ਜੇਐੱਸ ਕਲੇਰ, ਜ਼ੀਰਕਪੁਰ : ਪਿਛਲੇ 3 ਦਿਨਾਂ ਤੋਂ ਸੂਬਾ ਸਰਕਾਰ ਵੱਲੋਂ ਪੱਕੇ ਕਰਨ ਲਈ ਰੱਖੀ ਡੋਮਿਸਾਇਲ ਦੀ ਸ਼ਰਤ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਨਗਰ ਕੌਂਸਲ ਇੰਪਲਾਈਜ਼ ਸਫ਼ਾਈ ਕਰਮਚਾਰੀ ਯੂਨੀਅਨ (ਏਟਕ) ਦੇ ਬੈਨਰ ਹੇਠ ਹੜਤਾਲ 'ਤੇ ਬੈਠੇ ਕਰਮਚਾਰੀਆਂ ਨੇ ਬੁੱਧਵਾਰ ਸਵੇਰੇ ਮੰਗਾਂ ਪੂਰੀਆਂ ਨਾ ਹੋਣ ਕਰਕੇ ਗੁੱਸੇ 'ਚ ਆਏ ਇਨਾਂ੍ਹ ਸਫ਼ਾਈ ਕਰਮਚਾਰੀਆਂ ਨੇ ਨਗਰ ਕੌਂਸਲ ਦਫ਼ਤਰ ਦੇ ਮੇਨ ਗੇਟ ਨੂੰ ਤਾਲਾ ਜੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੂਰੇ ਸ਼ਹਿਰ 'ਚੋਂ ਕੂੜਾ ਇਕੱਠਾ ਕਰ ਕੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਖਿਲਾਰ ਦਿੱਤਾ ਅਤੇ ਨਗਰ ਕੌਂਸਲ ਦਫ਼ਤਰ 'ਚ ਕੂੜੇ ਦੀਆਂ ਭਰੀਆਂ ਟਰਾਲੀਆਂ ਲਗਾ ਦਿੱਤੀਆਂ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਤੇ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਸਹੀ ਰਿਪੋਰਟ ਪੰਜਾਬ ਸਰਕਾਰ ਨੂੰ ਨਹੀਂ ਦਿੱਤੀ ਜਾ ਰਹੀ। ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂ ਪ੍ਰਦੀਪ ਸੂਦ ਅਤੇ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਾਂਗਰਸ ਸਰਕਾਰ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਕੇਵਲ ਵਾਅਦੇ ਕਰ ਰਹੀ ਹੈ ਪਰ ਇਸ ਸਬੰਧੀ ਜਦੋਂ ਤਕ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ ਉਹ ਹੜਤਾਲ 'ਤੇ ਰਹਿਣਗੇ। ਉਨਾਂ੍ਹ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਬਜਾਏ ਗਰੀਬਾਂ ਦੀ ਸਾਰ ਵੀ ਲਵੇ। ਸਰਕਾਰ ਠੇਕੇਦਾਰੀ ਸਿਸਟਮ ਬੰਦ ਕਰ ਕੇ ਜੋ ਮੁਲਾਜ਼ਮ ਕੋਰੋਨਾ ਮਹਾਮਾਰੀ ਦੌਰਾਨ ਵੀ ਆਪਣੀ ਜ਼ਿੰਦਗੀ ਦਾਅ 'ਤੇ ਲਗਾ ਕੇ ਲੋਕਾਂ ਦੇ ਘਰਾਂ 'ਚੋਂ ਕੂੜਾ ਇਕੱਠਾ ਕਰਦੇ ਰਹੇ, ਉਨਾਂ੍ਹ ਕੱਚੇ ਮੁਲਾਜ਼ਮਾਂ ਨੂੰ ਵੀ ਤੁਰੰਤ ਪੱਕਾ ਕਰੇ। ਸਫ਼ਾਈ ਸੇਵਕਾਂ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਆਪਣਾ ਰੋਸ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕੀਤਾ ਹੈ ਪਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕੀ ਜਿਸ ਕਾਰਨ ਉਨਾਂ੍ਹ ਨੂੰ ਅੱਜ ਮਜਬੂਰਨ ਸ਼ਹਿਰ ਦੀਆਂ ਸੜਕਾਂ 'ਤੇ ਗ਼ੰਦਗੀ ਦੇ ਢੇਰ ਲਗਾਉਣੇ ਪਏ। ਉਨਾਂ੍ਹ ਕਿਹਾ ਕਿ ਜੇ ਸਰਕਾਰ ਨੇ ਉਨਾਂ੍ਹ ਦੀਆਂ ਮੰਗਾਂ ਨੂੰ ਅਮਲੀ ਰੂਪ ਨਾ ਦਿੱਤਾ ਤਾਂ ਉਹ ਪੰਜਾਬ ਸਰਕਾਰ ਤੇ ਨਗਰ ਕੌਂਸਲ ਜ਼ੀਰਕਪੁਰ ਕਾਰਜਸਾਧਕ ਅਫ਼ਸਰ ਅਤੇ ਪ੍ਰਧਾਨ ਦੇ ਖ਼ਿਲਾਫ਼ ਤਿੱਖਾ ਸੰਘਰਸ਼ ਕਰਨਗੇ ਤੇ ਉਦੋਂ ਤਕ ਹੜਤਾਲ ਜਾਰੀ ਰੱਖਣਾ ਦਾ ਐਲਾਨ ਵੀ ਕੀਤਾ ਹੈ, ਜਦੋਂ ਤਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ 'ਚ ਕੂੜੇ ਦੇ ਢੇਰ ਹੀ ਨਜ਼ਰ ਆਉਣ ਲੱਗੇ ਹਨ।

ਇਸ ਬਾਰੇ ਨਗਰ ਕੌਂਸਲ ਜ਼ੀਰਕਪੁਰ ਦੇ ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਮਤਾ ਪਾ ਕੇ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜ ਦਿੱਤਾ ਹੈ ਜਿਸ ਬਾਰੇ ਹੁਣ ਸਰਕਾਰ ਨੇ ਫੈਸਲਾ ਲੈਣਾ ਹੈ।