ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਪੰਜ ਜਨਵਰੀ ਨੂੰ ਮਨਾਇਆ ਜਾਵੇਗਾ
ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ 05 ਜਨਵਰੀ ਨੂੰ
Publish Date: Fri, 02 Jan 2026 06:08 PM (IST)
Updated Date: Fri, 02 Jan 2026 06:11 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ 05 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉੁਤਸ਼ਾਹ ਪੂਰਵਕ ਮਨਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 03 ਜਨਵਰੀ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਹੋਣਗੇ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪ੍ਰਕਾਸ਼ ਪੁਰਬ ਵਾਲੇ ਦਿਨ 05 ਜਨਵਰੀ ਨੂੰ ਸਵੇਰੇ 10 ਵਜੇ ਪਾਏ ਜਾਣਗੇ, ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 03 ਜਨਵਰੀ ਨੂੰ ਨਗਰ ਕੀਰਤਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਵੇਰੇ 11 ਵਜੇ ਗੁ: ਸਿੰਘ ਸ਼ਹੀਦਾਂ ਤੋਂ ਅਰੰਭ ਹੋਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।