਵੀ ਖ਼ਤਰਨਾਕ ਸਾਬਤ ਹੁੰਦੇ ਹਨ।
ਇਲਾਕਾ ਨਿਵਾਸੀਆਂ ਤੇ ਵਾਹਨ ਚਾਲਕਾਂ ਨੇ ਨਗਰ ਕੌਂਸਲ ਦੇ ਉੱਚ ਅਧਿਕਾਰੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਬਾਰਕਪੁਰ-ਰਾਮਗੜ੍ਹ ਰੋਡ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਤੁਰੰਤ ਫੜ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ, ਤਾਂ ਜੋ ਆਉਣ ਵਾਲੇ ਸਮੇਂ ’ਚ ਹੋਰ ਕੀਮਤੀ ਜਾਨਾਂ ਬਚਾਈਆਂ ਜਾ ਸਕਣ।