ਮਾਣਹਾਨੀ ਮਾਮਲੇ 'ਚ ਅਦਾਲਤ 'ਚ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ, ਹੁਣ 23 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ਨੌਂ ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ੀ ਸੀ। ਹਾਲਾਂਕਿ ਉਨ੍ਹਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਪੇਸ਼ੀ ਤੋਂ ਛੋਟ ਲੈ ਲਈ।
Publish Date: Wed, 15 Apr 2026 06:56 PM (IST)
Updated Date: Wed, 15 Apr 2026 06:59 PM (IST)
ਤਰੁਣ ਭਜਨੀ , ਪੰਜਾਬੀ ਜਾਗਰਣ, ਚੰਡੀਗੜ੍ਹ : ਨੌਂ ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ੀ ਸੀ। ਹਾਲਾਂਕਿ ਉਨ੍ਹਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਪੇਸ਼ੀ ਤੋਂ ਛੋਟ ਲੈ ਲਈ।
ਅਰਜ਼ੀ ਵਿੱਚ ਕਿਹਾ ਗਿਆ ਕਿ ਉਹ ਨਿੱਜੀ ਕਾਰਨਾਂ ਕਰਕੇ ਪੰਜਾਬ ਤੋਂ ਬਾਹਰ ਗਏ ਹੋਏ ਹਨ, ਜਿਸ ਕਾਰਨ ਅਦਾਲਤ ਵਿੱਚ ਹਾਜ਼ਰ ਨਹੀਂ ਹੋ ਸਕਦੇ। ਅਦਾਲਤ ਨੇ ਅਰਜ਼ੀ ਮਨਜ਼ੂਰ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 23 ਅਪ੍ਰੈਲ ਲਈ ਨਿਰਧਾਰਤ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਪਾਰਟੀ ਮੀਟਿੰਗਾਂ ਦਾ ਹਵਾਲਾ ਦੇ ਕੇ ਅਦਾਲਤ ਵਿੱਚ ਗੈਰਹਾਜ਼ਰ ਰਹੇ ਹਨ। ਸਾਲ 2017 ਵਿੱਚ ਬਾਦਲ ਖ਼ਿਲਾਫ਼ ਧਾਰਮਿਕ ਸੰਸਥਾ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਉਨ੍ਹਾਂ ਉੱਤੇ ਜਥੇ ਖ਼ਿਲਾਫ਼ ਮੀਡੀਆ ਵਿੱਚ ਵਿਵਾਦਿਤ ਬਿਆਨ ਦੇਣ ਦੇ ਦੋਸ਼ ਲਗਾਏ ਗਏ ਸਨ।
ਪਿਛਲੇ ਸਾਲ ਜਾਰੀ ਹੋਏ ਸਨ ਵਾਰੰਟ
ਬਾਦਲ ਖ਼ਿਲਾਫ਼ ਪਿਛਲੇ ਸਾਲ ਅਦਾਲਤ ਵਿੱਚ ਗੈਰਹਾਜ਼ਰ ਰਹਿਣ ਕਾਰਨ ਗੈਰ ਜਮਾਨਤੀ ਵਾਰੰਟ ਜਾਰੀ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਜਮਾਨਤ ਵੀ ਰੱਦ ਕਰ ਦਿੱਤੀ ਗਈ ਸੀ। ਬਾਅਦ ਵਿੱਚ ਉਨ੍ਹਾਂ ਨੂੰ ਅਦਾਲਤ ਵਿੱਚ ਸਰੰਡਰ ਕਰਨਾ ਪਿਆ ਸੀ। ਇਸ ਕਰਕੇ ਹੁਣ ਉਹ ਹਰ ਵਾਰ ਗੈਰਹਾਜ਼ਰ ਰਹਿਣ ਤੋਂ ਪਹਿਲਾਂ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਰਹੇ ਹਨ।