ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬ ਦੇ ਪਿੰਡਾਂ ਦੇ ਛੱਪੜਾਂ ਨੂੰ ਸਾਫ਼ ਕਰਨ ਦੀ ਵਿੱਢੀ ਗਈ ਮੁਹਿੰਮ ਦੀਆਂ ਹੁਣ ਤਕ ਦੀਆਂ ਪ੍ਰਾਪਤੀਆਂ ਉੱਤੇ ਤਸੱਲੀ ਪ੍ਰਗਟ ਕਰਦਿਆਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਨੂੰ ਇਸ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਹੈ ਤਾਂ ਜੋ ਇਹ ਕਾਰਜ ਹਰ ਹਾਲਤ 10 ਜੂਨ ਤੱਕ ਮੁਕੰਮਲ ਕੀਤਾ ਜਾ ਸਕੇ। ਬਾਜਵਾ ਨੇ ਕਿਹਾ ਕਿ 11 ਮਈ ਨੂੰ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਸੂਬੇ ਭਰ 'ਚ 12451 ਛੱਪੜਾਂ ਵਿਚੋਂ ਹੁਣ ਤਕ 3848 ਦਾ ਪਾਣੀ ਕੱਢਿਆ ਜਾ ਚੁੱਕਿਆ ਹੈ, ਜਦੋਂ ਕਿ 4500 ਛੱਪੜਾਂ ਵਿਚੋਂ ਪਾਣੀ ਕੱਢਣ ਦਾ ਕੰਮ ਚੱਲ ਰਿਹਾ ਹੈ, ਜੋ ਆਉਣ ਵਾਲੇ ਦੋ ਤਿੰਨ ਦਿਨਾਂ 'ਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ਦੇ 297 ਛੱਪੜਾਂ 'ਚੋਂ ਗਾਰ ਕੱਢ ਕੇ ਸਾਫ਼ ਕੀਤੇ ਜਾ ਚੁੱਕੇ ਹਨ ਅਤੇ 1304 ਛੱਪੜਾਂ ਵਿਚੋਂ ਗਾਰ ਕੱਢਣ ਦਾ ਕੰਮ ਜਾਰੀ ਹੈ। ਉਹਨਾਂ ਇਹ ਵੀ ਦਸਿਆ ਕਿ ਵਿਭਾਗ ਵਲੋਂ ਕਰਵਾਏ ਗਏ ਸਰਵੇਖਣ ਅਨੁਸਾਰ ਸੂਬੇ ਦੇ 12451 ਛੱਪੜਾਂ ਵਿਚੋਂ ਪਾਣੀ ਕੱਢਣ ਦੀ ਜਰੂਰਤ ਹੈ ਜਦੋਂ ਕਿ 7649 ਛੱਪੜਾਂ ਵਿਚੋਂ ਗਾਰ ਵੀ ਕੱਢਣ ਦੀ ਲੋੜ ਹੈ।

ਪੇਂਡੂ ਵਿਕਾਸ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਿਦਾਇਤ ਦਿੱਤੀ ਕਿ ਸੂਬੇ ਦੇ ਰਹਿੰਦੇ 4103 ਛੱਪੜਾਂ ਵਿਚੋਂ ਪਾਣੀ ਕੱਢਣ ਦਾ ਕੰਮ ਤੁਰੰਤ ਚਾਲੂ ਕਰਵਾਇਆ ਜਾਵੇ ਤਾਂ ਕਿ 10 ਜੂਨ ਤਕ ਸੂਬੇ ਦਾ ਇੱਕ ਵੀ ਛੱਪੜ ਸਾਫ਼ ਹੋਣ ਤੋਂ ਨਾ ਰਹਿ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਗਾਰ ਕੱਢਣ ਦੇ ਕੰਮ ਵਿਚ ਪਿੰਡ ਦੇ ਕਿਰਤੀਆਂ ਤੋਂ ਕਰਵਾਇਆ ਜਾਵੇ ਤਾਂ ਕਿ ਉਹਨਾਂ ਨੂੰ ਇਸ ਸੰਕਟ ਦੀ ਘੜੀ ਵਿਚ ਕੰਮ ਮਿਲ ਸਕੇ।

Posted By: Amita Verma