- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਿਜ਼ਰਾਬਾਦ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ,

-ਹਰਕੀਰਤ ਸਿੰਘ ਨੇ ਵੇਟਲਿਫਟਿੰਗ ਅਤੇ ਜੈਸਮੀਨ ਮੜਾਕ ਨੇ ਕੁਸ਼ਤੀ ’ਚ ਜਿੱਤੇ ਸੋਨ ਤਗ਼ਮੇ
ਰੋਹਿਤ ਗੁਪਤਾ, ਪੰਜਾਬੀ ਜਾਗਰਣ
ਮਾਜਰੀ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਜ਼ਰਾਬਾਦ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਹਰਕੀਰਤ ਸਿੰਘ ਪੁੱਤਰ ਸੋਹਨ ਸਿੰਘ ਨੇ ਅੰਡਰ-17 ਸਕੂਲ ਪੰਜਾਬ ਰਾਜ ਪੱਧਰੀ ਵੇਟਲਿਫਟਿੰਗ ਮੁਕਾਬਲਿਆਂ ’ਚ ਸੋਨ ਤਗ਼ਮਾ ਹਾਸਲ ਕੀਤਾ। ਇਸੇ ਤਰ੍ਹਾਂ 8ਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਮੜਾਕ ਪੁੱਤਰੀ ਵਿਜੇ ਕੁਮਾਰ ਨੇ ਰਾਜ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਸੋਨ ਤਗ਼ਮਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੀ ਲੜਕੀਆਂ ਦੀ ਫੁੱਟਬਾਲ ਟੀਮ ਨੇ ਵੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਦੇ ਪ੍ਰਿੰਸੀਪਲ ਮੋਨਜੀਤ ਸਿੰਘ, ਲੈਕਚਰਾਰ ਹਰਵਿੰਦਰ ਸਿੰਘ, ਪ੍ਰਦੀਪ ਛਾਬੜਾ, ਲਖਵੀਰ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਕੁਸ਼ਲਪਾਲ ਰਾਣਾ, ਪਿੰਡ ਖਿਜ਼ਰਾਬਾਦ ਦੇ ਸਰਪੰਚ ਨਰਪਾਲ ਰਾਣਾ, ਐੱਸਐੱਮਸੀ ਦੀ ਚੇਅਰਪਰਸਨ ਰਜਨੀ ਅਤੇ ਕਮੇਟੀ ਦੇ ਮੈਂਬਰਾਂ ਸਮੇਤ ਸਕੂਲ ਪ੍ਰਬੰਧਕਾਂ ਤੇ ਪਿੰਡ ਦੇ ਪਤਵੰਤੇ ਸੱਜਣਾਂ ਵੱਲੋਂ ਵੀ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ ਅਤੇ ਮਿਠਾਈਆਂ ਵੰਡੀਆਂ ਗਈਆਂ। ਸਕੂਲ ਪ੍ਰਬੰਧਕਾਂ ਅਨੁਸਾਰ ਹਰਕੀਰਤ ਸਿੰਘ ਨਵੰਬਰ ਮਹੀਨੇ ਵਿਚ ਮਣੀਪੁਰ ਦੇ ਇੰਫਾਲ ਵਿਖੇ ਹੋਣ ਵਾਲੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ ਭਾਗ ਲੈਣਗੇ, ਜਦਕਿ ਜੈਸਮੀਨ ਮੜਾਕ ਦਿੱਲੀ ਵਿਖੇ ਹੋਣ ਵਾਲੀਆਂ ਰਾਸ਼ਟਰੀ ਕੁਸ਼ਤੀ ਖੇਡਾਂ ਵਿਚ ਪੰਜਾਬ ਦੀ ਨੁਮਾਇੰਦਗੀ ਕਰਨਗੇ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਨ੍ਹਾਂ ਦੋਹਾਂ ਖਿਡਾਰੀਆਂ ਦੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨਗੀਆਂ।