ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਅੱਗ ਬੁਝਾਊ ਪ੍ਰਬੰਧਾਂ ਬਾਰੇ ਕੀਤਾ ਜਾਗਰੂਕ
ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਅੱਗ ਬੁਝਾਊ ਪ੍ਰਬੰਧਾਂ ਬਾਰੇ ਕੀਤਾ ਜਾਗਰੂਕ
Publish Date: Thu, 12 Feb 2026 07:17 PM (IST)
Updated Date: Thu, 12 Feb 2026 07:21 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਨੇੜਲੇ ਪਿੰਡ ਰਾਣੀਮਾਜਰਾ ਦੇ ਸਰਕਾਰੀ ਸਕੂਲ ਵਿਖੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਅੱਗ ਲੱਗਣ ਵਰਗੀਆਂ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਬਾਰੇ ਅਹਿਮ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟ੍ਰੈਫਿਕ ਇੰਚਾਰਜ ਡੇਰਾਬੱਸੀ, ਸੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੜਕੀ ਹਾਦਸਿਆਂ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਨਾਬਾਲਿਗ ਬੱਚਿਆਂ ਨੂੰ ਵਾਹਨ ਨਾ ਚਲਾਉਣ, ਹੈਲਮੇਟ ਦੀ ਵਰਤੋਂ ਕਰਨ ਅਤੇ ਸੜਕੀ ਸੰਕੇਤਾਂ ਦੀ ਮਹੱਤਤਾ ਬਾਰੇ ਵਿਸਥਾਰ ਵਿਚ ਦੱਸਿਆ। ਇਸ ਤੋਂ ਇਲਾਵਾ ਫਾਇਰ ਅਫ਼ਸਰ ਮਹਿੰਦਰਪਾਲ ਨੇ ਵਿਦਿਆਰਥੀਆਂ ਨੂੰ ਫਾਇਰ ਸਟੇਸ਼ਨ ਦੀ ਕਾਰਜਪ੍ਰਣਾਲੀ ਬਾਰੇ ਦੱਸਿਆ। ਉਨ੍ਹਾਂ ਨੇ ਪ੍ਰੈਕਟੀਕਲ ਤੌਰ ਤੇ ਸਮਝਾਇਆ ਕਿ ਅਚਾਨਕ ਅੱਗ ਲੱਗਣ ਦੀ ਸੂਰਤ ਵਿਚ ਕਿਸ ਤਰ੍ਹਾਂ ਸਬਰ ਤੋਂ ਕੰਮ ਲੈਣਾ ਹੈ ਅਤੇ ਅੱਗ ਬੁਝਾਊ ਯੰਤਰਾਂ ਦੀ ਵਰਤੋਂ ਕਿਵੇਂ ਕਰਨੀ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਨੇ ਟ੍ਰੈਫਿਕ ਅਤੇ ਫਾਇਰ ਬ੍ਰਿਗੇਡ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਨ੍ਹਾਂ ਨਿਯਮਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ। ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਦੱਸਿਆ ਕਿ ਅਜਿਹੇ ਸੈਮੀਨਾਰਾਂ ਦਾ ਮਕਸਦ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ ਤਾਂ ਜੋ ਉਹ ਭਵਿੱਖ ਵਿਚ ਸੁਰੱਖਿਅਤ ਰਹਿ ਸਕਣ। ਇਸ ਮੌਕੇ ਸਕੂਲ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ, ਜਿਨ੍ਹਾਂ ਨੇ ਬੜੀ ਦਿਲਚਸਪੀ ਨਾਲ ਸੈਮੀਨਾਰ ’ਚ ਹਿੱਸਾ ਲਿਆ।