ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਿੱਖ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ 'ਚ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਜਲਦੀ ਰਿਹਾਈ ਕਰਵਾਉਣ ਦੀਆਂ ਸਿਫਾਰਿਸ਼ਾਂ ਕਰ ਕੇ ਕਾਂਗਰਸ ਸਿੱਖ ਕੌਮ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ। ਉਨ੍ਹਾਂ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਰਿਹਾਅ ਕਰਨ ਦੀਆਂ ਸਿਫਾਰਿਸ਼ਾਂ ਕਰਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ।

ਜਾਰੀ ਬਿਆਨ 'ਚ ਸੁਖਬੀਰ ਬਾਦਲ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਕੌਮ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਹੈ। ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵੱਲੋਂ ਸਜ਼ਾ ਦਿੱਤੀ ਗਈ ਸੀ। ਉਕਤ ਦੋਸ਼ੀਆਂ ਨੇ ਆਪਣੀ ਸਜ਼ਾ ਦਾ ਚੌਥਾ ਹਿੱਸਾ ਵੀ ਨਹੀਂ ਭੁਗਤਿਆ ਹੈ।

ਉਨ੍ਹਾਂ ਕਿਹਾ ਕਿ ਕਿਸ ਆਧਾਰ 'ਤੇ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਉਕਤ ਅਧਿਕਾਰੀਆਂ ਦੀ ਰਿਹਾਈ ਲਈ ਸਿਫਾਰਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ, ਇਨਸਾਫ਼ ਅਤੇ ਸੱਭਿਅਕ ਸਮਾਜ ਦੇ ਨਿਯਮਾਂ ਦੇ ਵੀ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਜਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਖ ਭਾਈਚਾਰੇ ਲਈ ਕੁਝ ਕਰਨ ਦਾ ਮੌਕਾ ਮਿਲਿਆ ਹੈ ਤਾਂ ਉਨ੍ਹਾਂ ਹਮੇਸ਼ਾ ਸਿੱਖ ਭਾਈਚਾਰੇ ਦੀ ਪਿੱਠ 'ਚ ਛੁਰਾ ਮਾਰਿਆ ਹੈ।

ਅਕਾਲੀ ਦਲ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਜਿਨ੍ਹਾਂ ਪੁਲਿਸ ਅਧਿਕਾਰੀਆਂ ਦੀ ਜਲਦੀ ਰਿਹਾਈ ਦੀ ਕਾਂਗਰਸ ਸਰਕਾਰ ਵੱਲੋਂ ਸਿਫਾਰਿਸ਼ ਕੀਤੀ ਗਈ ਹੈ, ਉਨ੍ਹਾਂ ਨੇ ਸਾਰੇ ਅਪਰਾਧਾਂ ਨੂੰ ਵਰਦੀ 'ਚ ਅੰਜਾਮ ਦਿੱਤਾ ਸੀ।