ਜਗਤਪੁਰਾ 'ਚ ਨਸ਼ਾ ਤਸਕਰਾਂ ਦੀ ਦਹਿਸ਼ਤ : ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ
ਜਗਤਪੁਰਾ 'ਚ ਨਸ਼ਾ ਤਸਕਰਾਂ ਦੀ ਦਹਿਸ਼ਤ : ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ,
Publish Date: Sun, 07 Jun 2026 11:15 PM (IST)
Updated Date: Sun, 07 Jun 2026 11:17 PM (IST)

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਨੇੜਲੇ ਪਿੰਡ ਜਗਤਪੁਰਾ ਵਿਖੇ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਨ੍ਹਾਂ ਵੱਲੋਂ ਦਿਨ ਦਿਹਾੜੇ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ। ਪਿੰਡ ਵਿਚ ਨਸ਼ਾ ਤਸਕਰਾਂ ਵੱਲੋਂ ਇਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਹਮਲਾਵਰਾਂ ਤੋਂ ਬਚਾਉਣ ਲਗੇ ਸਥਾਨਕ ਗੁੱਜਰ ਪਰਿਵਾਰ ਦੇ ਦੋ ਮੈਂਬਰਾਂ ਤੇ ਤਸਕਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਇਸ ਮਾਮਲੇ ’ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਕੇਸ ਦਰਜ ਕਰਕੇ ਕੁਝ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨੌਜਵਾਨ ਦੀ ਜਾਨ ਬਚਾਉਣ ਵੇਲੇ ਕੀਤਾ ਹਮਲਾ : ਮੋਹਿਤ ਗੁੱਜਰ ਨੇ ਦੱਸਿਆ ਕਿ 4 ਜੂਨ ਨੂੰ ਪਿੰਡ ਦੇ ਕੁਝ ਨਸ਼ਾ ਤਸਕਰ ਇਕ ਮੁੰਡੇ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਹੇ ਸਨ। ਉਹ ਮੁੰਡਾ ਆਪਣੀ ਜਾਨ ਬਚਾਉਣ ਲਈ ਭੱਜਦਾ ਹੋਇਆ ਉਨ੍ਹਾਂ ਦੇ ਵਾੜੇ ਵਿਚ ਵੜ ਗਿਆ। ਉੱਥੇ ਮੌਜੂਦ ਉਸਦੇ ਭਰਾ ਜਤਿਨ ਗੁੱਜਰ ਨੇ ਜਦੋਂ ਹਮਲਾਵਰਾਂ ਨੂੰ ਰੋਕਣ ਅਤੇ ਉਸ ਮੁੰਡੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਤਾਂ ਨਸ਼ਾ ਤਸਕਰਾਂ ਨੇ ਤੈਸ਼ ਵਿਚ ਆ ਕੇ ਜਤਿਨ ਤੇ ਹੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਿਆ। ਪੀੜਤ ਨੇ ਦੱਸਿਆ ਕਿ ਜਦੋਂ ਉਸਦੇ ਪਿਤਾ ਸੁਰਿੰਦਰ ਗੁੱਜਰ ਆਪਣੇ ਪੁੱਤਰ ਨੂੰ ਹਮਲਾਵਰਾਂ ਤੋਂ ਬਚਾਉਣ ਲਈ ਅੱਗੇ ਵਧੇ, ਤਾਂ ਨਸ਼ਾ ਤਸਕਰਾਂ ਨੇ ਉਨ੍ਹਾਂ ਤੇ ਵੀ ਹਮਲਾ ਕਰ ਦਿੱਤਾ। ਪੀੜਤਾਂ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ। ਗੰਭੀਰ ਹਾਲਤ ਵਿਚ ਜਤਿਨ ਗੁੱਜਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਦੋ ਦਿਨ ਇਲਾਜ ਅਧੀਨ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਮਿਲ ਗਈ ਹੈ। ਮਿਲ ਰਹੀਆਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ : ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਖ਼ੂਨੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵੀ ਨਸ਼ਾ ਤਸਕਰਾਂ ਵੱਲੋਂ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਰਿਵਾਰ ਮੁਤਾਬਕ ਇਹ ਅਨਸਰ ਇੰਨੇ ਬੇਖ਼ੌਫ਼ ਹਨ ਕਿ ਉਹ ਕਿਸੇ ਵੀ ਸਮੇਂ ਪਰਿਵਾਰ ਦੇ ਕਿਸੇ ਹੋਰ ਮੈਂਬਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ, ਜਿਸ ਕਾਰਨ ਪੂਰਾ ਪਰਿਵਾਰ ਗਹਿਰੇ ਸਹਿਮ ਦੇ ਮਾਹੌਲ ਵਿਚ ਹੈ। ਪੁਲਿਸ ਵੱਲੋਂ ਕੇਸ ਦਰਜ, ਕੁਝ ਹਮਲਾਵਰ ਕਾਬੂ : ਪੀੜਤ ਨੇ ਦੱਸਿਆ ਕਿ ਇਲਾਕੇ ਵਿਚ ਲੱਲਾ, ਨਿਤੇਸ਼ ਵਰਗੇ ਨਸ਼ਾ ਤਸਕਰ ਪਿਛਲੇ ਲੰਬੇ ਸਮੇਂ ਤੋਂ ਸਰਗਰਮ ਹਨ। ਇਸ ਸਬੰਧੀ ਪੰਚਾਇਤ ਵੱਲੋਂ ਪਹਿਲਾਂ ਵੀ ਕਈ ਵਾਰ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ। ਇਸ ਤਾਜ਼ਾ ਘਟਨਾ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਕੇਸ ਦਰਜ ਕਰਕੇ ਵਾਰਦਾਤ ਵਿਚ ਸ਼ਾਮਲ ਕੁਝ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।