- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਪੰਜਾਬ ਵਿੱਚ ਆਪਣੀ ਸਥਿਤੀ ਮਜ਼ਬੂਤ ਕਰ ਰਹੀ ਹੈ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਕਈ ਪ੍ਰਮੁੱਖ ਆਗੂ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਨ੍ਹਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੰਘ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਅਤੇ ਅਕਾਲੀ ਦਲ ਦੇ ਸਾਬਕਾ ਨੇਤਾ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ। ਸਾਰਿਆਂ ਦੀਆਂ ਨਜ਼ਰਾਂ ਇਸ ਰਾਜਨੀਤਿਕ ਘਟਨਾਕ੍ਰਮ 'ਤੇ ਹਨ।
ਜੈ ਸਿੰਘ ਛਿੱਬਰ, ਚੰਡੀਗੜ੍ਹ : ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਤੇ ਉਨ੍ਹਾਂ ਦੇ ਛੋਟੇ ਭਰਾ ਕੋਟਕਪੁਰਾ ਤੋ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ, ਅਕਾਲੀ ਨੇਤਾ ਸੁਖਬੀਰ ਸਿੰਘ ਬਾਦਲ ਦੇ ਸਾਬਕਾ ਓਐੱਡੀ ਚਰਨਜੀਤ ਬਰਾੜ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐੱਸਡੀ ਓਂਕਾਰ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ। ਇਨ੍ਹਾਂ ਆਗੂਆਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ’ਚ ਸ਼ਾਮਲ ਕੀਤਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਬਾਹਰ ਕੱਢ ਕੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਾਈ ਸੀ, ਪਰ ‘ਆਪ’ ਨੇ ਉਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਦੁਖੀ ਹਨ ਤੇ ਅਗਲੀ ਸਰਕਾਰ ਭਾਜਪਾ ਦੀ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ। ਸੈਣੀ ਨੇ ਕਿਹਾ ਕਿ ਲੋਕ ਸਿਰਫ਼ ਗੱਲਾਂ ਨਾਲ ਸੰਤੁਸ਼ਟ ਨਹੀਂ ਹੋ ਸਕਦੇ ਲੋਕਾਂ ਨੂੰ ਇਨਸਾਫ਼, ਸ਼ਾਂਤੀ ਤੇ ਵਿਕਾਸ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਜਪਾ ਦੀ ਸਰਕਾਰ ਬਣਾਉਣ ਦਾ ਫੈਸਲਾ ਕੀਤਾ ਹੈ ਕਿਉਂਕਿ ਉਹ ਜਾਣਦੇ ਹਨ ਕਿ ਸਿਰਫ਼ ਭਾਜਪਾ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਸਕਦੀ ਹੈ। ਸੈਣੀ ਨੇ ਕਿਹਾ, "ਪੰਜਾਬ ’ਚ ਸਿਰਫ਼ ਉਹੀ ਸੜਕਾਂ ਚੰਗੀ ਹਾਲਤ ਵਿਚ ਹਨ ਜੋ ਕੇਂਦਰ ਸਰਕਾਰ ਦੀ ਮਲਕੀਅਤ ਹਨ। ਪੰਜਾਬ ਸਰਕਾਰ ਦੀ ਮਲਕੀਅਤ ਵਾਲੀਆਂ ਸੜਕਾਂ ਦੀ ਹਾਲਤ ਮਾੜੀ ਹੈ। ਇਸ ਮੌਕੇ ਪਾਰਟੀ ’ਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਜਾਖੜ ਨੇ ਕਿਹਾ ਕਿ ਪੰਜਾਬ ’ਚ ਕਾਨੂੰਨਹੀਣ ਸਰਕਾਰ ਹੈ। ਇੱਕ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ, ਜੋ ਸਿਰਫ਼ ਭਾਜਪਾ ਹੀ ਦੇ ਸਕਦੀ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਪ ਨੇ ਪੰਜਾਬ ਨੂੰ ਕੰਗਾਲ ਤੇ ਖੂਨ ਨਾਲ ਲੱਥਪੱਥ ਛੱਡ ਦਿੱਤਾ ਹੈ।
ਆਪ ’ਚ ਵਲੰਟੀਅਰਾਂ ਦੀ ਕਦਰ ਨਹੀਂ : ਓਂਕਾਰ ਸਿੰਘ
ਭਾਜਪਾ ’ਚ ਸ਼ਾਮਲ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐੱਸਡੀ ਓਂਕਾਰ ਸਿੰਘ ਨੇ ਕਿਹਾ ਕਿ ਆਪ ’ਚ ਵਲੰਟੀਅਰਾਂ ਦੀ ਕਦਰ ਨਹੀਂ। ਮੈਨੂੰ ਜ਼ਿੰਮੇਵਾਰੀ ਤੋਂ ਮੁਕਤ ਕਰ ਦਿੱਤਾ ਗਿਆ ਸੀ, ਪਰ ਅੱਜ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਮੈਨੂੰ ਕਿਉਂ ਹਟਾਇਆ ਗਿਆ।
ਪੰਜਾਬ ਨੂੰ ਡਬਲ-ਇੰਜਣ ਵਾਲੀ ਸਰਕਾਰ ਦੀ ਲੋੜ ਹੈ: ਬਰਾੜ
ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਨੂੰ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ਹੈ। ਭਾਜਪਾ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਦੇਸ਼ ਭਰ ਦੇ 769 ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਮਨਾਇਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਿਆਣਾ ’ਚ 35 ਮਿੰਟ ਦਾ ਭਾਸ਼ਣ ਸਿੱਖਾਂ ਤੇ ਗੁਰੂਆਂ ਪ੍ਰਤੀ ਭਾਜਪਾ ਦੇ ਵਿਚਾਰਾਂ ਨੂੰ ਸਪੱਸ਼ਟ ਤੌਰ ’ਤੇ ਦਰਸਾਉਂਦਾ ਹੈ। ਇਸ ਲਈ ਕਿਸੇ ਨੂੰ ਵੀ ਭਾਜਪਾ ਬਾਰੇ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ।