ਅਣ-ਅਧਿਕਾਰਤ ਕਾਲੋਨੀਆਂ ਖ਼ਿਲਾਫ਼ ਕਾਰਵਾਈ, ਚਲਾਇਆ ਪੀਲਾ ਪੰਜਾ
ਅਣ-ਅਧਿਕਾਰਤ ਕਾਲੋਨੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਚਲਾਇਆ ਪੀਲਾ ਪੰਜਾ
Publish Date: Mon, 09 Feb 2026 08:50 PM (IST)
Updated Date: Mon, 09 Feb 2026 08:53 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਡੇਰਾਬੱਸੀ ਖੇਤਰ ਦੇ ਆਲੇ-ਦੁਆਲੇ ਗ਼ੈਰ-ਕਾਨੂੰਨੀ ਤਰੀਕੇ ਨਾਲ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਖ਼ਿਲਾਫ਼ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਵੱਡੀ ਕਾਰਵਾਈ ਕਰਦਿਆਂ ਪੀਲਾ ਪੰਜਾ ਚਲਾਇਆ ਗਿਆ। ਕਾਲੋਨਾਈਜ਼ਰਾਂ ਵੱਲੋਂ ਨਿਯਮਾਂ ਦੀ ਅਣਦੇਖੀ ਕਰ ਕੇ ਬਿਨਾਂ ਮਨਜ਼ੂਰੀ ਦੇ ਕੱਟੀਆਂ ਜਾ ਰਹੀਆਂ ਕਾਲੋਨੀਆਂ ’ਤੇ ਇਹ ਸਖ਼ਤ ਕਦਮ ਚੁੱਕਿਆ ਗਿਆ। ਇਸ ਕਾਰਵਾਈ ਨਾਲ ਇਲਾਕੇ ’ਚ ਗ਼ੈਰ-ਕਾਨੂੰਨੀ ਉਸਾਰੀਆਂ ਕਰਨ ਵਾਲਿਆਂ ’ਚ ਹੜਕੰਪ ਮਚ ਗਿਆ। ਜ਼ਿਲ੍ਹਾ ਟਾਊਨ ਪਲਾਨਰ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਕਾਰਵਾਈ ਡੇਰਾਬੱਸੀ ਦੇ ਨੇੜਲੇ ਕਈ ਪਿੰਡਾਂ ਵਿਚ ਕੀਤੀ ਗਈ। ਜਿਨ੍ਹਾਂ ਪਿੰਡਾਂ ਵਿਚ ਗਮਾਡਾ ਦੀ ਟੀਮ ਵੱਲੋਂ ਕਾਰਵਾਈ ਕੀਤੀ ਗਈ, ਉਨ੍ਹਾਂ ਵਿਚ ਸਮਗੌਲੀ, ਬੇਹੜਾ, ਨਿੰਬੂਆ, ਸੁੰਡਰਾਂ, ਦਫ਼ਰਪੁਰ, ਮੋਰ ਠੀਕਰੀ ਅਤੇ ਪੰਡਵਾਲਾ ਸ਼ਾਮਲ ਹਨ। ਇਨ੍ਹਾਂ ਸਾਰੀਆਂ ਥਾਵਾਂ ’ਤੇ ਕਾਲੋਨਾਈਜ਼ਰਾਂ ਵੱਲੋਂ ਬਿਨਾਂ ਕਿਸੇ ਕਾਨੂੰਨੀ ਮਨਜ਼ੂਰੀ ਦੇ ਰਿਹਾਇਸ਼ੀ ਅਤੇ ਉਦਯੋਗਿਕ ਕਾਲੋਨੀਆਂ ਵਿਕਸਿਤ ਕੀਤੀਆਂ ਜਾ ਰਹੀਆਂ ਸਨ। ਇਸ ਵੱਡੀ ਕਾਰਵਾਈ ਦੌਰਾਨ ਗਮਾਡਾ ਵਿਭਾਗ ਦੀ ਪੂਰੀ ਟੀਮ ਮੌਜੂਦ ਰਹੀ, ਜਿਸ ਦੀ ਅਗਵਾਈ ਜੇਈ ਸ਼ੁਭਕਰਨ ਨੇ ਕੀਤੀ। ਉਨ੍ਹਾਂ ਦੇ ਨਾਲ ਵਿਭਾਗ ਦਾ ਸੁਰੱਖਿਆ ਸਟਾਫ਼ ਅਤੇ ਪੁਲਿਸ ਵਿਭਾਗ ਦੀ ਪੂਰੀ ਫੋਰਸ ਵੀ ਤਾਇਨਾਤ ਰਹੀ, ਤਾਂ ਜੋ ਕਾਰਵਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਵਸਥਾ ਨਾ ਪੈਦਾ ਹੋਵੇ। ਪ੍ਰਸ਼ਾਸਨ ਦੀ ਨਿਗਰਾਨੀ ਹੇਠ ਸ਼ਾਂਤੀਪੂਰਵਕ ਢੰਗ ਨਾਲ ਗ਼ੈਰ-ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ। ਸ਼ੁਭਕਰਨ ਸਿੰਘ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜ਼ਮੀਨ ਜਾਂ ਪਲਾਟ ਖ਼ਰੀਦਣ ਤੋਂ ਪਹਿਲਾਂ ਇਹ ਜ਼ਰੂਰ ਜਾਂਚ ਲੈਣ ਕਿ ਸਬੰਧਿਤ ਕਾਲੋਨੀ ਸਬੰਧਿਤ ਅਥਾਰਟੀ ਤੋਂ ਮਨਜ਼ੂਰਸ਼ੁਦਾ ਹੈ ਜਾਂ ਨਹੀਂ। ਗ਼ੈਰ-ਅਧਿਕਾਰਤ ਕਾਲੋਨੀਆਂ ਵਿਚ ਨਿਵੇਸ਼ ਕਰਨ ਨਾਲ ਭਵਿੱਖ ਵਿਚ ਲੋਕਾਂ ਨੂੰ ਕਾਨੂੰਨੀ ਮੁਸ਼ਕਲਾਂ ਦੇ ਨਾਲ-ਨਾਲ ਵੱਡਾ ਆਰਥਿਕ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਗਮਾਡਾ ਦਾ ਮੁੱਖ ਉਦੇਸ਼ ਖੇਤਰ ਵਿਚ ਯੋਜਨਾਬੱਧ ਵਿਕਾਸ ਨੂੰ ਉਤਸ਼ਾਹਤ ਕਰਨਾ ਹੈ ਅਤੇ ਗ਼ੈਰ-ਕਾਨੂੰਨੀ ਉਸਾਰੀਆਂ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਾਲੋਨਾਈਜ਼ਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ। ਗਮਾਡਾ ਵੱਲੋਂ ਕੀਤੀ ਗਈ ਇਸ ਕਾਰਵਾਈ ਨਾਲ ਸਪੱਸ਼ਟ ਸੰਦੇਸ਼ ਗਿਆ ਹੈ ਕਿ ਡੇਰਾਬੱਸੀ ਖੇਤਰ ਵਿਚ ਅਣ-ਅਧਿਕਾਰਤ ਕਾਲੋਨੀਆਂ ’ਤੇ ਪ੍ਰਸ਼ਾਸਨ ਦੀ ਕੜੀ ਨਜ਼ਰ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।