ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਵੱਲੋਂ ਤਿੰਨ ਖੇਤੀ ਬਿੱਲਾਂ ਅਤੇ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਦਰਬਾਰੀ ਭਾਸ਼ਾ ਵਜੋਂ ਬਾਹਰ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇਣ ਨੂੰ ਮੰਦਭਾਗਾ ਫੈਸਲਾ ਦੱਸਿਆ ਹੈ। ਬਾਦਲ ਨੇ ਕਿਹਾ ਕਿ ਇਹ ਦੇਸ਼ ਵਾਸਤੇ ਕਾਲਾ ਦਿਨ ਹੈ ਜਦੋਂ ਰਾਸ਼ਟਰਪਤੀ ਨੇ ਦੇਸ਼ ਦੀ ਜ਼ਮੀਰ ਦੀ ਆਵਾਜ਼ ਬਣਨ ਤੋਂ ਨਾਂਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਸਾਨੂੰ ਆਸ ਸੀ ਕਿ ਮਾਣਯੋਗ ਰਾਸ਼ਟਰਪਤੀ ਸ਼੍ਰੋਮਣੀ ਅਕਾਲੀ ਦਲ ਤੇ ਕੁਝ ਹੋਰ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਮੰਗ ਅਨੁਸਾਰ ਇਹ ਬਿੱਲ ਮੁੜ ਵਿਚਾਰ ਲਈ ਸੰਸਦ ਨੂੰ ਭੇਜਣਗੇ। ਬਾਦਲ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਵਿਸਥਾਰ ਵਿਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਅਗਲੀ ਰਣਨੀਤੀ ਉਲੀਕੇਗੀ।

Posted By: Jagjit Singh