ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ
ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ
Publish Date: Mon, 02 Feb 2026 06:32 PM (IST)
Updated Date: Mon, 02 Feb 2026 06:34 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹਪੂਰਵਕ ਮਨਾਇਆ ਗਿਆ। ਪ੍ਰਕਾਸ਼ ਦਿਹਾੜੇ ਦੀ ਖੁੱਸ਼ੀ ਵਿਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਭਾਈ ਮਲਕੀਤ ਸਿੰਘ ਦੇ ਇੰਟਰਨੈਸ਼ਨ ਢਾਡੀ ਜਥੇ ਨੇ ਭਗਤ ਰਵਿਦਾਸ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿਚ ਵਿਸਥਾਰ ਸਹਿਤ ਜਾਣੂ ਕਰਵਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਗੁਰਬਚਨ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਭਗਤ ਰਵਿਦਾਸ ਜੀ ਦੁਆਰਾ ਉਚਾਰਨ ਕੀਤੀ ਗਈ ਧੁਰ ਕੀ ਬਾਣੀ ਦੇ 16 ਰਾਗਾਂ ਵਿਚ 40 ਸ਼ਬਦ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸੁਸ਼ੋਭਿਤ ਹੋਣ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਭਾਈ ਦਵਿੰਦਰ ਸਿੰਘ ਖ਼ਾਲਸਾ ਖੰਨ੍ਹੇ ਵਾਲਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਪਟਿਆਲੇ ਵਾਲੇ, ਬੀਬੀ ਜਸਲੀਨ ਕੌਰ ਲੁਧਿਆਣੇ ਵਾਲੇ, ਭਾਈ ਹਰਵਿੰਦਰ ਸਿੰਘ ਨੁਸ਼ਾਹਿਰਾ ਸਾਹਿਬ ਵਾਲੇ, ਭਾਈ ਗੁਰਸੇਵਕ ਸਿੰਘ ਗੁਰਦੁਆਰਾ ਨਾਢਾ ਸਾਹਿਬ ਵਾਲੇ, ਭਾਈ ਦਲੀਪ ਸਿੰਘ ਲੁਧਿਆਣੇ ਵਾਲੇ, ਭਾਈ ਗੁਰਲਾਲ ਸਿੰਘ, ਹਰਜੱਸ ਕੀਰਤਨੀ ਜਥਾ, ਭਾਈ ਹਰਪ੍ਰੀਤ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਦਰਬਾਰ ਸਾਹਿਬ ਜੀ ਨੂੰ ਬਾਹਰੋਂ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਹਰ ਵਿਭਾਗ ਦੇ ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।