ਦਸਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
Publish Date: Thu, 26 Feb 2026 06:48 PM (IST)
Updated Date: Thu, 26 Feb 2026 06:52 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖ਼ੁਸ਼ੀ ਵਿਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿਚ ਭਾਈ ਇੰਦਰਜੀਤ ਸਿੰਘ ਅਤੇ ਜਲੰਧਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ 1710 ਈ: ਵਿਚ ਸਿੱਖ ਰਾਜ ਦੀ ਸਥਾਪਨਾ ਕਰਨ ਬਾਰੇ ਅਤੇ 18ਵੀਂ ਸਦੀ ਵਿਚ ਜਬਰ ਅਤੇ ਜੁਲਮ ਖ਼ਿਲਾਫ਼ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿਚ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਸਰਬਜੀਤ ਸਿੰਘ, ਪਟਨਾ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਨਾਨਕ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਦਸਦੇ ਹੋਏ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਸੁਖਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, ਭਾਈ ਪ੍ਰੇਮ ਸਿੰਘ ਪਦਮ ਮੋਗੇ ਵਾਲਿਆਂ ਦਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਗੁਰਪ੍ਰੀਤ ਸਿੰਘ ਗੁਰਦੁਆਰਾ ਨਾਨਕਸਰ ਸਾਹਿਬ, ਭਾਈ ਜਸਵਿੰਦਰ ਸਿੰਘ ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਸੁਖਵਿੰਦਰ ਸਿੰਘ, ਭਾਈ ਦਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦਿਹਾੜੇ ’ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿਚ ਵੱਡੀ ਗਿਣਤੀ ’ਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।