ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ 15 ਅਗਸਤ ਨੂੰ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਵਜੋਂ ਮਨਾਈ ਜਾ ਰਹੀ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਉਹ ਨਿੱਜੀ ਦਖਲ ਦੇ ਕੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਜੋ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਬੰਦ ਹਨ।

ਪ੍ਰਧਾਨ ਮੰਤਰੀ ਨੁੰ ਲਿਖੇ ਪੱਤਰ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਤੇ ਉਹਨਾਂ ਦੀਆਂ ਉਮਰ ਕੈਦ ਦੀਆਂ ਸਜ਼ਾਵਾਂ ਮੁਆਫ ਕਰਨ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਾਅਦੇ ਨੇ ਇਹ ਗੱਲ ਸਾਹਮਣੇ ਲਿਆਂਦੀ ਸੀ ਕਿ ਸਰਕਾਰ ਇਹ ਮੰਨ ਗਈ ਹੈ ਕਿ ਬੰਦੀ ਸਿੰਘ ਮੂੰਹੋਂ ਬੋਲੇ ਨਾ ਜਾ ਸਕਣ ਵਾਲੇ ਸਰੀਰਕ ਤੇ ਭਾਵੁਕ ਤਸ਼ੱਦਦ ਝੱਲ ਰਹੇ ਹਨ ਤੇ ਇਹ ਸੰਵਿਧਾਨਕ ਵਿਵਸਥਾ ਦੀ ਉਲੰਘਣਾ ਹੈ ਤੇ ਕਾਨੂੰਨ ਤੇ ਰਾਜ ਤੇ ਸਭਿਅਕ ਕਦਰਾਂ ਕੀਮਤਾਂ ਦੀ ਵੀ ਉਲੰਘਣਾ ਹੈ।

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਬੰਦੀ ਸਿੰਘਾਂ ਨੇ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ। ਉਹਨਾਂ ਦੱਸਿਆ ਕਿ ਵੱਖ ਵੱਖ ਜੇਲ੍ਹਾਂ ਵਿਚ ਬੰਦੀ ਸਿੰਘ 27 ਸਾਲਾਂ ਤੋਂ ਵੱਧ ਸਮੇਂ ਤੱਕ ਰੁਲ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਲਗਾਤਾਰ ਜੇਲ੍ਹ ਵਿਚ ਰੱਖਣ ਨਾਲ ਨਾ ਸਿਰਫ ਸਿੱਖ ਕੌਮ ਭਾਵੁਕ ਤੌਰ ’ਤੇ ਅਲੱਗ ਥਲੱਗ ਮਹਿਸੂਸ ਕਰਦਿਆਂ ਮਜ਼ਬੂਤ ਹੋ ਰਹੀ ਹੈ ਬਲਕਿ ਇਸ ਨਾਲ ਉਹਨਾਂ ਤੱਤਾਂ ਨੂੰ ਮੌਕਾ ਮਿਲ ਰਿਹਾ ਹੈ ਜੋ ਕੁੜਤਣ ਪੈਦਾ ਕਰਨਾ ਚਾਹੁੰਦੇ ਹਨ ਤੇ ਕੌਮੀ ਏਕਤਾ ਦੀ ਭਾਵਨਾ ਕਮਜ਼ੋਰ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਵਾਰ ਵਾਰ ਬੰਦੀ ਸਿੰਘਾਂ ਦੀ ਰਿਹਾਈ ਪਿੱਛੇ ਤਰਕ ਦੱਸੇ ਹਨ ਜਿਹਨਾਂ ਦੀ ਤਾਈਦ ਪ੍ਰਮੁੱਖ ਨਾਗਰਿਕਾਂ ਦੇ ਨਾਲ ਨਾਲ ਦੇਸ਼ ਦੇ ਅਨੇਕਾਂ ਲੋਕਾਂ ਤੇ ਸੰਗਠਨਾਂ ਨੇ ਕੀਤੀ ਹੈ ਜੋ ਦੇਸ਼ ਵਿਚ ਮਨੁੱਖੀ ਅਧਿਕਾਰਾਂ ਤੇ ਨਾਗਰਿਕ ਆਜ਼ਾਦੀਆਂ ਲਈ ਕੰਮ ਕਰਦੇ ਹਨ।

ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ।

Posted By: Jagjit Singh