- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਹਾਲੀ ਸ਼ਹਿਰ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ: ਮੇਅਰ

-ਮੇਅਰ ਸਰਬਜੀਤ ਸਮਾਣਾ ਨੇ ਫੇਜ਼-5 ’ਚ ਸੜਕ ਦਾ ਕੰਮ ਸ਼ੁਰੂ ਕਰਵਾਇਆ, ਲੱਡੂ ਵੰਡੇ
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ
ਮੁਹਾਲੀ : ਮੁਹਾਲੀ ਦੇ ਫੇਜ਼-5 ’ਚ ਸਰਕਾਰੀ ਆਈਟੀਆਈ ਦੇ ਸਾਹਮਣੇ ਵਾਲੀ ਸੜਕ ਦੇ ਨਿਰਮਾਣ ਅਤੇ ਪ੍ਰੀਮਿਕਸ ਪਾਉਣ ਦਾ ਕੰਮ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਕੰਮ ’ਤੇ 31 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਲਗਭਗ 1500 ਫੁੱਟ ਲੰਬੀ ਇਸ ਸੜਕ ਦੀ ਨਵੀਂ ਉਸਾਰੀ ਤਹਿਤ ਬੀਐਮ ਅਤੇ ਐੱਸਡੀਬੀਸੀ ਦੀਆਂ ਪਰਤਾਂ ਪਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਦਾ ਕੰਮ ਇਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਸਥਾਨਕ ਲੋਕਾਂ ਨੂੰ ਜਲਦੀ ਸੜਕੀ ਆਵਾਜਾਈ ਸਹੂਲਤ ਮਿਲ ਸਕੇ।
ਕਾਬਿਲੇਗੌਰ ਹੈ ਕਿ ਜਲ ਸਪਲਾਈ ਵਿਭਾਗ ਵੱਲੋਂ ਸੀਵਰੇਜ ਲਾਈਨ ਪਾਉਣ ਲਈ ਇਹ ਸੜਕ ਪੁੱਟੀ ਗਈ ਸੀ, ਪਰ ਬਾਅਦ ਵਿਚ ਲਗਭਗ ਢਾਈ ਸਾਲ ਤੱਕ ਸੜਕ ਦੀ ਉਸਾਰੀ ਨਹੀਂ ਕੀਤੀ ਗਈ। ਪਿਛਲੇ ਕਾਫ਼ੀ ਸਮੇਂ ਤੋਂ ਸੜਕ ਦੀ ਹਾਲਤ ਖ਼ਸਤਾ ਬਣੀ ਹੋਈ ਸੀ। ਇੱਥੇ ਆਈਟੀਆਈ ਸਮੇਤ ਆਮ ਆਦਮੀ ਕਲੀਨਿਕ ਅਤੇ ਮਾਰਕੀਟ ਵੀ ਹੈ। ਜਿੱਥੇ ਰੋਜ਼ਾਨਾ ਸੈਂਕੜੇ ਲੋਕ ਆਉਂਦੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਬਾਰਿਸ਼ ਦੇ ਦਿਨਾਂ ’ਚ ਸੜਕ ਤੋਂ ਲੰਘਣਾ ਕਾਫ਼ੀ ਮੁਸ਼ਕਲ ਹੋ ਜਾਂਦਾ ਸੀ। ਲੇਕਿਨ ਹੁਣ ਸੜਕ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਕੌਂਸਲਰ ਗੁਰਮੁੱਖ ਸੋਹਲ, ‘ਆਪ’ ਆਗੂ ਅਨੂ ਬੱਬਰ, ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਦਿਲਪ੍ਰੀਤ ਸਿੰਘ, ਲਾਇਨਜ਼ ਕਲੱਬ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਬਜਾਜ, ਸ਼ਾਮ ਲਾਲ ਗਰਗ, ਐੱਚਐੱਮ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਈਸ਼ ਕੁਮਾਰ, ਐੱਮਆਈਏ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਸੱਭਰਵਾਲ, ਮੁੱਖ ਇੰਜੀਨੀਅਰ ਨਰੇਸ਼ ਬੱਤਾ, ਨਿਗਰਾਨ ਇੰਜੀਨੀਅਰ ਕਮਲਦੀਪ ਸਿੰਘ ਸਮੇਤ ਨਗਰ ਨਿਗਮ ਦੇ ਅਧਿਕਾਰੀ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ’ਚ ਮੌਜੂਦ ਸਨ। ਜਿਨ੍ਹਾਂ ਨੇ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਨ ਲਈ ਮੇਅਰ ਦਾ ਮੂੰਹ ਮਿੱਠਾ ਕਰਵਾਇਆ ਅਤੇ ਹਾਜ਼ਰ ਲੋਕਾਂ ਨੂੰ ਲੱਡੂ ਵੰਡੇ।
ਬਾਕਸ :
ਫੇਜ਼-5 ਮਾਰਕੀਟ ਦੇ ਪਿੱਛੇ ਢਾਬਿਆਂ ਅਤੇ ਰੈਸਟੋਰੈਂਟਾਂ ਵੱਲੋਂ ਕਥਿਤ ਤੌਰ ’ਤੇ ਗੈਰ-ਕਾਨੂੰਨੀ ਢੰਗ ਨਾਲ ਸੀਵਰੇਜ ’ਚ ਰਹਿੰਦ-ਖੂੰਹਦ ਪਾਉਣ ਦੇ ਮਾਮਲੇ ਸਬੰਧੀ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਅਜਿਹਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਜੇਕਰ ਇਸ ਦੇ ਬਾਵਜੂਦ ਵੀ ਲੋਕਾਂ ਵੱਲੋਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਉਨ੍ਹਾਂ ਦੇ ਸੀਵਰੇਜ ਕੁਨੈਕਸ਼ਨ ਕੱਟੇ ਜਾਣਗੇ। ਮੇਅਰ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਅਤੇ ਜਨਤਕ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।