ਮਾਣਹਾਨੀ ਕੇਸ 'ਚ ਸੁਖਬੀਰ ਬਾਦਲ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ, ਗੈਰ-ਜ਼ਮਾਨਤੀ ਵਾਰੰਟ ਵਾਪਸ ਲੈਣ ਦੀ ਕੀਤੀ ਮੰਗ, ਸੁਣਵਾਈ 17 ਨੂੰ
ਸਾਲ 2017 'ਚ ਬਾਦਲ ਖ਼ਿਲਾਫ਼ ਧਾਰਮਿਕ ਸੰਗਠਨ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਕੇਸ ਦਾਇਰ ਕੀਤਾ ਗਿਆ ਸੀ। ਹਾਲਾਂਕਿ ਬਾਦਲ ਨੇ ਇਸ ਮਾਮਲੇ ਖ਼ਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ 'ਚ ਅਰਜ਼ੀ ਦਾਇਰ ਕੀਤੀ ਸੀ, ਜਿਸਨੂੰ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਸੀ।
Publish Date: Fri, 09 Jan 2026 04:34 PM (IST)
Updated Date: Fri, 09 Jan 2026 04:40 PM (IST)
ਤਰੁਣ ਭਜਨੀ, ਚੰਡੀਗੜ੍ਹ : ਅੱਠ ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਪਿਛਲੇ ਮਹੀਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਉਹ ਅਦਾਲਤ 'ਚ ਪੇਸ਼ ਨਹੀਂ ਹੋਏ ਸਨ। ਹਾਲਾਂਕਿ ਹੁਣ ਉਨ੍ਹਾਂ ਨੇ ਇਹ ਆਦੇਸ਼ ਵਾਪਸ ਲੈਣ ਲਈ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਹੈ ਜਿਸ ’ਤੇ 17 ਜਨਵਰੀ ਨੂੰ ਸੁਣਵਾਈ ਹੋਵੇਗੀ। ਸ਼ੁੱਕਰਵਾਰ ਨੂੰ ਵੀ ਇਸ ਅਰਜ਼ੀ ’ਤੇ ਸੁਣਵਾਈ ਹੋਣੀ ਸੀ, ਪਰ ਬਾਦਲ ਦੇ ਵਕੀਲ ਨੇ ਅਦਾਲਤ ਤੋਂ ਸਮਾਂ ਦੇਣ ਦੀ ਮੰਗ ਕੀਤੀ।
ਸਾਲ 2017 'ਚ ਬਾਦਲ ਖ਼ਿਲਾਫ਼ ਧਾਰਮਿਕ ਸੰਗਠਨ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਕੇਸ ਦਾਇਰ ਕੀਤਾ ਗਿਆ ਸੀ। ਹਾਲਾਂਕਿ ਬਾਦਲ ਨੇ ਇਸ ਮਾਮਲੇ ਖ਼ਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ 'ਚ ਅਰਜ਼ੀ ਦਾਇਰ ਕੀਤੀ ਸੀ, ਜਿਸਨੂੰ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਸੀ। ਇਸ ਦੇ ਬਾਵਜੂਦ ਉਹ 17 ਦਸੰਬਰ 2025 ਦੀ ਤਰੀਕ ਨੂੰ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਜਿਸ ਕਾਰਨ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ।
ਇਹ ਹੈ ਮਾਮਲਾ…
ਦੱਸਣਯੋਗ ਹੈ ਕਿ 4 ਜਨਵਰੀ 2017 ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਜਿੰਦਰ ਪਾਲ ਸਿੰਘ ਦੇ ਘਰ ਆਏ ਸਨ। ਇਸ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ 'ਚ ਜਥੇ ਖ਼ਿਲਾਫ਼ ਵਿਵਾਦਤ ਬਿਆਨ ਦਿੱਤਾ ਸੀ, ਜਿਸ ਵਿਚ ਉਨ੍ਹਾਂ ਨੇ ਜਥੇ ਨੂੰ ਅੱਤਵਾਦੀ ਸੰਗਠਨ ਦਾ ਰਾਜਨੀਤਕ ਚਿਹਰਾ ਦੱਸਿਆ ਸੀ। ਇਸ ’ਤੇ ਰਾਜਿੰਦਰ ਪਾਲ ਸਿੰਘ ਨੇ ਬਾਦਲ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਸੀ। ਰਾਜਿੰਦਰ ਸਿੰਘ ਦਾ ਕਹਿਣਾ ਸੀ ਕਿ ਬਾਦਲ ਦੇ ਇਸ ਬਿਆਨ ਨਾਲ ਉਨ੍ਹਾਂ ਦੇ ਸੰਗਠਨ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ।