ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 'ਆਪ' ਸਰਕਾਰ 'ਤੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮਾਮਲੇ 'ਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ 'ਚ ਨਾਕਾਮ ਰਹਿਣ ਤੇ ਮਾਮਲਾ ਸਹੀ ਢੰਗ ਨਾਲ ਕੇਂਦਰ ਸਰਕਾਰ ਕੋਲ ਪੇਸ਼ ਨਾ ਕਰਨ ਦਾ ਦੋਸ਼ ਲਾਇਆ ਹੈ।

ਸੁਖਬੀਰ ਸਿੰਘ ਬਾਦਲ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬੀਆਂ ਦੇ ਮਾਣ-ਸਨਮਾਨ ਦਾ ਪ੍ਰਤੀਕ ਹੈ ਤੇ ਪੰਜਾਬੀ ਨਹੀਂ ਚਾਹੁੰਦੇ ਕਿ ਇਸ ਦੇ ਵਿਲੱਖਣ ਚਰਿੱਤਰ ਨਾਲ ਕੋਈ ਛੇੜਛਾੜ ਕੀਤੀ ਜਾਵੇ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸਹੀ ਢੰਗ ਨਾਲ ਸੂਬੇ ਦੇ ਸਟੈਂਡ ਦੀ ਪੈਰਵੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬ ਦੇ ਕੇਸ ਦਾ ਨੁਕਸਾਨ ਹੋਇਆ ਹੈ। ਪੰਜਾਬ ਯੂਨੀਵਰਸਿਟੀ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਪ੍ਰਤੀਕ ਹੈ ਤੇ ਇਸ ਦੇ ਅਧਿਕਾਰ ਖੇਤਰ 'ਚ ਕੇਂਦਰ ਵੱਲੋਂ ਛੇੜਛਾੜ ਕਰਨਾ ਸੂਬੇ ਤੇ ਇਸ ਦੇ ਲੋਕਾਂ ਦੇ ਖ਼ਿਲਾਫ਼ ਹੋਵੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ 'ਚ ਪੰਜਾਬ ਯੂਨੀਵਰਸਿਟੀ ਤੋਂ ਪੰਜਾਬ ਦਾ ਕੰਟਰੋਲ ਖ਼ਤਮ ਕਰਨ ਵਾਸਤੇ ਅਨੇਕਾਂ ਸਾਜ਼ਿਸ਼ਾਂ ਰਚੀਆਂ ਗਈਆਂ। ਉਹ ਮਾਣ ਨਾਲ ਕਹਿ ਸਕਦੇ ਹਨ ਕਿ ਅਕਾਲੀ ਦਲ ਨੇ ਹਮੇਸ਼ਾ ਅੱਗੇ ਹੋ ਕੇ ਲੜਾਈ ਲੜੀ ਤਾਂ ਜੋ 'ਵਰਸਿਟੀ ਦੇ ਵਿਲੱਖਣ ਚਰਿੱਤਰ ਨਾਲ ਛੇੜਛਾੜ ਨਾ ਹੋ ਸਕੇ। ਉਨ੍ਹਾਂ ਨੇ ਪ੍ਰਸ਼ਾਸਕੀ ਸੁਧਾਰ ਦੇ ਨਾਂ 'ਤੇ ਕਮੇਟੀ ਬਣਾ ਕੇ ਯੂਨੀਵਰਸਿਟੀ ਦੇ ਅਧਿਕਾਰ ਖੇਤਰ 'ਚ ਤਬਦੀਲੀ ਕਰਨ ਤੇ ਯੂਨੀਵਰਸਿਟੀ ਦੀ ਸਿੰਡੀਕੇਟ ਲਈ ਚੁਣੇ ਹੋਏ ਪ੍ਰਤੀਨਿਧੀਆਂ ਦੀ ਥਾਂ 'ਤੇ ਐਕਸ ਆਫੀਸ਼ੀਓ ਤੇ ਨਾਮਜ਼ਦ ਮੈਬਰਾਂ ਦੀ ਸਿਫਾਰਸ਼ ਨਾਲ ਸੰਸਥਾ 'ਚੋਂ ਪੰਜਾਬੀਆਂ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਵਾਲਾ ਵੀ ਦਿੱਤਾ।