ਸੜਕਾਂ ਦੇ ਕੰਮਾਂ ਸਬੰਧੀ 31 ਤਕ ਪ੍ਰਾਜੈਕਟ ਮੁਕੰਮਲ ਕਰਨ ਦੇ ਨਿਰਦੇਸ਼
ਸੜਕਾਂ ਦੇ ਕੰਮਾਂ ’ਤੇ ਸਖ਼ਤੀ 31 ਮਾਰਚ ਤੱਕ ਪ੍ਰੋਜੈਕਟ ਮੁਕੰਮਲ ਕਰਨ ਦੇ ਨਿਰਦੇਸ਼
Publish Date: Mon, 16 Feb 2026 05:23 PM (IST)
Updated Date: Mon, 16 Feb 2026 05:27 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ
ਡੇਰਾਬੱਸੀ : ਡੇਰਾਬੱਸੀ ਹਲਕੇ ਵਿਚ ਸੜਕਾਂ ਦੀ ਮੌਜੂਦਾ ਹਾਲਤ ਨੂੰ ਸੁਧਾਰਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਲਈ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਇਕ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ ਗਈ। ਬੈਠਕ ਵਿਚ ਐੱਸਡੀਐੱਮ ਡੇਰਾਬੱਸੀ ਸਮੇਤ ਪੀਡਬਲਯੂਡੀ, ਮੰਡੀ ਬੋਰਡ, ਮਾਈਨਿੰਗ ਤੇ ਡਰੇਨੇਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਹਾਜ਼ਰੀ ਭਰੀ। ਇਸ ਦੌਰਾਨ ਹਲਕੇ ਦੀਆਂ ਖ਼ਰਾਬ ਸੜਕਾਂ ਦੀ ਵਿਸਥਾਰ ਨਾਲ ਸਮੀਖਿਆ ਕਰਦੇ ਹੋਏ ਪ੍ਰਾਇਰਟੀ ਲਿਸਟ ਤਿਆਰ ਕੀਤੀ ਗਈ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਡੇਰਾਬੱਸੀ ’ਚ ਚੱਲ ਰਹੇ ਅਤੇ ਮਨਜ਼ੂਰੀ ਅਧੀਨ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਧਾਰਤ ਟਾਈਮਲਾਈਨ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ। ਬਜਟ ਅਤੇ ਫੰਡਿੰਗ ਸਥਿਤੀ ਦੀ ਵੀ ਜਾਂਚ ਕੀਤੀ ਗਈ ਅਤੇ ਰੁਕਾਵਟਾਂ ਨੂੰ ਤੁਰੰਤ ਦੂਰ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਵਿਧਾਇਕ ਨੇ ਕੰਮ ਦੀ ਗੁਣਵੱਤਾ ’ਤੇ ਖ਼ਾਸ ਜ਼ੋਰ ਦਿੰਦਿਆਂ ਨਿਗਰਾਨੀ ਪ੍ਰਣਾਲੀ ਮਜ਼ਬੂਤ ਕਰਨ ਅਤੇ ਠੇਕੇਦਾਰਾਂ ਦੀ ਜਵਾਬਦੇਹੀ ਨਿਸ਼ਚਿਤ ਕਰਨ ਲਈ ਕਿਹਾ। ਇਸ ਦੇ ਨਾਲ ਹੀ ਮੀਂਹ ਦੌਰਾਨ ਪਾਣੀ ਖੜ੍ਹਾ ਹੋਣ ਕਾਰਨ ਸੜਕਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਡਰੇਨੇਜ਼ ਸਿਸਟਮ ਨਾਲ ਪ੍ਰਭਾਵਸ਼ਾਲੀ ਕੋਆਰਡੀਨੇਸ਼ਨ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਹਲਕੇ ਦੀਆਂ ਪ੍ਰਾਇਰਟੀ ਸੜਕਾਂ ਦੇ ਸਾਰੇ ਕੰਮ 31 ਮਾਰਚ ਤਕ ਹਰ ਹਾਲਤ ਵਿਚ ਮੁਕੰਮਲ ਕੀਤੇ ਜਾਣ, ਤਾਂ ਜੋ ਡੇਰਾਬੱਸੀ ਦੇ ਵਾਸੀਆਂ ਨੂੰ ਬਿਹਤਰ ਅਤੇ ਸੁਰੱਖਿਅਤ ਆਵਾਜਾਈ ਸਹੂਲਤ ਮਿਲ ਸਕੇ।