- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ ’ਤੇ ਸੀਬੀਆਈ ਵੱਲੋਂ ਕੀਤੀ ਛਾਪੇਮਾਰੀ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ ਹੈ ਤੇ ਹੁਣ ਭਾਜਪਾ ਪੰਜਾਬ ਦੀ ਜਨਤਾ ਤੋਂ ਮੈਨੂੰ ਮਿਲ ਰਹੇ ਪਿਆਰ ਤੋਂ ਘਬਰਾਅ ਗਈ ਹੈ।

ਜਾਗਰਣ ਬਿਊਰੋ, ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ ’ਤੇ ਸੀਬੀਆਈ ਵੱਲੋਂ ਕੀਤੀ ਛਾਪੇਮਾਰੀ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ ਹੈ ਤੇ ਹੁਣ ਭਾਜਪਾ ਪੰਜਾਬ ਦੀ ਜਨਤਾ ਤੋਂ ਮੈਨੂੰ ਮਿਲ ਰਹੇ ਪਿਆਰ ਤੋਂ ਘਬਰਾਅ ਗਈ ਹੈ।
ਇਸੇ ਲਈ ਭਾਜਪਾ ਪੰਜਾਬ ਸਰਕਾਰ ਤੇ ਮੈਨੂੰ ਬਦਨਾਮ ਕਰਨ ਲਈ ਹੁਣ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ। ਮੇਰੇ ਕੈਂਪ ਦਫ਼ਤਰ ’ਤੇ ਸੀਬੀਆਈ ਦੀ ਰੇਡ ਕਰਵਾ ਕੇ ਭਾਜਪਾ ਨੇ ਪੰਜਾਬ ਵਿਚ ਆਪਣੀ ਚੋਣ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਸਾਡੇ ਕੰਮ ਦਾ ਮੁਕਾਬਲਾ ਨਹੀਂ ਕਰ ਸਕਦੀ ਇਸ ਲਈ ਹੁਣ ਉਸ ਨੇ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਨੂੰ ਮੈਦਾਨ ਵਿਚ ਉਤਾਰ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਕੈਂਪ ਦਫ਼ਤਰ ’ਤੇ ਸੀਬੀਆਈ ਦੀ ਛਾਪੇਮਾਰੀ ਪੰਜਾਬ ਸਰਕਾਰ ਦੇ ਅਕਸ ਨੂੰ ਖ਼ਰਾਬ ਕਰਨ ਦੀ ਨਿਰਾਸ਼ਾਜਨਕ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਚੁਣੀ ਹੋਈ ਸੂਬਾ ਸਰਕਾਰ ਅਤੇ ਉਸ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਰਾਜਨੀਤਕ ਹਥਿਆਰਾਂ ਵਜੋਂ ਵਰਤੋਂ ਕੀਤੀ ਹੈ। ਇਸ ਤਰ੍ਹਾਂ ਦੇ ਕਦਮ ਉਨ੍ਹਾਂ ਦੀ ਸਰਕਾਰ ਨੂੰ ਪੰਜਾਬ ਦੀ ਜਨਤਾ ਦੀ ਸੇਵਾ ਕਰਨ ਦੀ ਵਚਨਬੱਧਤਾ ਤੋਂ ਪਿੱਛੇ ਨਹੀਂ ਹਟਾ ਸਕਦੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਜਪਾ ਕੇਂਦਰੀ ਏਜੰਸੀਆਂ ਦਾ ਸਹਾਰਾ ਇਸ ਲਈ ਲੈ ਰਹੀ ਹੈ ਕਿਉਂਕਿ ਉਹ ਸਿਆਸੀ ਤੌਰ ’ਤੇ ਸੂਬਾ ਸਰਕਾਰ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਅਤੇ ਈਡੀ ਵਰਗੀਆਂ ਏਜੰਸੀਆਂ ਨੂੰ ਸੁਤੰਤਰ ਅਤੇ ਨਿਰਪੱਖ ਤੌਰ ’ਤੇ ਕੰਮ ਕਰਨਾ ਚਾਹੀਦਾ ਹੈ, ਨਾ ਕਿ ਸਿਆਸੀ ਬਦਲਾਖੋਰੀ ਦਾ ਜ਼ਰੀਆ ਬਣਨਾ ਚਾਹੀਦਾ ਹੈ। ਜਾਂਚ ਏਜੰਸੀਆਂ ਨੂੰ ਬਿਨਾਂ ਕਿਸੇ ਸਿਆਸੀ ਦਖਲਅੰਦਾਜ਼ੀ ਦੇ ਆਪਣੀਆਂ ਸੰਵਿਧਾਨਕ ਤੇ ਕਾਨੂੰਨੀ ਜ਼ਿੰਮੇਵਾਰੀਆਂ ਨਿਭਾਉਣ ਦੀ ਪੂਰੀ ਛੋਟ ਹੋਣੀ ਚਾਹੀਦੀ ਹੈ। ਪੰਜਾਬ ਦੀ ਜਨਤਾ ਅੰਤ ਵਿਚ ਸਿਆਸੀ ਬਿਆਨਬਾਜ਼ੀ ਜਾਂ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਦੀ ਬਜਾਏ ਸਰਕਾਰਾਂ ਦਾ ਮੁਲਾਂਕਣ ਉਨ੍ਹਾਂ ਦੇ ਕੰਮ, ਉਨ੍ਹਾਂ ਦੇ ਸ਼ਾਸਨ ਅਤੇ ਲੋਕ ਭਲਾਈ ਦੇ ਅਧਾਰ ’ਤੇ ਕਰੇਗੀ।
ਦੂਜੇ ਪਾਸੇ, ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਬੌਖਲਾਹਟ ਸਾਫ਼ ਦਿਖਾਈ ਦੇ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ 'ਤੇ ਸੀਬੀਆਈ ਦੀ ਰੇਡ ਪਾ ਕੇ ਮਾਨ ਸਰਕਾਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੇਸ਼ ਵਿਚ ਈਡੀ ਅਤੇ ਸੀਬੀਆਈ ਜ਼ਰੀਏ ਲੋਕਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਇਸੇ ਲੜੀ ਵਿਚ ਸੀਬੀਆਈ ਨੇ ਸੁਪਰੀਮ ਕੋਰਟ ਵਿਚ ਸਾਡੀ ਪਟੀਸ਼ਨ ਦਾ ਇੰਤਜ਼ਾਰ ਕੀਤੇ ਬਿਨਾਂ 24 ਘੰਟਿਆਂ ਦੇ ਅੰਦਰ ਜੋ ਛਾਪੇਮਾਰੀ ਕੀਤੀ ਹੈ, ਉਹ ਪੰਜਾਬੀਆਂ ਨੂੰ ਡਰਾਉਣ ਦਾ ਯਤਨ ਹੈ।
ਸੀਬੀਆਈ ਰੇਡ ’ਤੇ ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ’ਤੇ ਸੀਬੀਆਈ ਦੇ ਛਾਪੇ ਜ਼ਰੀਏ ਭਾਜਪਾ ਨੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਪਿਛਲੇ ਪੌਣੇ ਪੰਜ ਸਾਲਾਂ ਵਿੱਚ ਭਗਵੰਤ ਮਾਨ ਸਰਕਾਰ ਨੇ ਜੋ ਕੰਮ ਕੀਤੇ ਹਨ, ਉਨ੍ਹਾਂ ਨੂੰ ਦੇਖ ਕੇ ਭਾਜਪਾ ਘਬਰਾਹਟ ਵਿਚ ਹੈ।