- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਵੱਲੋਂ ਇਸ ਤੋਂ ਪਹਿਲਾਂ ਜਨਵਰੀ 'ਚ ਨੌਂ ਜ਼ਿਲ੍ਹਿਆਂ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਸੀ। ਅੰਮ੍ਰਿਤਸਰ 'ਚ ਪਾਇਲਟ ਆਧਾਰ 'ਤੇ ਚਲਾਏ ਗਏ ਅਧਿਆਪਕ ਸਿਖਲਾਈ ਪ੍ਰੋਗਰਾਮ 'ਚ 2,800 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ ਸੀ। ਇਨ੍ਹਾਂ ਵਿੱਚੋਂ 75 ਪ੍ਰਤੀਸ਼ਤ ਤੋਂ ਵੱਧ ਹਿੱਸੇਦਾਰਾਂ ਨੇ ਕਿਹਾ ਸੀ ਕਿ ਸਿਖਲਾਈ ਨਾਲ ਉਨ੍ਹਾਂ ਨੂੰ ਸਿਹਤਮੰਦ ਸਕੂਲ ਵਾਤਾਵਰਨ ਤਿਆਰ ਕਰਨ ਲਈ ਪ੍ਰੇਰਨਾ ਮਿਲੀ।

ਰੋਹਿਤ ਕੁਮਾਰ, ਚੰਡੀਗੜ੍ਹ: ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੁਣ ਸਕੂਲਾਂ ਤੱਕ ਹੋਰ ਮਜ਼ਬੂਤ ਕਰਨ ਦੀ ਤਿਆਰੀ ਕੀਤੀ ਗਈ ਹੈ। ਸੂਬੇ ਦੇ 12 ਜ਼ਿਲ੍ਹਿਆਂ ਦੇ 21,850 ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਦੀਆਂ ਮਾਨਸਿਕ ਸਿਹਤ ਸੰਬੰਧੀ ਸਮੱਸਿਆਵਾਂ ਅਤੇ ਨਸ਼ੇ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਲਈ ਸਿਖਲਾਈ ਦਿੱਤੀ ਜਾਵੇਗੀ। ਅਗਸਤ ਤੋਂ ਸ਼ੁਰੂ ਹੋਈ ਇਹ ਸਿਖਲਾਈ 500 ਤੋਂ ਵੱਧ ਬੈਚਾਂ ਵਿੱਚ ਪੜਾਅਵਾਰ ਤਰੀਕੇ ਨਾਲ ਆਯੋਜਿਤ ਹੋਵੇਗੀ। ਸਰਕਾਰ ਦਾ ਟੀਚਾ ਅਧਿਆਪਕਾਂ ਨੂੰ ਵਿਦਿਆਰਥੀਆਂ ਦੀਆਂ ਪਰੇਸ਼ਾਨੀਆਂ ਨੂੰ ਸਮਾਂ ਰਹਿੰਦੇ ਪਛਾਣਨ ਅਤੇ ਉਨ੍ਹਾਂ ਨੂੰ ਯੋਗ ਸਹਾਇਤਾ ਉਪਲਬਧ ਕਰਵਾਉਣ ਵਿੱਚ ਸਮਰੱਥ ਬਣਾਉਣਾ ਹੈ।
ਇਸ ਮੁਹਿੰਮ ਦੀ ਸ਼ੁਰੂਆਤ ਫਾਜ਼ਿਲਕਾ ਅਤੇ ਤਰਨਤਾਰਨ ਤੋਂ ਕੀਤੀ ਗਈ ਹੈ। ਪਿਛਲੇ ਹਫ਼ਤੇ ਦੋਵਾਂ ਜ਼ਿਲ੍ਹਿਆਂ ਵਿੱਚ ਆਯੋਜਿਤ ਵਰਕਸ਼ਾਪਾਂ ਵਿੱਚ 800 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ। ਸਿਖਲਾਈ ਵਿੱਚ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਤਣਾਅ, ਚਿੰਤਾ, ਵਿਵਹਾਰ ਵਿੱਚ ਬਦਲਾਅ ਅਤੇ ਹੋਰ ਮਾਨਸਿਕ ਸਿਹਤ ਸੰਬੰਧੀ ਪਰੇਸ਼ਾਨੀਆਂ ਨੂੰ ਸਮਝਣ ਦੇ ਨਾਲ ਹੀ ਨਸ਼ੇ ਵੱਲ ਵਧਣ ਦੇ ਸੰਭਾਵੀ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਸਿਖਲਾਈ ਪ੍ਰੋਗਰਾਮ ਨੂੰ ਫਾਜ਼ਿਲਕਾ ਤੇ ਤਰਨਤਾਰਨ ਤੋਂ ਬਾਅਦ ਫਿਰੋਜ਼ਪੁਰ, ਗੁਰਦਾਸਪੁਰ, ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਹਾਲੀ, ਰੋਪੜ, ਕਪੂਰਥਲਾ, ਲੁਧਿਆਣਾ ਤੇ ਪਟਿਆਲਾ 'ਚ ਵੀ ਚਲਾਇਆ ਜਾਵੇਗਾ। ਸਾਰੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਅਧਿਆਪਕਾਂ ਨੂੰ ਇਨ੍ਹਾਂ ਸੈਸ਼ਨਾਂ 'ਚ ਸ਼ਾਮਲ ਕੀਤਾ ਜਾਵੇਗਾ। ਜ਼ਿਲ੍ਹਾ ਪੱਧਰ 'ਤੇ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਅਧਿਆਪਕ ਸਿਖਲਾਈ ਦਾ ਲਾਭ ਉਠਾ ਸਕਣ।
ਸਰਕਾਰ ਵੱਲੋਂ ਇਸ ਤੋਂ ਪਹਿਲਾਂ ਜਨਵਰੀ 'ਚ ਨੌਂ ਜ਼ਿਲ੍ਹਿਆਂ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਸੀ। ਅੰਮ੍ਰਿਤਸਰ 'ਚ ਪਾਇਲਟ ਆਧਾਰ 'ਤੇ ਚਲਾਏ ਗਏ ਅਧਿਆਪਕ ਸਿਖਲਾਈ ਪ੍ਰੋਗਰਾਮ 'ਚ 2,800 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ ਸੀ। ਇਨ੍ਹਾਂ ਵਿੱਚੋਂ 75 ਪ੍ਰਤੀਸ਼ਤ ਤੋਂ ਵੱਧ ਹਿੱਸੇਦਾਰਾਂ ਨੇ ਕਿਹਾ ਸੀ ਕਿ ਸਿਖਲਾਈ ਨਾਲ ਉਨ੍ਹਾਂ ਨੂੰ ਸਿਹਤਮੰਦ ਸਕੂਲ ਵਾਤਾਵਰਨ ਤਿਆਰ ਕਰਨ ਲਈ ਪ੍ਰੇਰਨਾ ਮਿਲੀ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨਾਲ ਸਭ ਤੋਂ ਵੱਧ ਸਮਾਂ ਬਿਤਾਉਂਦੇ ਹਨ। ਇਸ ਲਈ ਉਹ ਉਨ੍ਹਾਂ ਦੇ ਵਿਵਹਾਰ, ਗੈਰ-ਹਾਜ਼ਰੀ ਤੇ ਭਾਵਨਾਤਮਕ ਬਦਲਾਅ ਨੂੰ ਸਭ ਤੋਂ ਪਹਿਲਾਂ ਪਛਾਣ ਸਕਦੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਵਿਦਿਆਰਥੀ ਦੀ ਪਰੇਸ਼ਾਨੀ ਨੂੰ ਅਨੁਸ਼ਾਸਨਹੀਣਤਾ ਸਮਝ ਲਿਆ ਜਾਂਦਾ ਹੈ। ਸਿਖਲਾਈ ਦੇ ਮਾਧਿਅਮ ਨਾਲ ਅਧਿਆਪਕਾਂ ਨੂੰ ਸਿਖਾਇਆ ਜਾਵੇਗਾ ਕਿ ਅਜਿਹੇ ਮਾਮਲਿਆਂ 'ਚ ਸਜ਼ਾ ਦੇਣ ਦੀ ਬਜਾਏ ਸੰਵੇਦਨਸ਼ੀਲਤਾ ਨਾਲ ਵਿਦਿਆਰਥੀ ਦੀ ਸਮੱਸਿਆ ਨੂੰ ਸਮਝਣ ਅਤੇ ਲੋੜ ਪੈਣ 'ਤੇ ਉਸ ਨੂੰ ਸਹਾਇਤਾ ਨਾਲ ਜੋੜਨ।
ਇਕ ਦਿਨਾ ਜਾਗਰੂਕਤਾ-ਸਮੇਤ-ਸਮਰੱਥਾ ਨਿਰਮਾਣ ਸੈਸ਼ਨਾਂ 'ਚ ਮਾਹਰ ਟ੍ਰੇਨਰ ਨਸ਼ੇ ਦੀ ਸਮੱਸਿਆ ਦੇ ਮਾਨਸਿਕ ਅਤੇ ਸਮਾਜਿਕ ਪਹਿਲੂਆਂ ਦੀ ਜਾਣਕਾਰੀ ਦੇਣਗੇ। ਸਿਖਲਾਈ ਤੋਂ ਬਾਅਦ ਅਧਿਆਪਕ ਵਿਦਿਆਰਥੀਆਂ ਨਾਲ ਜਾਗਰੂਕਤਾ ਗਤੀਵਿਧੀਆਂ ਵੀ ਕਰਨਗੇ ਤੇ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ। ਪ੍ਰੋਗਰਾਮ ਨੂੰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT), ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਡਾਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸੰਚਾਲਿਤ ਕੀਤਾ ਜਾਵੇਗਾ। ਪ੍ਰੋਗਰਾਮ ਦੀ ਪ੍ਰਭਾਵਸ਼ਾਲਤਾ 'ਤੇ ਅਧਿਆਪਕਾਂ ਦੀ ਪ੍ਰਤੀਕਿਰਿਆ ਅਤੇ ਨਿਗਰਾਨੀ ਵਿਵਸਥਾ ਦੇ ਮਾਧਿਅਮ ਨਾਲ ਨਜ਼ਰ ਰੱਖੀ ਜਾਵੇਗੀ।