ਟ੍ਰੈਫਿਕ ਨਿਯਮ ਤੋੜਨ ਵਾਲੇ ਵਿਦਿਆਰਥੀਆਂ 'ਤੇ ਸਖ਼ਤੀ; ਜੈਨ ਸਕੂਲ ਦੇ ਸਾਹਮਣੇ ਕੀਤੇ ਚਾਲਾਨ
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਦਿਆਰਥੀਆਂ 'ਤੇ ਸਖ਼ਤੀ; ਜੈਨ ਸਕੂਲ ਦੇ ਸਾਹਮਣੇ ਕੀਤੇ ਚਾਲਾਨ
Publish Date: Thu, 29 Jan 2026 06:25 PM (IST)
Updated Date: Thu, 29 Jan 2026 06:28 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ’ਚ ਟ੍ਰੈਫਿਕ ਪੁਲਿਸ ਵੱਲੋਂ ਸੜਕੀ ਹਾਦਸਿਆਂ ਨੂੰ ਰੋਕਣ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਸਥਾਨਕ ਬੱਸ ਸਟੈਂਡ ਦੇ ਨੇੜੇ ਸਥਿਤ ਜੈਨ ਸਕੂਲ ਦੇ ਸਾਹਮਣੇ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਦੀ ਅਗਵਾਈ ਵਿਚ ਨਾਕਾਬੰਦੀ ਕੀਤੀ ਗਈ। ਇਸ ਮੌਕੇ ਚੈਕਿੰਗ ਦੌਰਾਨ ਮੋਟਰਸਾਈਕਲਾਂ ਅਤੇ ਸਕੂਟਰਾਂ ਤੇ ਤਿੰਨ-ਤਿੰਨ ਸਵਾਰ ਹੋ ਕੇ ਆਉਣ ਵਾਲੇ (ਟ੍ਰਿਪਲ ਰਾਈਡਿੰਗ) ਵਿਦਿਆਰਥੀਆਂ ਦੇ ਵੱਡੀ ਗਿਣਤੀ ਵਿਚ ਚਾਲਾਨ ਕੱਟੇ ਗਏ। ਕਈ ਵਿਦਿਆਰਥੀ ਬਿਨ੍ਹਾਂ ਹੈਲਮੇਟ ਅਤੇ ਬਿਨ੍ਹਾਂ ਲੋੜੀਂਦੇ ਦਸਤਾਵੇਜ਼ਾਂ ਦੇ ਵਾਹਨ ਚਲਾਉਂਦੇ ਪਾਏ ਗਏ। ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਦੱਸਿਆ ਕਿ ਕਈ ਵਾਰ ਸਮਝਾਉਣ ਦੇ ਬਾਵਜੂਦ ਵੀ ਸਕੂਲੀ ਬੱਚੇ ਨਿਯਮਾਂ ਦੀ ਉਲੰਘਣਾ ਕਰਦੇ ਹਨ, ਜਿਸ ਕਾਰਨ ਅੱਜ ਇਹ ਸਖ਼ਤ ਕਾਰਵਾਈ ਕਰਨੀ ਪਈ। ਟ੍ਰੈਫਿਕ ਇੰਚਾਰਜ ਡੇਰਾਬੱਸੀ ਸੁਰਿੰਦਰ ਸਿੰਘ ਨੇ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਘੱਟ ਉਮਰ ਵਿਚ ਵਾਹਨ ਨਾ ਦੇਣ ਅਤੇ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾ ਵਿਚ ਵੀ ਇਹ ਮੁਹਿੰਮ ਜਾਰੀ ਰਹੇਗੀ ਤਾਂ ਜੋ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਰੱਖਿਆ ਜਾ ਸਕੇ।