ਭਾਖੜਾ ਡੈਮ 'ਚ ਪਾਣੀ ਦਾ ਪੱਧਰ ਵਧਣ ’ਤੇ ਸੁਖਬੀਰ ਬਾਦਲ ਨੇ ਚੁੱਕੇ ਸਵਾਲ, ਪੰਜਾਬ ਸਰਕਾਰ ਨੂੰ ਕੀਤਾ ਖ਼ਬਰਦਾਰ; ਮੌਨਸੂਨ ਤੋਂ ਪਹਿਲਾਂ ਕੀਤੀ ਇਹ ਮੰਗ
ਬਾਦਲ ਨੇ ਕਿਹਾ ਕਿ ਪਿਛਲੇ ਸਾਲ ਵੀ ਸਰਕਾਰ ਸਮੇਂ ਸਿਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਕੋਲ ਪਾਣੀ ਛੱਡਣ ਦਾ ਮੁੱਦਾ ਉਠਾਉਣ ਵਿੱਚ ਨਾਕਾਮ ਰਹੀ ਸੀ, ਜਿਸ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਅਤੇ ਲੱਖਾਂ ਏਕੜ ਝੋਨੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ।
Publish Date: Fri, 12 Jun 2026 08:36 AM (IST)
Updated Date: Fri, 12 Jun 2026 08:39 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਖੜਾ ਡੈਮ ਵਿੱਚ ਪਾਣੀ ਦੇ ਪੱਧਰ ਵਿੱਚ ਹੋਏ ਵਾਧੇ ’ਤੇ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਡੈਮ ਦਾ ਪਾਣੀ ਪੱਧਰ ਪਿਛਲੇ ਸਾਲ ਦੇ ਮੁਕਾਬਲੇ 21 ਫੁੱਟ ਵੱਧ ਹੋ ਕੇ 1578 ਫੁੱਟ ਤੱਕ ਪਹੁੰਚ ਗਿਆ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਗੰਭੀਰ ਮਾਮਲੇ ਦਾ ਨੋਟਿਸ ਨਹੀਂ ਲਿਆ।
ਬਾਦਲ ਨੇ ਕਿਹਾ ਕਿ ਪਿਛਲੇ ਸਾਲ ਵੀ ਸਰਕਾਰ ਸਮੇਂ ਸਿਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਕੋਲ ਪਾਣੀ ਛੱਡਣ ਦਾ ਮੁੱਦਾ ਉਠਾਉਣ ਵਿੱਚ ਨਾਕਾਮ ਰਹੀ ਸੀ, ਜਿਸ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਅਤੇ ਲੱਖਾਂ ਏਕੜ ਝੋਨੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਾਲ ਵੀ ਅਜਿਹੇ ਹੀ ਹਾਲਾਤ ਬਣ ਰਹੇ ਹਨ ਅਤੇ ਜੇਕਰ ਮੌਨਸੂਨ ਦੌਰਾਨ ਵੱਧ ਮੀਂਹ ਪਿਆ ਤਾਂ ਅਚਾਨਕ ਪਾਣੀ ਛੱਡਣ ਕਾਰਨ ਹੜ੍ਹ ਦਾ ਖ਼ਤਰਾ ਪੈਦਾ ਹੋ ਸਕਦਾ ਹੈ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਮਾਲਵਾ ਖੇਤਰ ਦੀਆਂ ਕਈ ਡਰੇਨਾਂ ਸੁੱਕੀਆਂ ਪਈਆਂ ਹਨ, ਇਸ ਲਈ ਸਰਕਾਰ ਨੂੰ ਤੁਰੰਤ ਬੀਬੀਐਮਬੀ ਕੋਲ ਮਾਮਲਾ ਉਠਾ ਕੇ ਨਿਯਮਤ ਤੌਰ ’ਤੇ ਪਾਣੀ ਛੱਡਣ ਦੀ ਮੰਗ ਕਰਨੀ ਚਾਹੀਦੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਮੇਂ ਸਿਰ ਕਦਮ ਨਾ ਚੁੱਕੇ ਗਏ ਤਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਵੱਲੋਂ ਵਾਟਰ ਸੈੱਸ ਖ਼ਤਮ ਕਰਨ ਦੇ ਦਾਅਵਿਆਂ ਦੀ ਵੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸੈੱਸ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਪਹਿਲਾਂ ਹੀ ਖ਼ਤਮ ਕਰ ਚੁੱਕੀ ਸੀ। ਉਨ੍ਹਾਂ ਪਟਿਆਲਾ ਵਿੱਚ ਅਪ੍ਰੈਂਟਿਸ ਲਾਈਨਮੈਨਾਂ ’ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਇਸ ਨੂੰ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਕਰਾਰ ਦਿੱਤਾ।
ਪ੍ਰਧਾਨ ਮੰਤਰੀ ਨੂੰ ਦਿੱਤੀ ਵਧਾਈ
ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਲੋਕ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਇਤਿਹਾਸਕ ਪ੍ਰਾਪਤੀ ਹੈ।