ਦਸਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
Publish Date: Sat, 28 Mar 2026 05:20 PM (IST)
Updated Date: Sat, 28 Mar 2026 05:20 PM (IST)

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ’ਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕੀਤਾ ਗਿਆ। ਇਸ ਧਾਰਮਿਕ ਸਮਾਗਮ ’ਚ ਭਾਈ ਮਲਕੀਤ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਅਤੇ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਪਵਿੱਤਰ ਸੀਸ ਨੂੰ ਭਾਈ ਜੇਤਾ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਿਆਉਣ ਦੇ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ’ਚ ਵਿਸਥਾਰ ਸਹਿਤ ਸੁਣਾਇਆ। ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਮੁਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਭਾਈ ਲੱਖੀ ਸ਼ਾਹ ਵਨਜਾਰਾ ਦੁਆਰਾ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਧੜ ਦਾ ਸੰਸਕਾਰ ਕਰਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ। ਇਸ ਤੋਂ ਇਲਾਵਾ ਬੀਬੀ ਸੁਰਿੰਦਰ ਕੌਰ ਪਟਿਆਲੇ ਵਾਲਿਆਂ ਦਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਹਰਜਿੰਦਰ ਸਿੰਘ ਕਰਨਾਲ ਵਾਲੇ, ਭਾਈ ਸੂਬਾ ਸਿੰਘ ਬਰਨਾਲਾ ਵਾਲੇ, ਭਾਈ ਕੁਲਦੀਪ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਜਸਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦੇ ਦਿਹਾੜੇ ’ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿਚ ਵੱਡੀ ਗਿਣਤੀ ’ਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।