ਜੈ ਸਿੰਘ ਛਿੱਬਰ, ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਥੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਉਪਰੰਤ ਵੇਰਵੇ ਜਾਰੀ ਕਰਦਿਆਂ ਰੰਧਾਵਾ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣਾ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਲਈ ਇਤਿਹਾਸਕ ਪਲ ਹੈ ਜਿਸ ਨੂੰ ਯਾਦਗਾਰੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਵਾਲੇ ਪਾਸੇ ਲਾਂਘੇ ਦਾ ਨਿਰਮਾਣ ਕੰਮ ਕਰੀਬ ਮੁਕੰਮਲ ਹੋਣ ਵਾਲਾ ਹੈ ਤੇ 31 ਅਕਤੂਬਰ ਤਕ ਹਰ ਹੀਲੇ ਕੰਮ ਮੁਕੰਮਲ ਹੋ ਜਾਵੇਗਾ। ਨਵਬੰਰ ਮਹੀਨੇ ਲਾਂਘੇ ਦੇ ਉਦਘਾਟਨ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਕਾਰਨ ਡੇਰਾ ਬਾਬਾ ਨਾਨਕ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 'ਚ ਹੁਣ ਤੋਂ ਹੀ ਵਾਧਾ ਹੋ ਗਿਆ ਹੈ। ਸੰਗਤ ਦੀ ਵੱਡੀ ਆਮਦ ਨੂੰ ਦੇਖਦਿਆਂ ਪ੍ਰਸ਼ਾਸਨ ਨੂੰ ਕੋਈ ਵੀ ਕਸਰ ਨਾ ਛੱਡਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਸੁੰਦਰੀਕਰਨ ਦਾ ਪ੍ਰੋਜੈਕਟ ਵੀ ਜ਼ੋਰਾ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਸ਼ਹਿਰ ਨੂੰ ਵਿਰਾਸਤੀ ਦਿੱਖ ਦਿੱਤੀ ਜਾ ਰਹੀ ਹੈ।

ਸਹਿਕਾਰਤਾ ਮੰਤਰੀ ਨੇ ਦੱਸਿਆ ਕਿ 8 ਤੋਂ 11 ਨਵੰਬਰ ਤਕ ਮਨਾਏ ਜਾਣ ਵਾਲੇ ਡੇਰਾ ਬਾਬਾ ਨਾਨਕ ਉਤਸਵ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ 'ਚ ਸ਼ਰਧਾਲੂ ਡੇਰਾ ਬਾਬਾ ਨਾਨਕ ਆਉਣਗੇ। ਇਸ ਮੌਕੇ ਉਨ੍ਹਾਂ ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈੱਬਸਾਈਟ ਵੀ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਸੰਗਤ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਠਹਿਰਨ, ਲੰਗਰ, ਪਾਰਕਿੰਗ ਆਦਿ ਦਾ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਨਾ ਆਵੇ। 5 ਹਜ਼ਾਰ ਸੰਗਤਾਂ ਦੇ ਠਹਿਰਨ ਲਈ ਟੈਂਟ ਸਿਟੀ ਤੇ 30 ਹਜ਼ਾਰ ਸੰਗਤ ਦੇ ਬੈਠਣ ਦੀ ਸਮਰੱਥਾ ਵਾਲਾ ਵੱਡਾ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਤਸਵ ਦੌਰਾਨ ਧਾਰਮਿਕ ਸਮਾਗਮਾਂ ਦੇ ਨਾਲ ਸਾਹਿਤਕ, ਅਕਾਦਮਿਕ ਸਮਾਗਮ ਸੰਗਤ ਨੂੰ ਰੂਹਾਨੀਅਤ ਦੇ ਰੰਗ 'ਚ ਰੰਗਣਗੇ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਉਚੇਚੇ ਤੌਰ 'ਤੇ ਲਿਆਂਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਤੇ ਦੁਰਲੱਭ ਹੱਥ ਲਿਖਤ 16 ਸਰੂਪ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ ਜਾਣਗੇ।

ਮੀਟਿੰਗ 'ਚ ਵਧੀਕ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਬਰੂਹਾ ਮਿੱਤਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਮਾਰਕਫੈੱਡ ਦੇ ਐੱਮਡੀ ਵਰੁਣ ਰੂਜ਼ਮ, ਮਿਲਕਫੈੱਡ ਦੇ ਐੱਮਡੀ ਕਮਲਦੀਪ ਸਿੰਘ ਸੰਘਾ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ, ਮਾਰਕਫੈਡ ਦੇ ਐਡੀਸ਼ਨਲ ਐੱਮਡੀ ਰਾਹੁਲ ਗੁਪਤਾ, ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਐੱਮਡੀ ਚਰਨਦੇਵ ਸਿੰਘ ਮਾਨ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐੱਮਡੀ ਡਾ. ਐੱਸਕੇ ਬਾਤਿਸ਼ ਤੇ ਡੇਰਾ ਬਾਬਾ ਉਤਸਵ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਗਰੇਵਾਲ ਵੀ ਹਾਜ਼ਰ ਸਨ।

Posted By: Seema Anand