ਸੁਖਮਨੀ ਸਕੂਲ ਪ੍ਰਬੰਧਕਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਸੁਖਮਨੀ ਸਕੂਲ ਪ੍ਰਬੰਧਕਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ,
Publish Date: Thu, 10 Sep 2026 08:26 PM (IST)
Updated Date: Thu, 10 Sep 2026 08:28 PM (IST)
ਕਾਲਜ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਾਉਣ ਦਾ ਫ਼ੈਸਲਾ ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਸ੍ਰੀ ਸੁਖਮਨੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵਿਚ 15 ਕਿਰਤੀਆਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਨੇ ਮੈਨੇਜਮੈਂਟ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ 14 ਸਤੰਬਰ ਤੋਂ ਸ੍ਰੀ ਸੁਖਮਨੀ ਇੰਟਰਨੈਸ਼ਨਲ ਕਾਲਜ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਅੱਜ ਪਿੰਡ ਦੱਪਰ ਵਿਖੇ ਹੋਈ ਸਾਂਝੀ ਬੈਠਕ ਦੌਰਾਨ ਲਿਆ ਗਿਆ। ਬੈਠਕ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਅਮਲਾਲਾ ਨੇ ਦੋਸ਼ ਲਾਇਆ ਕਿ ਸਕੂਲ ਪ੍ਰਬੰਧਕ ਕਿਰਤੀਆਂ ਨਾਲ ਮਨਮਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 15 ਕਿਰਤੀਆਂ ਨੂੰ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਨੌਕਰੀ ਤੋਂ ਹਟਾ ਕੇ ਉਨ੍ਹਾਂ ਦੀ ਥਾਂ ਠੇਕੇਦਾਰ ਰਾਹੀਂ ਨਵੇਂ ਵਿਅਕਤੀਆਂ ਤੋਂ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਧਰਨੇ ਤੇ ਮੁਜ਼ਾਹਰੇ ਕਰਨ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਮਸਲੇ ਦਾ ਹੱਲ ਨਹੀਂ ਕੀਤਾ ਗਿਆ। ਪੰਜਾਬ ਏਟਕ ਦੇ ਸੂਬਾ ਮੀਤ ਪ੍ਰਧਾਨ ਵਿਨੋਦ ਚੁੱਘ ਨੇ ਕਿਹਾ ਕਿ ਕਿਰਤੀਆਂ ਨਾਲ ਕਥਿਤ ਤੌਰ ’ਤੇ ਮਤਰਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਏਟਕ ਵੱਲੋਂ ਸੰਘਰਸ਼ ਵਿਚ ਪੂਰਨ ਸਹਿਯੋਗ ਦੇਣ ਦਾ ਐਲਾਨ ਕੀਤਾ। ਆਗੂਆਂ ਨੇ ਦੱਸਿਆ ਕਿ 14 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਧਰਨੇ ਵਿਚ ਕਿਸਾਨ ਤੇ ਕਿਰਤੀ ਦਿਨ-ਰਾਤ ਬੈਠਣਗੇ ਅਤੇ ਮੰਗਾਂ ਦੀ ਪੂਰਤੀ ਤੱਕ ਮੋਰਚਾ ਜਾਰੀ ਰੱਖਿਆ ਜਾਵੇਗਾ। ਬੈਠਕ ਵਿਚ ਬੀਕੇਯੂ ਲੱਖੋਵਾਲ ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਰਾਣਾ, ਗੁਰਪ੍ਰੀਤ ਸਿੰਘ ਜਸਤਨਾ ਕਲਾਂ, ਜਗਤਾਰ ਸਿੰਘ ਝਾਰਮੜੀ, ਗੁਰਬਿੰਦਰ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਜੜੋਤ, ਰੁਸਤਮ ਸੇਖ, ਬੀਕੇਯੂ ਪੁਆਧ ਦੇ ਤਰਲੋਚਨ ਸਿੰਘ, ਅਮਨਿੰਦਰ ਸਿੰਘ, ਏਕਮ ਸਿੱਧੂ, ਰਾਜਿੰਦਰ ਕੁਮਾਰ ਤੋਂ ਇਲਾਵਾ ਸਕੂਲ ਕਰਮਚਾਰੀ ਕਮਲਜੀਤ ਸਿੰਘ, ਬਲਜੀਤ ਸਿੰਘ ਤੇ ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ।