- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ 20 ਸਤੰਬਰ ਨੂੰ ਹੋਣ ਵਾਲੀਆਂ ਸੈਨੇਟ ਚੋਣਾਂ ਵਿੱਚ ਸਰਕਾਰੀ ਅਹੁਦੇ ਅਤੇ ਵਿਭਾਗੀ ਪ੍ਰਭਾਵ ਦੀ ਕਥਿਤ ਦੁਰਵਰਤੋਂ ਕਰਕੇ ਅਧਿਆਪਕਾਂ ਨੂੰ ਕਿਸੇ ਉਮੀਦਵਾਰ ਦੇ ਹੱਕ ਵਿੱਚ ਪ੍ਰਭਾਵਿਤ ਕਰਨ ਦੇ ਦੋਸ਼ਾਂ ’ਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐਫ) ਨੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ 20 ਸਤੰਬਰ ਨੂੰ ਹੋਣ ਵਾਲੀਆਂ ਸੈਨੇਟ ਚੋਣਾਂ ਵਿੱਚ ਸਰਕਾਰੀ ਅਹੁਦੇ ਅਤੇ ਵਿਭਾਗੀ ਪ੍ਰਭਾਵ ਦੀ ਕਥਿਤ ਦੁਰਵਰਤੋਂ ਕਰਕੇ ਅਧਿਆਪਕਾਂ ਨੂੰ ਕਿਸੇ ਉਮੀਦਵਾਰ ਦੇ ਹੱਕ ਵਿੱਚ ਪ੍ਰਭਾਵਿਤ ਕਰਨ ਦੇ ਦੋਸ਼ਾਂ ’ਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐਫ) ਨੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।
ਡੀਟੀਐਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਪ੍ਰਿੰਸੀਪਲ ਅਤੇ S.C.E.R.T. ਪੰਜਾਬ ਵਿੱਚ ਸਹਾਇਕ ਡਾਇਰੈਕਟਰ ਵਜੋਂ ਸੇਵਾ ਨਿਭਾ ਰਹੇ ਸ੍ਰੀ ਸ਼ੰਕਰ ਚੌਧਰੀ ਦੇ ਚੋਣ ਪ੍ਰਚਾਰ ਦੌਰਾਨ ਸਰਕਾਰੀ ਅਹੁਦੇ ਅਤੇ ਪ੍ਰਸ਼ਾਸਨਿਕ ਪ੍ਰਭਾਵ ਦੀ ਵਰਤੋਂ ਦੇ ਦੋਸ਼ ਸਾਹਮਣੇ ਆਏ ਹਨ।
ਆਗੂਆਂ ਨੇ ਦੋਸ਼ ਲਗਾਇਆ ਕਿ ਅੰਮ੍ਰਿਤਸਰ ਅਤੇ ਲੁਧਿਆਣਾ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਵਿਭਾਗੀ ਮੀਟਿੰਗਾਂ/ਗਤੀਵਿਧੀਆਂ ਦੇ ਨਾਮ ’ਤੇ ਅਧਿਆਪਕਾਂ ਨੂੰ ਇਕੱਠਾ ਕਰਕੇ ਉਕਤ ਉਮੀਦਵਾਰ ਦੇ ਹੱਕ ਵਿੱਚ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਇਲਾਵਾ S.C.E.R.T. ਨਾਲ ਜੁੜੇ D.R.C., B.R.C. ਅਤੇ C.R.C. ਪੱਧਰ ਦੇ ਅਧਿਕਾਰੀਆਂ/ਕਰਮਚਾਰੀਆਂ ਰਾਹੀਂ ਵੀ ਅਧਿਆਪਕਾਂ ’ਤੇ ਪ੍ਰਭਾਵ ਪਾਉਣ ਦੇ ਦੋਸ਼ ਹਨ।
ਡੀਟੀਐਫ ਨੇ ਪੰਜਾਬ ਸਰਕਾਰ, ਸਿੱਖਿਆ ਵਿਭਾਗ, S.C.E.R.T. ਪੰਜਾਬ ਅਤੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਦੋਸ਼ਾਂ ਦੀ ਤੁਰੰਤ, ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਸਰਕਾਰੀ ਅਹੁਦੇ ਜਾਂ ਮਸ਼ੀਨਰੀ ਦੀ ਦੁਰਵਰਤੋਂ ਸਾਬਤ ਹੁੰਦੀ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ।
ਆਗੂਆਂ ਨੇ ਕਿਹਾ ਕਿ ਹਰੇਕ ਉਮੀਦਵਾਰ ਨੂੰ ਚੋਣ ਪ੍ਰਚਾਰ ਦਾ ਬਰਾਬਰ ਅਧਿਕਾਰ ਹੈ, ਪਰ ਸਰਕਾਰੀ ਅਹੁਦੇ, ਵਿਭਾਗੀ ਮੀਟਿੰਗਾਂ ਜਾਂ ਪ੍ਰਸ਼ਾਸਨਿਕ ਪ੍ਰਭਾਵ ਦੀ ਵਰਤੋਂ ਕਰਕੇ ਅਧਿਆਪਕਾਂ ’ਤੇ ਵੋਟ ਲਈ ਦਬਾਅ ਬਣਾਉਣਾ ਜਮਹੂਰੀ ਚੋਣ ਪ੍ਰਕਿਰਿਆ ਦੀ ਮਰਿਆਦਾ ਦੇ ਵਿਰੁੱਧ ਹੈ। ਅਧਿਆਪਕਾਂ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਪ੍ਰਸ਼ਾਸਨਿਕ ਪ੍ਰਭਾਵ ਦੇ ਆਪਣੀ ਸੁਤੰਤਰ ਰਾਇ ਅਨੁਸਾਰ ਵੋਟ ਪਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ।